
ਖੇਤੀ ਕਾਨੂੰਨ: ਸੀਟੀਯੂ ਪੈਨਸ਼ਨਰਜ਼ ਕਮੇਟੀ ਦੇ ਪ੍ਰਧਾਨ ਤੇ ਹੋਰ ਭੁੱਖ-ਹੜਤਾਲ ’ਤੇ ਬੈਠੇ
ਕਿਸਾਨ ਮੋਰਚੇ ਦੇ ਹੱਕ ਵਿੱਚ ਲੜੀਵਾਰ ਭੁੱਖ-ਹੜਤਾਲ ਦੇ 88ਵੇਂ ਦਿਨ ਵਿੱਚ ਦਾਖ਼ਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਸਤੰਬਰ:
ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਪੁਆਧ ਇਲਾਕਾ (ਮੁਹਾਲੀ) ਦੇ ਸਹਿਯੋਗ ਨਾਲ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਤੇ ਧਰਨਾ ਵੀਰਵਾਰ ਨੂੰ 88ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਸੀਟੀਯੂੂ ਪੈਨਸ਼ਨਰਜ਼ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਸਰਾਓ ਦੀਪ ਅਗਵਾਈ ਹੇਠ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ ਭੁੱਖ-ਹੜਤਾਲ ’ਤੇ ਬੈਠੇ।
ਇਸ ਮੌਕੇ ਜਗਦੀਸ਼ ਸਿੰਘ ਸਰਾਓ ਤੇ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਪੂਰੀ ਚੜ੍ਹਦੀ ਕਲਾ ਵਿੱਚ ਹੈ ਅਤੇ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਜ਼ਬਰਦਸਤੀ ਲਾਗੂ ਕੀਤੇ ਜਾ ਰਹੇ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਆਪਣੀ ਬੇਲੋੜੀ ਜ਼ਿੱਦ ਛੱਡ ਕੇ ਕਿਸਾਨਾਂ ਦੀ ਇਹ ਜਾਇਜ਼ ਮੰਗ ਮੰਨੀ ਜਾਵੇ ਅਤੇ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਈ ਜਾਵੇ।
ਅੰਤਰਰਾਸ਼ਟਰੀ ਪੁਆਧੀ ਮੰਚ ਦੇ ਕਾਰਕੁਨ ਗੁਰਪ੍ਰੀਤ ਸਿੰਘ ਨਿਆਮੀਆਂ, ਨੰਬਰਦਾਰ ਹਰਵਿੰਦਰ ਸਿੰਘ, ਦਵਿੰਦਰ ਸਿੰਘ ਬੌਬੀ ਨੇ ਕਿਹਾ ਕਿ ਕਿਸਾਨਾਂ ਦੀ ਲੜਾਈ ਹੁਣ ਫੈਸਲਾਕੁਨ ਦੌਰ ਵਿੱਚ ਪਹੁੰਚ ਗਈ ਹੈ ਅਤੇ ਕਿਸਾਨ ਅੰਦੋਲਨ ਨੂੰ ਦੇਸ਼ ਭਰ ਦੀ ਆਮ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹੁਣ ਦਿੱਲੀ ਜਿੱਤ ਕੇ ਹੀ ਵਾਪਸ ਮੁੜਨਗੇ। ਇਸ ਮੌਕੇ ਯੂਥ ਆਗੂ ਅਮਨ ਪੂਨੀਆ ਪਹਿਲਵਾਨ, ਮਿੰਦਰ ਸਿੰਘ ਸੋਹਾਣਾ, ਅਮਰਜੀਤ ਸਿੰਘ ਨਰੈਣ, ਰਣਜੀਤ ਸਿੰਘ ਭਾਗੋਮਾਜਰਾ ਅਤੇ ਕੇਸਰ ਸਿੰਘ ਬੈਦਵਾਨ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਅਮਨ ਪੂਨੀਆ ਨੇ ਦੱਸਿਆ ਕਿ ਭਲਕੇ ਸ਼ੁੱਕਰਵਾਰ ਨੂੰ ਪੰਜਾਬ ਰੋਡਵੇਜ਼ ਯੂਨੀਅਨ ਦੇ ਆਗੂ ਇਕ ਰੋਜ਼ਾ ਭੁੱਖ-ਹੜਤਾਲ ’ਤੇ ਬੈਠਣਗੇ।