ਪੁਲੀਸ ਵਧੀਕੀਆਂ ਖ਼ਿਲਾਫ਼ ਦਲਿਤ ਪਰਿਵਾਰ ਸੜਕਾਂ ’ਤੇ ਉਤਰੇ, ਐਸਐਸਪੀ ਦਫ਼ਤਰ ਦੇ ਬਾਹਰ ਦਿੱਤਾ ਧਰਨਾ

ਗੁਰੂ ਨਾਨਕ ਕਲੋਨੀ ਦੇ ਦਲਿਤਾਂ ਨੇ ਲਾਇਆ ਡਾ. ਅੰਬੇਦਕਰ ਦਾ ਜਨਮ ਮਨਾਉਣ ਤੋਂ ਰੋਕਣ ਤੇ ਕੁੱਟਮਾਰ ਦਾ ਦੋਸ਼

ਐਸਪੀ ਸਿਟੀ ਨੇ ਬਣਦੀ ਕਾਰਵਾਈ ਦਾ ਭਰੋਸਾ ਦੇ ਕੇ ਦਲਿਤ ਪਰਿਵਾਰਾਂ ਨੂੰ ਕੀਤਾ ਸ਼ਾਂਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੂਨ:
ਮੁਹਾਲੀ ਵਿੱਚ ਪੁਲੀਸ ਵਧੀਕੀਆਂ ਦੇ ਖ਼ਿਲਾਫ਼ ਦਲਿਤ ਪਰਿਵਾਰ ਸੜਕਾਂ ’ਤੇ ਉਤਰ ਆਏ ਹਨ। ਬੀਤੇ ਦਿਨੀਂ ਅੰਬ ਸਾਹਿਬ ਕਲੋਨੀ ਦੇ ਮਾਮਲੇ ਵਿੱਚ ਬਾਲਮੀਕ ਭਾਈਚਾਰੇ ਦੇ ਲੋਕਾਂ ਨੇ ਇੱਥੋਂ ਦੇ ਫੇਜ਼-11 ਥਾਣੇ ਦਾ ਘਿਰਾਓ ਕੀਤਾ ਸੀ। ਸ਼ੁੱਕਰਵਾਰ ਨੂੰ ਇਲਾਕੇ ਦੇ ਦਲਿਤ ਪਰਿਵਾਰਾਂ ਨੇ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰਪਾਲ ਸਿੰਘ ਸਹੌੜਾ ਦੀ ਅਗਵਾਈ ਹੇਠ ਮੁਹਾਲੀ ਦੇ ਐਸਐਸਪੀ ਦਫ਼ਤਰ ਬਾਹਰ ਵਿਸ਼ਾਲ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਬਸਪਾ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਨਨਹੇੜੀਆਂ ਵੀ ਧਰਨੇ ਵਾਲੀ ਥਾਂ ’ਤੇ ਪਹੁੰਚੇ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਜੇਕਰ ਪੁਲੀਸ ਨੇ ਤੁਰੰਤ ਬਣਦੀ ਕਾਰਵਾਈ ਨਹੀਂ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਦਲਿਤ ਪਰਿਵਾਰਾਂ ਦੀ ਕੁੱਟਮਾਰ ਕਰਨ ਵਾਲੇ ਵਿਅਕਤੀ ਹੁਕਮਰਾਨ ਪਾਰਟੀ ਦੇ ਸਮਰਥਕ ਹੋਣ ਕਾਰਨ ਪੁਲੀਸ ਬਣਦੀ ਕਾਰਵਾਈ ਤੋਂ ਪੱਲਾ ਝਾੜ ਰਹੀ ਹੈ। ਇੱਥੋਂ ਦੇ ਸਨਅਤੀ ਏਰੀਆ ਫੇਜ਼-7 ਸਥਿਤ ਗੁਰੂ ਨਾਨਕ ਕਲੋਨੀ ਦੇ ਪੀੜਤ ਵਿਅਕਤੀਆਂ ਨੇ ਉਨ੍ਹਾਂ ਨੂੰ ਆਪਣੇ ਘਰਾਂ ਵਿੱਚ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਉਣ ਤੋਂ ਰੋਕਣ, ਉਨ੍ਹਾਂ ਦੀ ਕੁੱਟਮਾਰ ਅਤੇ ਵਾਹਨਾਂ ਦੀ ਭੰਨਤੋੜ ਕਰਨ ਦਾ ਦੋਸ਼ ਲਾਇਆ। ਪਿੰਡ ਕੁੱਬਾਹੇੜੀ ਦੀ ਦਲਿਤ ਲੜਕੀ ਨਾਲ ਛੇੜਛਾੜ ਅਤੇ ਮਾਜਰੀ ਬਲਾਕ ਵਿੱਚ ਸਾਬਕਾ ਮੰਤਰੀ ਵੱਲੋਂ ਦਲਿਤ ਪਰਿਵਾਰਾਂ ਨਾਲ ਵਧੀਕੀਆਂ ਕਰਨ ਦੇ ਮਾਮਲੇ ਚੁੱਕਦਿਆਂ ਕਿਹਾ ਕਿ ਇਨਸਾਫ਼ ਪ੍ਰਾਪਤੀ ਲਈ ਉਹ ਵੱਖ-ਵੱਖ ਥਾਣਿਆਂ ਵਿੱਚ ਖੱਜਲ-ਖੁਆਰ ਹੋ ਰਹੇ ਹਨ।
ਬਸਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਦੇਵ ਸਿੰਘ ਚੱਪੜਚਿੜੀ ਨੇ ਦੱਸਿਆ ਕਿ ਐਸਪੀ (ਸਿਟੀ) ਹਰਵਿੰਦਰ ਸਿੰਘ ਵਿਰਕ ਨੇ ਪੀੜਤ ਪਰਿਵਾਰਾਂ ਨੂੰ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਸਬੰਧਤ ਥਾਣਿਆਂ ਦੇ ਐਸਐਚਓਜ਼ ਅਤੇ ਜਾਂਚ ਅਧਿਕਾਰੀਆਂ ਨੂੰ ਸਖ਼ਤੀ ਨਾਲ ਕਿਹਾ ਕਿ ਉਕਤ ਸਾਰੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਕੇ ਪੀੜਤਾਂ ਨੂੰ ਜਲਦੀ ਇਨਸਾਫ਼ ਦਿੱਤਾ ਜਾਵੇ। ਇਸ ਮਗਰੋਂ ਪੀੜਤ ਪਰਿਵਾਰ ਧਰਨਾ ਸਮਾਪਤ ਕਰਕੇ ਆਪਣੇ ਘਰਾਂ ਨੂੰ ਚਲੇ ਗਏ। ਧਰਨੇ ਨੂੰ ਡਾ. ਜਰਨੈਲ ਸਿੰਘ, ਹਰਨੇਕ ਸਿੰਘ, ਚਰਨਜੀਤ ਸਿੰਘ, ਮਾ. ਨਛੱਤਰ ਸਿੰਘ, ਕਲੋਨੀ ਪ੍ਰਧਾਨ ਮੋਹਨ ਲਾਲ, ਪ੍ਰਿੰਸੀਪਲ ਹਰਬੰਸ ਸਿੰਘ, ਸਵਰਨ ਸਿੰਘ ਲਾਂਡਰਾਂ ਅਤੇ ਜਸਪਾਲ ਸਿੰਘ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…