
ਤੇਜ਼ੀ ਨਾਲ ਫੈਲ ਰਿਹੈ ਕੋਵਿਡ ਦਾ ਨਵਾਂ ਸਰੂਪ, ਸਾਰੀਆਂ ਸਾਵਧਾਨੀਆਂ ਵਰਤਣ ਦੀ ਲੋੜ: ਸਿਵਲ ਸਰਜਨ
ਕੋਵਿਡ ਤੋਂ ਬਚਾਅ ਲਈ ਹਰੇਕ ਨਾਗਰਿਕ ਅਪਣੀ ਨੈਤਿਕ ਜ਼ਿੰਮੇਵਾਰੀ ਸਮਝੇ, ਸੈਂਪਲਿੰਗ ਤੇ ਟੀਕਾਕਰਨ ਮੁਹਿੰਮ ਤੇਜ਼
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ:
ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਕਰੋਨਾ ਮਹਾਮਾਰੀ ਦਾ ਪ੍ਰਕੋਪ ਵਧਣ ਕਾਰਨ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਮਹਾਮਾਰੀ ਤੋਂ ਬਚਾਅ ਲਈ ਤਮਾਮ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਬੀਮਾਰੀ ਨੂੰ ਠੱਲ੍ਹ ਪਾਉਣ ਲਈ ਪੂਰੀ ਜੱਦੋਜਹਿਦ ਕਰ ਰਿਹਾ ਹੈ ਪ੍ਰੰਤੂ ਲੋਕਾਂ ਨੂੰ ਵੀ ਅਪਣੀ ਜ਼ਿੰਮੇਵਾਰੀ ਸਮਝਦਿਆਂ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਪਾਉਣ, ਇਕ ਦੂਜੇ ਤੋਂ ਫਿਜ਼ੀਕਲ ਦੂਰੀ ਰੱਖਣ ਅਤੇ ਵਾਰ-ਵਾਰ ਹੱਥ ਧੋਣ ਜਿਹੇ ਬੁਨਿਆਦੀ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਸਿਵਲ ਸਰਜਨ ਨੇ ਕਿਹਾ ਕਿ ਕੋਵਿਡ-19 ਦਾ ਨਵਾਂ ਸਰੂਪ ‘ਓਮੀਕਰੋਨ’ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ ਪਰ ਇਸ ਤੋਂ ਘਬਰਾਉਣ ਦੀ ਬਜਾਏ ਲੋਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਅਤੇ ਟੀਕਾਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਜੇਕਰ ਲਗਾਤਾਰ ਖੰਘ, ਜ਼ੁਕਾਮ, ਬੁਖ਼ਾਰ ਹੋਵੇ ਤਾਂ ਸਰਕਾਰੀ ਹਸਪਤਾਲ ਵਿੱਚ ਜਾ ਕੇ ਡਾਕਟਰੀ ਸਲਾਹ ਲਈ ਜਾਵੇ ਅਤੇ ਕੋਵਿਡ ਟੈਸਟ ਕਰਵਾਇਆ ਜਾਵੇ। ਤੀਜੀ ਸੰਭਾਵੀ ਲਹਿਰ ਤੋਂ ਘਬਰਾਉਣ ਦੀ ਨਹੀਂ ਸਗੋਂ ਜ਼ਰੂਰੀ ਸਾਵਧਾਨੀਆਂ ਵਰਤ ਕੇ ਖ਼ੁਦ ਨੂੰ ਅਤੇ ਸਮਾਜ ਨੂੰ ਬਚਾਉਣ ਦੀ ਲੋੜ ਹੈ। ਲਿਹਾਜ਼ਾ ਭੀੜ ਵਿੱਚ ਜਾਣ ਤੋਂ ਬਚਿਆ ਜਾਵੇ।
ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੋਵਿਡ ਦੀ ਤੀਜੀ ਸੰਭਾਵੀ ਲਹਿਰ ਦੇ ਮੁਕਾਬਲੇ ਲਈ ਪਹਿਲਾਂ ਹੀ ਪੂਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ। ਜਿੱਥੇ ਵੱਖ-ਵੱਖ ਥਾਈਂ ਕੋਵਿਡ ਸੈਂਪਲਿੰਗ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ, ਉਥੇ ਕੋਵਿਡ ਟੀਕਾਕਰਨ ਦੇ ਕੰਮ ਵਿਚ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਇਸ ਤੋਂ ਇਲਾਵਾ ਹਸਪਤਾਲਾਂ ਵਿਚ ਬੈੱਡਾਂ ਦੀ ਗਿਣਤੀ ਵੀ ਕਾਫ਼ੀ ਵਧਾ ਦਿਤੀ ਗਈ ਹੈ। ਸਿਵਲ ਸਰਜਨ ਨੇ ਕਿਹਾ ਕਿ ਇਸ ਬੀਮਾਰੀ ਦੇ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਹ ਕਿਹਾ ਕਿ ਤੀਜੀ ਸੰਭਾਵੀ ਲਹਿਰ ਤੋਂ ਘਬਰਾਉਣ ਦੀ ਨਹੀਂ ਸਗੋਂ ਤਮਾਮ ਜ਼ਰੂਰੀ ਸਾਵਧਾਨੀਆਂ ਵਰਤ ਕੇ ਖ਼ੁਦ ਨੂੰ ਅਤੇ ਸਮਾਜ ਨੂੰ ਬਚਾਉਣ ਦੀ ਲੋੜ ਹੈ।
ਸਿਵਲ ਸਰਜਨ ਨੇ ਦੁਹਰਾਇਆ ਕਿ ਇਸ ਬੀਮਾਰੀ ਤੋਂ ਬਚਾਅ ਵਾਸਤੇ ਕੋਵਿਡ ਟੀਕਾਕਰਨ ਬਹੁਤ ਜ਼ਰੂਰੀ ਹੈ। ਜਿਹੜੇ ਲੋਕਾਂ ਨੇ ਹਾਲੇ ਤਕ ਵੀ ਕੋਵਿਡ ਤੋਂ ਬਚਾਅ ਲਈ ਕੋਈ ਵੀ ਟੀਕਾ ਨਹੀਂ ਲਗਵਾਇਆ ਜਾਂ ਜਿਨ੍ਹਾਂ ਨੇ ਦੂਜਾ ਟੀਕਾ ਨਹੀਂ ਲਗਵਾਇਆ, ਉਹ ਤੁਰੰਤ ਟੀਕਾਕਰਨ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੋਵਿਡ ਟੀਕਾਕਰਨ ਬਿਲਕੁਲ ਮੁਫ਼ਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਟੀਕਾਕਰਨ ਮਗਰੋਂ ਵੀ ਕਿਸੇ ਕਾਰਨ ਕੋਵਿਡ ਦੀ ਲਾਗ ਲੱਗ ਜਾਂਦੀ ਹੈ ਤਾਂ ਟੀਕਾਕਰਨ ਕਰਵਾ ਚੁੱਕੇ ਵਿਅਕਤੀ ਨੂੰ ਹਸਪਤਾਲ ‘ਚ ਦਾਖ਼ਲ ਹੋਣ ਜਾਂ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਉਨ੍ਹਾਂ ਇਹ ਵੀ ਕਿਹਾ ਕਿ ਭੀੜ ਵਿੱਚ ਜਾਣ ਤੋਂ ਬਚਿਆ ਜਾਵੇ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਵੀ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ।