
ਕੋਵਿਡ ਵੈਕਸੀਨ ਘਪਲਾ: ਆਪ ਵਲੰਟੀਅਰਾਂ ਨੇ ਸਿਹਤ ਮੰਤਰੀ ਸਿੱਧੂ ਦੀ ਕੋਠੀ ਬਾਹਰ ਜ਼ਬਰਦਸਤ ਰੋਸ ਮੁਜ਼ਾਹਰਾ
ਆਪ ਵਲੰਟੀਅਰਾਂ ਵੱਲੋਂ ਪੁਲੀਸ ਰੋਕਾਂ ਤੋੜਕੇ ਸਿਹਤ ਮੰਤਰੀ ਦੀ ਕੋਠੀ ਵੱਲ ਕੂਚ, ਮੰਤਰੀ ਦਾ ਪੁਤਲਾ ਸਾੜਿਆ
ਮੁਹਾਲੀ ਪੁਲੀਸ ਨੇ ਗਗਨ ਅਨਮੋਲ ਸਣੇ ਕਈ ਆਗੂ ਤੇ ਵਲੰਟੀਅਰ ਹਿਰਾਸਤ ’ਚ ਲੈ ਕੇ ਥਾਣੇ ਡੱਕੇ
‘ਅਸੀਂ ਗ੍ਰਿਫ਼ਤਾਰੀਆਂ ਤੋਂ ਡਰਨ ਵਾਲੇ ਨਹੀਂ’: ਗਗਨ ਅਨਮੋਲ ਤੇ ਸਰਬਜੀਤ ਕੌਰ ਮਾਣੂਕੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੂਨ:
ਆਮ ਆਦਮੀ ਪਾਰਟੀ (ਆਪ) ਦੇ ਵਲੰਟੀਅਰਾਂ ਨੇ ਕੋਵਿਡ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਵੇਚਣ ਦਾ ਕਥਿਤ ਦੋਸ਼ ਲਗਾਉਂਦੇ ਹੋਏ ਐਤਵਾਰ ਨੂੰ ਇੱਥੋਂ ਦੇ ਫੇਜ਼-7 ਸਥਿਤ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਕੋਠੀ ਦੇ ਬਾਹਰ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਅਤੇ ਮੰਤਰੀ ਦਾ ਪੁਤਲਾ ਸਾੜਿਆਂ। ਆਪ ਵਲੰਟੀਅਰ ਅੱਜ ਇੱਥੇ ਫੇਜ਼-7 ਦੀ ਮਾਰਕੀਟ ਦੇ ਪਿੱਛੇ ਪਾਰਕਿੰਗ ਵਿੱਚ ਸਵੇਰੇ 12 ਵਜੇ ਹੀ ਇਕੱਠੇ ਹੋਣੇ ਸ਼ੁਰੂ ਹੋ ਗਏ ਅਤੇ ਦੁਪਹਿਰ 1 ਵਜੇ ਕਾਫ਼ੀ ਭੀੜ ਜਮ੍ਹਾ ਹੋ ਗਈ। ਜਿੱਥੇ ਉਨ੍ਹਾਂ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਅਤੇ ਸਿਹਤ ਮੰਤਰੀ ਨੂੰ ਰੱਜ ਕੇ ਕੋਸਿਆ। ਇਸ ਮਗਰੋਂ ਉਨ੍ਹਾਂ ਨੇ ਨਾਅਰੇਬਾਜ਼ੀ ਕਰਦਿਆਂ ਸਿਹਤ ਮੰਤਰੀ ਦੇ ਘਰ ਵੱਲ ਚਾਲੇ ਪਾ ਦਿੱਤੇ।
ਹਾਲਾਂਕਿ ਮੁਹਾਲੀ ਪੁਲੀਸ ਵੱਲੋਂ ਸਿੱਧੂ ਦੇ ਘਰ ਜਾਂਦੇ ਸਾਰੇ ਰਸਤਿਆਂ ਉੱਤੇ ਐਂਟਰੀ ਪੁਆਇੰਟਾਂ ’ਤੇ ਬੈਰੀਕੇਟ ਲਗਾ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸੀ ਪ੍ਰੰਤੂ ਆਪ ਵਲੰਟੀਅਰ ਪੁਲੀਸ ਰੋਕਾਂ ਤੋੜ ਕੇ ਅੱਗੇ ਵਧਦੇ ਚਲੇ ਗਏ। ਜਿਸ ਕਾਰਨ ਪੁਲੀਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਲੇਕਿਨ ਮੰਤਰੀ ਦੇ ਘਰ ਨੇੜਲੇ ਮੋੜ ਉੱਤੇ ਵੀ ਪੁਲੀਸ ਵੱਲੋਂ ਜ਼ਬਰਦਸਤ ਬੈਰੀਕੇਟ ਲਗਾ ਕੇ ਨਾਕਾਬੰਦੀ ਕੀਤੀ ਗਈ। ਜਿੱਥੇ ਵਲੰਟੀਅਰਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਜਿਵੇਂ ਹੀ ਆਪ ਵਲੰਟੀਅਰ ਜੋਰ ਜਮਾਉਣ ਲੱਗੇ ਤਾਂ ਪੁਲੀਸ ਨੇ ਆਪ ਆਗੂ ਤੇ ਗਾਇਕਾ ਗਗਨ ਅਨਮੋਲ ਮਾਨ, ਵਿਧਾਇਕ ਸਰਬਜੀਤ ਕੌਰ ਮਾਣੂਕੇ, ਜੈ ਸਿੰਘ ਰੋੜੀ ਸਮੇਤ ਸੈਂਕੜੇ ਵਲੰਟੀਅਰਾਂ ਨੂੰ ਹਿਰਾਸਤ ਵਿੱਚ ਲਿਆ ਅਤੇ ਮਟੌਰ ਥਾਣੇ ਦੀ ਚਾਰਦੀਵਾਰੀ ਅੰਦਰ ਡੱਕ ਦਿੱਤਾ।
ਇਸ ਮੌਕੇ ਆਪ ਆਗੂ ਗਗਨ ਅਨਮੋਲ ਮਾਨ, ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂਕੇ, ਜੈ ਸਿੰਘ ਰੋੜੀ ਤੇ ਅਮਰਜੀਤ ਸਿੰਘ ਸੰਦੋਆ, ਨਰਿੰਦਰ ਸਿੰਘ ਸ਼ੇਰਗਿੱਲ, ਪ੍ਰੋ. ਮੇਹਰ ਸਿੰਘ ਮੱਲ੍ਹੀ, ਜ਼ਿਲ੍ਹਾ ਪ੍ਰਧਾਨ ਗੋਵਿੰਦਰ ਮਿੱਤਲ, ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਮਲੋਆ, ਵਿਨੀਤ ਵਰਮਾ, ਪ੍ਰਭਜੋਤ ਕੌਰ, ਅਮਰਦੀਪ ਕੌਰ, ਗੁਰਿੰਦਰ ਸਿੰਘ ਕੈਰੋਂ, ਕੁਲਜੀਤ ਸਿੰਘ ਰੰਧਾਵਾ, ਹਰਜੀਤ ਸਿੰਘ ਅਤੇ ਚਿਰਾਗਦੀਪ ਸਿੰਘ ਆਹਲੂਵਾਲੀਆ ਨੇ ਦੋਸ਼ ਲਾਇਆ ਕਿ ਸਿਹਤ ਮੰਤਰੀ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਲੋਕ ਸਿਹਤ ਸੇਵਾਵਾਂ ਦੀ ਘਾਟ ਨਾਲ ਜੂਝ ਰਹੇ ਹਨ, ਦੂਜੇ ਪਾਸੇ ਸਰਕਾਰ ਨਿੱਜੀ ਹਸਪਤਾਲਾਂ ਨੂੰ ਮੁਨਾਫ਼ਾ ਦੇਣ ਵਿੱਚ ਲੱਗੀ ਹੋਈ ਹੈ।
ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੌਰਾਨ ਲੋਕਾਂ ਨੂੰ ਵੈਕਸੀਨ ਸਮੇਤ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਪ੍ਰੰਤੂ ਕੇਂਦਰ ਸਰਕਾਰ ਵੱਲੋਂ ਕਰੋਨਾ ਬਚਾਅ ਲਈ 400 ਰੁਪਏ ਪ੍ਰਤੀ ਡੋਜ਼ ਦੇ ਹਿਸਾਬ ਨਾਲ ਕੋ-ਵੈਕਸੀਨ ਦੀਆਂ ਭੇਜੀਆਂ 1 ਲੱਖ 40 ਹਜ਼ਾਰ ਖੁਰਾਕਾਂ ਲੋਕਾਂ ਨੂੰ ਮੁਫ਼ਤ ਵਿੱਚ ਮੁਹੱਈਆ ਕਰਵਾਉਣ ਦੀ ਥਾਂ 42 ਹਜ਼ਾਰ ਖ਼ੁਰਾਕਾਂ, 20 ਨਿੱਜੀ ਹਸਪਤਾਲਾਂ ਨੂੰ 1060 ਪ੍ਰਤੀ ਡੋਜ਼ ਦੇ ਹਿਸਾਬ ਨਾਲ ਵੇਚ ਦਿੱਤੀਆਂ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਨੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਜਿਸ ਲਈ ਉਨ੍ਹਾਂ ਨੂੰ ਨੈਤਿਕਤਾ ਦੇ ਅਧਾਰ ’ਤੇ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ।
ਗਗਨ ਅਨਮੋਲ ਮਾਨ ਅਤੇ ਵਿਧਾਇਕ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ‘ਅਸੀਂ ਗ੍ਰਿਫ਼ਤਾਰੀਆਂ ਤੋਂ ਡਰਨ ਵਾਲੇ ਨਹੀਂ ਹਾਂ’। ਸਰਕਾਰ ਪੁਲੀਸ ਦੇ ਡੰਡੇ ਨਾਲ ਲੋਕਾਂ ਦੀ ਆਵਾਜ਼ ਨੂੰ ਬੰਦ ਨਹੀਂ ਕਰਵਾ ਸਕਦੀ ਹੈ। ਉਨ੍ਹਾਂ ਸਮੁੱਚੇ ਮਾਮਲੇ ਦੀ ਸੀਬੀਆਈ ਤੋਂ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਜਦੋਂ ਤੱਕ ਸਿਹਤ ਮੰਤਰੀ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇ ਦਿੰਦੇ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਗੁਪਤ ਐਕਸ਼ਨ ਕੀਤੇ ਜਾਣਗੇ।