
ਤੇਲ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਦੋਧੀਆਂ ਵੱਲੋਂ ਡੀਸੀ ਦਫ਼ਤਰ ਬਾਹਰ ਧਰਨਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੁਲਾਈ:
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਨੇ ਆਲ ਇੰਡੀਆ ਟਰੇਡ ਯੂਨੀਅਨਾਂ ਨਾਲ ਮਿਲ ਕੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਸੀ ਦਫ਼ਤਰ) ਦੇ ਬਾਹਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਅਤੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਹੈ ਕਿ ਕਰੋਨਾ ਮਹਾਮਾਰੀ ਦੇ ਚੱਲਦਿਆਂ ਸਰਕਾਰ ਨੇ ਡੀਜ਼ਲ, ਪੈਟਰੋਲ ਸਮੇਤ ਬਿਜਲੀ ਬਿੱਲਾਂ ਵਿੱਚ ਵਾਧਾ ਕਰਕੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਜਿਸ ਕਾਰਨ ਕਿਸਾਨ, ਮਜ਼ਦੂਰ ਅਤੇ ਆਮ ਵਰਗ ਦੋ ਵਕਤ ਦੀ ਰੋਜ਼ੀ ਰੋਟੀ ਤੋਂ ਮੁਹਤਾਜ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਵਧ ਰਹੀ ਮਹਿੰਗਾਈ ਕਾਰਨ ਖੇਤੀਬਾੜੀ ਅਤੇ ਦੁੱਧ ਦਾ ਸਹਾਇਕ ਧੰਦਾ ਵੀ ਡਾਵਾਂਡੋਲ ਹੋ ਗਏ ਹਨ।
ਇਸ ਮੌਕੇ ਕਾਮਰੇਡ ਸੱਜਣ ਸਿੰਘ, ਬੰਤ ਸਿੰਘ ਬਰਾੜ, ਸੰਤ ਸਿੰਘ ਕੁਰੜੀ, ਗੁਰਦੀਪ ਸਿੰਘ ਮਾਣਕਪੁਰ, ਕਾਮਰੇਡ ਹਜ਼ਾਰਾ ਸਿੰਘ, ਬਲਵਿੰਦਰ ਸਿੰਘ ਬੀੜ, ਜਸਵੀਰ ਸਿੰਘ ਨਰੈਣਾ ਨੇ ਕਿਹਾ ਕਿ ਕੇਂਦਰੀ ਮੰਤਰੀ ਗਡਕਰੀ ਵੱਲੋਂ ਪਿਛਲੇ ਦਿਨਾਂ ਦੌਰਾਨ ਇੱਕ ਬਿਆਨ ਰਾਹੀਂ ਕਿਸਾਨਾਂ ਦੀਆਂ ਜਿਣਸਾਂ ਖ਼ਰੀਦਣ ਤੋਂ ਨਾਂਹ ਕਰਨਾ ਅਤੇ ਕਹਿਣਾ ਕਿ ਸਾਡੇ ਕੋਲ ਅਨਾਜ ਦੇ ਭੰਡਾਰ ਭਰੇ ਪਏ ਹਨ ਪਰ ਗਡਕਰੀ ਨੂੰ ਇਹ ਨਹੀਂ ਪਤਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਅੰਦਰ ਉੱਨੀ ਸੌ ਹਜ਼ਾਰ ਕਰੋੜ ਲੋਕ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ। ਅੰਨਦਾਤਾ ਅਤੇ ਗਰੀਬ ਲੋਕਾਂ ਨੂੰ ਭੁੱਖੇ ਪੇਟ ਸੌਣਾ ਪੈ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਹੈ ਕਿ ਡੀਜ਼ਲ, ਪੈਟਰੋਲ ਤੇ ਬਿਜਲੀ ਬਿੱਲ ਦੇ ਵਾਧੇ ਵਾਪਸ ਲਏ ਜਾਣ। ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ’ਤੇ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ।