ਝੋਨੇ ਦੀ ਸਰਕਾਰੀ ਖ਼ਰੀਦ ਬਦਲੇ ਕਿਸਾਨਾਂ ਨੂੰ 211 ਕਰੋੜ 41 ਲੱਖ ਰੁਪਏ ਦੀ ਅਦਾਇਗੀ ਕੀਤੀ: ਡੀਸੀ

ਮੰਡੀਆਂ ਵਿੱਚ ਬਾਰਦਾਨਾ ਅਤੇ ਸਾਧਨਾਂ ਦੀ ਆਵਾਜਾਈ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1 ਲੱਖ 38 ਹਜ਼ਾਰ 983 ਮੀਟਰਿਕ ਟਨ ਝੋਨੇ ਦੀ ਖ਼ਰੀਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਮੰਡੀਆਂ ਵਿੱਚ ਹੁਣ ਤੱਕ 1 ਲੱਖ 39 ਹਜ਼ਾਰ 103 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ’ਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ 1 ਲੱਖ 38 ਹਜ਼ਾਰ 983 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੰਡੀਆਂ ’ਚੋਂ 1 ਲੱਖ 15 ਹਜ਼ਾਰ 085 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦੇ ਬਦਲੇ ਕਿਸਾਨਾਂ ਨੂੰ 211 ਕਰੋੜ 41 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡੀਸੀ ਨੇ ਦੱਸਿਆ ਕਿ ਖ਼ਰੀਦ ਏਜੰਸੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਮੰਡੀਆਂ ਵਿੱਚ ਝੋਨਾ ਵੇਚਣ ਲਈ ਆਏ ਕਿਸਾਨਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਮਿਸ਼ਨ ਏਜੰਟਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਖ਼ਰੀਦ ਕੀਤੇ ਝੋਨੇ ਦੀ ਨਿਰਵਿਘਨ ਲਿਫ਼ਟਿੰਗ ਨੂੰ ਯਕੀਨੀ ਬਣਾਉਣ ਲਈ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਪੂਰਾ ਸਹਿਯੋਗ ਦੇਣ ਅਤੇ ਲਿਫ਼ਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਖ਼ਰੀਦ ਮਾਮਲੇ ਵਿੱਚ ਲਾਪਰਵਾਹੀ ਅਤੇ ਅਧਿਕਾਰੀਆਂ ਦੀ ਲੇਟਲਤੀਫ਼ੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਬਾਰਦਾਨਾ, ਸਾਧਨਾਂ ਦੀ ਆਵਾਜਾਈ ਅਤੇ ਲੇਬਰ ਆਦਿ ਦਾ ਯੋਗ ਪ੍ਰਬੰਧ ਯਕੀਨੀ ਰੱਖਿਆ ਜਾਵੇ।
ਸ੍ਰੀ ਦਿਆਲਨ ਨੇ ਦੱਸਿਆ ਕਿ ਪਨਗਰੇਨ ਨੇ 33 ਹਜ਼ਾਰ 112 ਮੀਟਰਿਕ ਟਨ, ਮਾਰਕਫੈੱਡ ਨੇ 54 ਹਜ਼ਾਰ 019 ਮੀਟਰਿਕ ਟਨ, ਪਨਸਪ ਨੇ 24 ਹਜ਼ਾਰ 197 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 17 ਹਜ਼ਾਰ 677 ਮੀਟਰਿਕ ਟਨ, ਐਫ਼ਸੀਆਈ ਨੇ 9 ਹਜ਼ਾਰ 794 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਜਦੋਂਕਿ ਪ੍ਰਾਈਵੇਟ ਵਾਪਰੀਆਂ ਵੱਲੋਂ 184 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਡੀਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ, ਉੱਥੇ ਹੀ ਫਸਲ ਦਾ ਝਾੜ ਵੀ ਵਧੀਆ ਨਿਕਲਦਾ ਹੈ। ਜਦੋਂਕਿ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਣ ਹੋਣ ਦੇ ਨਾਲ-ਨਾਲ ਮਨੁੱਖੀ ਸਿਹਤ ਨੂੰ ਵੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆਂ ਰਹਿੰਦਾ ਹੈ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…