ਮੁੱਖ ਸਕੱਤਰ ਵਿਨੀ ਮਹਾਜਨ ਨੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ, 30 ਜੂਨ ਤੱਕ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼

ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਜੀ ਤੌਰ ਤੇ ਕੰਮਾਂ ਦੀ ਨਿਗਰਾਨੀ ਕਰਨ ਲਈ ਕਿਹਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 18 ਜੂਨ:
ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਸੂਬੇ ਦੇ ਜਲ ਸਰੋਤ ਵਿਭਾਗ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਰਾਜ ਵਿੱਚ ਡਰੇਨਾਂ ਦੀ ਸਫਾਈ ਅਤੇ ਚਲ ਰਹੇ ਹੋਰ ਹੜ੍ਹ ਰੋਕੂ ਪ੍ਰਬੰਧਾਂ ਨੂੰ 30 ਜੂਨ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਹਨਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਜ਼ਿਲ੍ਹਿਆਂ ਵਿੱਚ ਚੱਲ ਰਹੇ ਕੰਮਾਂ ਦਾ ਨਿਰੀਖਣ ਕਰਨ ਲਈ ਨਿਜੀ ਤੌਰ ਤੇ ਦੌਰਾ ਕਰਨ ਲਈ ਵੀ ਕਿਹਾ। ਇਥੇ ਰਾਜ ਵਿੱਚ ਹੜ੍ਹਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਜਲ ਸਰੋਤ ਵਿਭਾਗ ਨੂੰ ਹਦਾਇਤ ਕੀਤੀ ਕਿ ਸੰਵੇਦਨਸ਼ੀਲ ਥਾਵਾਂ ਉੱਤੇ ਹੜ੍ਹਾਂ ਦੀ ਰੋਕਥਾਮ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਨਾਲ ਸਲਾਹ-ਮਸ਼ਵਰਾ ਕਰਕੇ ਤਰਜੀਹੀ ਤੌਰ ’ਤੇ ਪ੍ਰਬੰਧ ਯਕੀਨੀ ਬਣਾਏ ਜਾਣ। ਉਹਨਾਂ ਵਿੱਤ ਵਿਭਾਗ ਨੂੰ ਹਦਾਇਤ ਕੀਤੀ ਕਿ ਮੌਜੂਦਾ ਮਾਨਸੂਨ ਮੌਸਮ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੇ ਫੰਡ ਜਾਰੀ ਕੀਤੇ ਜਾਣ।
ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਹੜ੍ਹਾਂ ਦੀ ਰੋਕਥਾਮ ਲਈ 58.64 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਕੀਤੇ ਜਾ ਰਹੇ ਹਨ ਅਤੇ ਡਰੇਨਾਂ ਦੀ ਸਫਾਈ ਦਾ ਕੰਮ 35.56 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਡਰੇਨਾਂ ਦੀ ਸਫਾਈ ਅਤੇ ਹੜ੍ਹਾਂ ਨੂੰ ਰੋਕਣ ਸਬੰਧੀ ਸਾਰੇ ਉਪਾਅ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ 1 ਜੁਲਾਈ ਤੋਂ ਅਧਿਕਾਰਤ ਵਟਸਐਪ ਗਰੁੱਪ ਜ਼ਿਲਾ ਅਤੇ ਸੂਬਾ ਪੱਧਰ ‘ਤੇ ਜਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਲਈ ਐਕਟਿਵ ਕਰ ਦਿੱਤੇ ਜਾਣਗੇ। ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਇਸ ਗਰੁੱਪ ਦੇ ਮੈਂਬਰ ਹੋਣਗੇ ਅਤੇ ਸੂਬੇ ਦੇ ਕਿਸੇ ਵੀ ਹਿੱਸੇ ਵਿਚ ਜੇ ਹੜ੍ਹਾਂ ਵਰਗੀ ਸਥਿਤੀ ਬਣਦੀ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਸਾਂਝੀ ਕਰਨਗੇ ਤਾਂ ਜੋ ਸਮੇਂ ਸਿਰ ਅਤੇ ਢੁਕਵੇਂ ਰਾਹਤ ਕਾਰਜਾਂ ਨੂੰ ਯਕੀਨੀ ਬਣਾਇਆ ਜਾ ਸਕੇ।
ਮੁੱਖ ਸਕੱਤਰ ਨੇ ਸਮੇਂ ਸਿਰ ਬਚਾਅ ਅਤੇ ਰਾਹਤ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧ ਵਿਭਾਗ ਨੂੰ ਹਦਾਇਤ ਕੀਤੀ ਕਿ ਮਾਨਸੂਨ ਦੇ ਸਿਖਰ ’ਤੇ ਪਹੁੰਚਣ ਤੋਂ ਪਹਿਲਾਂ ਨਾਜ਼ੁਕ ਜ਼ਿਲਿਆਂ ਨੂੰ ਹੜ ਰੋਕੂ ਅਤੇ ਬਚਾਅ ਯੰਤਰਾਂ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਟੈਂਟਾਂ, ਬਾਲਣ, ਵਾਧੂ ਬਿਜਲੀ ਦੀ ਵਿਵਸਥਾ ਅਤੇ ਸੁੱਕਾ ਰਾਸ਼ਨ, ਪੀਣ ਵਾਲਾ ਪਾਣੀ, ਮਾਸਕ, ਸੈਨੇਟਾਈਜਰ ਅਤੇ ਨਿੱਜੀ ਸਫਾਈ ਉਤਪਾਦਾਂ ਸਮੇਤ ਜ਼ਰੂਰੀ ਵਸਤਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਵੀ ਕਿਹਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਰਵਨੀਤ ਕੌਰ ਅਤੇ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਏ.ਕੇ. ਸਿਨਹਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…