Nabaz-e-punjab.com

ਪਿੰਡ ਦਾਊਂ ਵਿੱਚ ਪਤੀ ਪਤਨੀ ਦਾ ਇਕੋ ਚਿਤਾ ਵਿੱਚ ਰੱਖ ਕੇ ਕੀਤਾ ਅੰਤਿਮ ਸਸਕਾਰ, ਪਿੰਡ ਵਿੱਚ ਸੋਗ ਦੀ ਲਹਿਰ

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਹੋਰਨਾਂ ਆਗੂਆਂ ਨੇ ਪੀੜਤ ਪਰਿਵਾਰ ਨਾਲ ਕੀਤਾ ਦੁਖ ਸਾਂਝਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੂਨ:
ਇੱਥੋਂ ਦੇ ਨਜ਼ਦੀਕੀ ਇਤਿਹਾਸਕ ਪਿੰਡ ਦਾਊਂ ਵਿੱਚ ਸੋਮਵਾਰ ਨੂੰ ਉਸ ਸਮੇਂ ਮਾਤਮ ਛਾ ਗਿਆ ਜਦੋਂਕਿ ਸੜਕ ਹਾਦਸੇ ਵਿੱਚ ਫੌਤ ਹੋਏ ਜਸਵੀਰ ਸਿੰਘ ਅਤੇ ਉਸ ਦੀ ਪਤਨੀ ਬਬਲੀ ਦੇਵੀ (ਮੈਂਬਰ ਪੰਚਾਇਤ) ਦਾ ਇਕੋ ਚਿਤਾ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਮੌਜੂਦ ਸਨ। ਉਨ੍ਹਾਂ ਪਤੀ ਪਤਨੀ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਹ ਵਾਹਿਗੁਰੂ ਦਾ ਭਾਣਾ ਹੈ ਅਤੇ ਵਾਹਿਗੁਰੂ ਅੱਗੇ ਕਿਸੇ ਦਾ ਵੀ ਜੋਰ ਨਹੀਂ ਚਲਦਾ। ਉਨ੍ਹਾਂ ਪਿੱਛੇ ਪਰਿਵਾਰ ਨੂੰ ਹਰ ਪੱਖੋਂ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।
ਇਕੱਤਰ ਜਾਣਕਾਰੀ ਅਨੁਸਾਰ ਜਸਵੀਰ ਸਿੰਘ ਅਤੇ ਉਸ ਦੀ ਪਤਨੀ ਬਬਲੀ ਦੇਵੀ ਐਤਵਾਰ ਨੂੰ ਪਿੰਡ ਸਹੌੜਾ ਵਿੱਚ ਆਪਣੇ ਕਿਸੇ ਨਜ਼ਦੀਕੀ ਰਿਸ਼ਤੇਦਾਰ ਦੇ ਘਰ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਗਏ ਸੀ। ਸਮਾਗਮ ਤੋਂ ਬਾਅਦ ਉਹ ਐਕਟਿਵਾ ’ਤੇ ਸਵਾਰ ਹੋ ਕੇ ਵਾਪਸ ਆਪਣੇ ਘਰ ਪਰਤ ਰਹੇ ਸੀ ਕਿ ਸਹੌੜਾ ਬੱਸ ਅੱਡੇ ਨੇੜੇ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਪੰਚ ਬਬਲੀ ਦੇਵੀ ਦੀ ਮੌਕੇ ’ਤੇ ਮੌਤ ਹੋ ਗਈ ਜਦੋਂਕਿ ਉਸ ਦੇ ਪਤੀ ਜਸਵੀਰ ਸਿੰਘ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਪੀਜੀਆਈ ਲਿਜਾਇਆ ਗਿਆ। ਲੇਕਿਨ ਪੀਜੀਆਈ ਪਹੁੰਚਣ ਤੋਂ ਪਹਿਲਾਂ ਹੀ ਰਸ਼ਤੇ ਵਿੱਚ ਪਤੀ ਨੇ ਵੀ ਦਮ ਤੋੜ ਦਿੱਤਾ। ਸ੍ਰੀਮਤੀ ਬਬਲੀ ਦੇਵੀ ਪਹਿਲੀ ਵਾਰ ਪਿੰਡ ਦੀ ਪੰਚ ਚੁਣੀ ਗਈ ਸੀ। ਅੱਜ ਸਰਕਾਰੀ ਹਸਪਤਾਲ ਵਿੱਚ ਪੋਸਟ ਮਾਰਟਮ ਤੋਂ ਬਾਅਦ ਪਤੀ ਪਤਨੀ ਦੀ ਲਾਸ਼ਾਂ ਨੂੰ ਇਕ ਚਿਤਾ ਵਿੱਚ ਰੱਖ ਕੇ ਅੰਤਿਮ ਸਸਕਾਰ ਕੀਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਪਿੰਡ ਦਾਊਂ ਦੇ ਸਰਪੰਚ ਅਜਮੇਰ ਸਿੰਘ, ਪੰਚ ਗੁਰਮੀਤ ਸਿੰਘ, ਚਰਨਜੀਤ ਸਿੰਘ, ਜਸਵੰਤ ਸਿੰਘ, ਹਰਵਿੰਦਰ ਸਿੰਘ, ਜਸਦੀਪ ਸਿੰਘ ਅਤੇ ਬਲਜਿੰਦਰ ਸਿੰਘ ਅਤੇ ਸਾਬਕਾ ਸਰਪੰਚ ਅਵਤਾਰ ਸਿੰਘ ਗੋਸਲ, ਗਿਆਨ ਸਿੰਘ, ਗੁਰਦੇਵ ਸਿੰਘ, ਗੁਰਨਾਮ ਸਿੰਘ, ਅਮਰ ਸਿੰਘ, ਗੁਰਦਾਸ ਸਿੰਘ, ਏਐਸਆਈ ਗੁਰਨਾਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਨਜ਼ਦੀਕੀ ਰਿਸ਼ਤੇਦਾਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…