ਸਾਰੇ ਦਿਵਿਆਂਗ ਵਿਅਕਤੀਆਂ ਦੇ ਯੂਡੀਆਈਡੀ ਕਾਰਡ ਬਣਾਏ ਜਾਣ: ਏਡੀਸੀ ਬਰਾੜ

ਯੂੀਡੀਆਈਡੀ ਕਾਰਡ ਸਾਰੇ ਮੁਲਕ ਵਿੱਚ ਵੈਲਿਡ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੂਨ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਲੋਕ ਭਲਾਈ ਸਕੀਮਾਂ ਦੀ ਸਮੀਖਿਆ ਕਰਨ ਸਬੰਧੀ ਸੋਮਵਾਰ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਵੱਲੋਂ ਵੱਖ-ਵੱਖ ਭਲਾਈ ਸਕੀਮਾਂ ਅਧੀਨ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਸਮੇਂ ਸਮੇਂ ’ਤੇ ਲੋਕਾਂ ਨੂੰ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇ।
ਹੋਰ ਵਧੇਰੇ ਜਾਣਕਾਰੀ ਦਿੰਦਿਆਂ ਏਡੀਸੀ ਸ੍ਰੀਮਤੀ ਬਰਾੜ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਾਰੇ ਦਿਵਿਆਂਗ ਵਿਅਕਤੀਆਂ ਦੇ ਵਿਲੱਖਣ ਅਪੰਗਤਾ ਸ਼ਨਾਖ਼ਤੀ ਕਾਰਡ (ਯੂੀਡੀਆਈਡੀ) ਬਣਾਏ ਜਾ ਰਹੇ ਹਨ, ਉਨ੍ਹਾਂ ਦੱਸਿਆ ਅੰਗਹੀਣਤਾ ਦੀ ਪ੍ਰਤੀਸ਼ਤਤਾ ਭਾਵੇਂ ਕਿੰਨੇ ਵੀ ਪ੍ਰਤੀਸ਼ਤ ਕਿਉਂ ਨਾ ਹੋਵੇ ਇਹ ਸ਼ਨਾਖ਼ਤੀ ਕਾਰਡ ਸਾਰੇ ਦਿਵਿਆਂਗ ਵਿਅਕਤੀਆਂ ਦੇ ਬਣਾਏ ਜਾ ਰਹੇ ਹਨ। ਦਿਵਿਆਂਗਤਾ ਦੀ ਪੁਸ਼ਟੀ ਕਰਨ ਲਈ ਇਹ ਇੱਕ ਅਜਿਹਾ ਦਸਤਾਵੇਜ਼ ਹੈ ਜੋ ਸਾਰੇ ਮੁਲਕ ਵਿੱਚ ਵੈਲਿਡ ਹੈ, ਜਿਸ ਰਾਹੀਂ ਦਿਵਿਆਂਗ ਵਿਅਕਤੀ ਉਨ੍ਹਾਂ ਨੂੰ ਮਿਲਣ ਵਾਲੇ ਕਈ ਪ੍ਰਕਾਰ ਦੇ ਲਾਭ ਲੈਣ ਲਈ ਇਸਦਾ ਇਸਤੇਮਾਲ ਕਰ ਸਕਦੇ ਹਨ। ਇਹ ਕਾਰਡ ਦਿਵਿਆਂਗ ਵਿਅਕਤੀਆਂ ਨੂੰ ਰੇਲਵੇ ਕਾਉਂਟਰਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਵੀ ਲਾਭ ਲੈਣ ਸਮੇਂ ਸਹਾਈ ਸਿੱਧ ਹੋਣਗੇ। ਕੋਈ ਵੀ ਦਿਵਿਆਂਗ ਵਿਅਕਤੀਆਂ ਦੇ ਵਿਲੱਖਣ ਅਪੰਗਤਾ ਸ਼ਨਾਖ਼ਤੀ ਕਾਰਡ (ਯੂੀਡੀਆਈਡੀ) ਬਣਾਉਣ ਲਈ ਸਰਕਾਰ ਦੀ ਵੈਬਸਾਈਟ http://www.swavlambancard.gov.in ’ਤੇ ਰਜਿਸਟੇ੍ਰਸ਼ਨ ਕਰ ਸਕਦਾ ਹੈ।
ਇਸ ਤੋਂ ਇਲਾਵਾ ਸ੍ਰੀਮਤੀ ਬਰਾੜ ਵੱਲੋਂ ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਸ਼ੀਰਵਾਦ ਸਕੀਮ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਤੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਾਰੀਆਂ ਲੋਕ ਭਲਾਈ ਸਕੀਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ ਰਾਹੀ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਰਵਿੰਦਰਪਾਲ ਸਿੰਘ ਸੰਧੂ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਦੀ ਜ਼ਿਲ੍ਹਾ ਕੰਟਰੋਲਰ ਡਾ. ਕਿੰਮੀ ਵਿਨੀਤ ਕੌਰ ਸੇਠੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਵਿਕਰੇਤਾ ਤੇ ਛੋਟੇ ਕਿਸਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ ‘ਹਫ਼ਤਾਵਾਰੀ ਮੰਡੀਆਂ’

ਵਿਕਰੇਤਾ ਤੇ ਛੋਟੇ ਕਿਸਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ ‘ਹਫ਼ਤਾਵਾਰੀ ਮੰਡੀਆਂ’ ਸ਼ਹਿਰ ਵਿੱਚ ਲੱਗ…