ਸੀਪੀਐਫ਼ ਐਂਪਲਾਈਜ਼ ਯੂਨੀਅਨ ਵੱਲੋਂ ਕੈਪਟਨ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਪੰਜਾਬ ਵਿੱਚ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ

ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਸਰਕਾਰ ਖ਼ਿਲਾਫ਼ ਪਰਿਵਾਰਾਂ ਸਮੇਤ ਡਟਣਗੇ ਪੰਜਾਬ ਦੇ ਮੁਲਾਜ਼ਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਨਵੰਬਰ:
ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੀਪੀਐਫ਼ ਐਂਪਲਾਈਜ਼ ਯੂਨੀਅਨ ਵੱਲੋਂ ਅੱਜ ਇੱਥੋਂ ਫੇਜ਼-8 ਸਥਿਤ ਸਿੱਖਿਆ ਬੋਰਡ ਅਤੇ ਪੁੱਡਾ ਭਵਨ ਨੇੜੇ ਲਾਲ ਬੱਤੀ ਚੌਕ ’ਤੇ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕਰਦਿਆਂ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਧਰਨਾ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਮੁਹਾਲੀ ਇਕਾਈ ਦੇ ਪ੍ਰਧਾਨ ਸ਼ਿਵ ਕੁਮਾਰ ਰਾਣਾ, ਜਨਰਲ ਸਕੱਤਰ ਅਮਿਤ ਕਟੋਚ, ਸੂਬਾ ਕਮੇਟੀ ਮੈਂਬਰ ਤਜਿੰਦਰ ਸਿੰਘ, ਪਰਮਿੰਦਰ ਸਿੰਘ, ਸਤਨਾਮ ਸਿੰਘ, ਸ਼ਵਿੰਦਰ ਸਿੰਘ, ਵੀਰਪਾਲ ਕੌਰ, ਵਰਿੰਦਰ ਕੌਰ, ਰਮਨਜੀਤ ਕੌਰ, ਅੰਜੂ ਸ਼ਰਮਾ, ਰਜਨੀ ਪਟਿਆਲ ਅਤੇ ਬਲਜਿੰਦਰ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ।
ਯੂਨੀਅਨ ਆਗੂਆਂ ਸ਼ਿਵ ਕੁਮਾਰ ਰਾਣਾ ਅਤੇ ਅਮਿਤ ਕਟੋਚ ਨੇ ਕਿਹਾ ਕਿ ਪੂਰੀ ਜ਼ਿੰਦਗੀ ਨੌਕਰੀ ਕਰ ਚੁੱਕੇ ਮੁਲਾਜ਼ਮ ਲਈ ਸਿਰਫ਼ ਪੈਨਸ਼ਨ ਹੀ ਬੁਢਾਪੇ ਦਾ ਸਹਾਰਾ ਬਣਦੀ ਹੈ, ਪ੍ਰੰਤੂ ਸਰਕਾਰਾਂ ਹੁਣ ਮੁਲਾਜ਼ਮਾਂ ਤੋਂ ਇਹ ਹੱਕ ਵਿੱਚ ਖੋਹਣ ’ਤੇ ਲੱਗੀਆਂ ਹੋਈਆਂ ਹਨ ਜਦੋਂਕਿ ਮੰਤਰੀ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਕਈ ਕਈ ਪੈਨਸ਼ਨਾਂ ਅਤੇ ਹੋਰ ਨਵਾਬੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਵਾਰ ਵਿਧਾਨ ਸਭਾ ਅਤੇ ਲੋਕ ਸਭਾ ਦੀਆਂ ਪੌੜੀਆਂ ਚੜ੍ਹਨ ਵਾਲਾ ਵਿਧਾਇਕ ਅਤੇ ਸੰਸਦ ਮੈਂਬਰ ਪੂਰੀ ਜ਼ਿੰਦਗੀ ਪੈਨਸ਼ਨ ਲੈਣ ਦਾ ਹੱਕਦਾਰ ਬਣ ਜਾਂਦਾ ਹੈ, ਪ੍ਰੰਤੂ 30-35 ਸਾਲ ਸਰਵਿਸ ਕਰਨ ਵਾਲੇ ਕਰਮਚਾਰੀ ਨੂੰ ਸਰਕਾਰ ਨੇ ਪੈਨਸ਼ਨ ਤੋਂ ਵਾਂਝਾ ਕਰ ਦਿੱਤਾ ਹੈ।
ਬੁਲਾਰਿਆਂ ਨੇ ਕਿਹਾ ਕਿ ਮੌਜੂਦਾ ਸਕੀਮ ਤੋਂ ਪ੍ਰਭਾਵਿਤ ਢਾਈ ਲੱਖ ਮੁਲਾਜ਼ਮ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪਰਿਵਾਰਾਂ ਸਮੇਤ ਸੱਤਾਧਾਰੀ ਪਾਰਟੀ ਕਾਂਗਰਸ ਦੇ ਉਮੀਦਵਾਰਾਂ ਦਾ ਡੱਟ ਕੇ ਵਿਰੋਧ ਕਰਨਗੇ ਅਤੇ ਸਾਲ 2017 ਦੀਆਂ ਚੋਣਾਂ ਦੌਰਾਨ ਜਾਰੀ ਚੋਣ ਮਨੋਰਥ ਪੱਤਰ ਵਿੱਚ ਦਰਜ ਮੁਲਾਜ਼ਮ ਮੰਗਾਂ ਬਾਰੇ ਸਵਾਲ ਪੁੱਛਣਗੇ। ਉਨ੍ਹਾਂ ਮੰਗ ਕੀਤੀ ਕਿ ਚੋਣ ਵਾਅਦੇ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਇਸ ਮੌਕੇ ਪੈਨਸ਼ਨਰ ਤੇ ਮੁਲਾਜ਼ਮ ਆਗੂ ਕਰਮ ਸਿੰਘ ਧਨੋਆ, ਗੁਰਮੇਲ ਸਿੰਘ ਸਿੱਧੂ ਨੇ ਵੀ ਆਪਣੇ ਸਾਥੀਆਂ ਸਮੇਤ ਪਹੁੰਚ ਕੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸਬੰਧੀ ਇਸ ਮੰਗ ਦਾ ਸਮਰਥਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…