ਮੁਹਾਲੀ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਟੁੱਟੀਆਂ ਸੜਕਾਂ ਦੀ ਫੌਰੀ ਮੁਰੰਮਤ ਕੀਤੀ ਜਾਵੇ: ਡੀਸੀ ਆਸ਼ਿਕਾ ਜੈਨ

ਜਲ ਸਪਲਾਈ ਪਾਈਪਲਾਈਨਾਂ ਦੀ ਮੁਰੰਮਤ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ

ਡੀਸੀ ਸ੍ਰੀਮਤੀ ਆਸ਼ਿਕਾ ਜੈਨ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

ਨਬਜ਼-ਏ-ਪੰਜਾਬ, ਮੁਹਾਲੀ, 18 ਜੁਲਾਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰਾਹਤ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਹੜ੍ਹਾਂ ਕਾਰਨ ਟੁੱਟੀਆਂ ਸੜਕਾਂ ਦੀ ਫੌਰੀ ਮੁਰੰਮਤ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਟੁੱਟੀਆਂ ਸੜਕਾਂ ਅਤੇ ਵਾਟਰ ਸਪਲਾਈ ਪਾਈਪਾਂ ਦੀ ਮੁਰੰਮਤ ਲਈ ਸਟੇਟ ਡਿਜ਼ਾਸਟਰ ਰਿਲੀਫ ਫੰਡ ’ਚੋਂ ਕ੍ਰਮਵਾਰ 1 ਕਰੋੜ ਅਤੇ 50 ਲੱਖ ਰੁਪਏ ਪ੍ਰਾਪਤ ਹੋਏ ਹਨ। ਇਸ ਲਈ ਫੌਰੀ ਤੌਰ ’ਤੇ ਅਤਿ ਜ਼ਰੂਰੀ ਸੜਕਾਂ ਤੇ ਜਲ ਸਪਲਾਈ ਪਾਈਪਲਾਈਨਾਂ ਦੀ ਮੁਰੰਮਤ ਯਕੀਨੀ ਬਣਾਈ ਜਾਵੇ। ਉਂਜ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਟੁੱਟੀਆਂ ਸੜਕਾਂ ਅਤੇ ਜਲ ਸਪਲਾਈ ਲਾਈਨਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ।
ਡੀਸੀ ਨੇ ਕਿਹਾ ਕਿ ਜਲ ਸਪਲਾਈ ਪਾਈਪਲਾਈਨਾਂ ਅਤੇ ਅਤਿ ਜ਼ਰੂਰੀ ਸੜਕਾਂ ਦੀ ਪਛਾਣ ਕਰਕੇ ਪਹਿਲ ਦੇ ਆਧਾਰ ’ਤੇ ਐਸਟੀਮੇਟ ਤਿਆਰ ਕਰਕੇ ਐਸਡੀਐਮ ਦੀ ਪ੍ਰਵਾਨਗੀ ਨਾਲ ਅਗਲੀ ਪ੍ਰਵਾਨਗੀ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਕੀਤੀ ਜਾਣ ਵਾਲੇ ਕਾਰਜਾਂ ਦੀ ਸੂਚੀ ਬਣਾ ਕੇ ਉਨ੍ਹਾਂ ਨੂੰ ਮਗਨਰੇਗਾ ਤਹਿਤ ਕਰਵਾਇਆ ਜਾਵੇ ਤਾਂ ਜੋ ਵੱਧ ਤੋਂ ਵੱਧ ਕੰਮ ਜਲਦੀ ਸਿਰੇ ਚੜ੍ਹ ਸਕਣ ਅਤੇ ਲੋਕਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਸ਼ਾਰਟ ਟਰਮ ’ਤੇ ਹੋਣ ਵਾਲੇ ਇਨ੍ਹਾਂ ਕਾਰਜਾਂ ਦੀ ਗੁਣਵੱਤਾ ਅਤੇ ਫੰਡਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਆਸ਼ਿਕਾ ਜੈਨ ਨੇ ਕਿਹਾ ਕਿ ਐਸਟੀਮੇਟ ਜਲਦੀ ਭੇਜੇ ਜਾਣ ਜੇਕਰ ਮੁਰੰਮਤ ਕਾਰਜਾਂ ਲਈ ਜਾਰੀ ਫੰਡਾਂ ਤੋਂ ਵੱਧ ਫੰਡਾਂ ਦੀ ਲੋੜ ਹੈ ਤਾਂ ਉਹ ਵੀ ਦੱਸਿਆ ਜਾਵੇ ਤਾਂ ਜੋ ਪੰਜਾਬ ਸਰਕਾਰ ਤੋਂ ਹੋਰ ਫੰਡਾਂ ਦੀ ਮੰਗ ਕੀਤੀ ਜਾ ਸਕੇ। ਇਸ ਮੌਕੇ ਏਡੀਸੀ (ਵਿਕਾਸ) ਅਮਿਤ ਬੈਂਬੀ, ਏਡੀਸੀ (ਜਨਰਲ) ਪਰਮਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਜਦੋਂਕਿ ਐਸਡੀਐਮ ਮੁਹਾਲੀ ਸਰਬਜੀਤ ਕੌਰ, ਐਸਡੀਐਮ ਖਰੜ ਰਵਿੰਦਰ ਸਿੰਘ ਅਤੇ ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਏ।

Load More Related Articles

Check Also

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਐਸਐਚਓ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਐਸਐਚਓ ਗ੍ਰਿਫ਼ਤਾਰ ਸ਼ਿਕਾਇਤਕਰਤਾ ਅਨੁਸਾਰ ਐਸਐਚਓ…