nabaz-e-punjab.com

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਜਾਬ ਜੰਗਲਾਤ ਨਿਗਮ ਦਾ ਡਾਟਾ ਐਂਟਰੀ ਅਪਰੇਟਰ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਦਸੰਬਰ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਜੰਗਲਾਤ ਨਿਗਮ ਮੁਹਾਲੀ ਦੇ ਦਫ਼ਤਰ ਵਿੱਚ ਤਾਇਨਾਤ ਆਫ਼ਿਸ ਅਸਿਸਟੈਂਟ (ਡਾਟਾ ਐਂਟਰੀ ਅਪਰੇਟਰ) ਗੁਰਦਰਸ਼ਨ ਸਿੰਘ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ’ਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪ੍ਰਿੰਸ ਵਰਮਾ ਵਾਸੀ ਸੈਕਟਰ-39, ਚੰਡੀਗੜ੍ਹ ਰੋਡ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੀ ਫਰਮ ‘ਪੰਜਾਬ ਟਿੰਬਰ’ ਨੂੰ ਗਣੇਸ਼ ਬਿਲਡਰਜ਼ ਸ੍ਰੀ ਗੰਗਾ ਨਗਰ, ਰਾਜਸਥਾਨ ਵੱਲੋਂ ਅੰਮ੍ਰਿਤਸਰ ਦੇ ਮਹਿਤਾ ਚੌਕ ਤੋਂ ਲੈ ਕੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਡੇਰਾ ਬਾਬਾ ਨਾਨਕ ਕੋਰੀਡੋਰ ਨੂੰ ਜਾਂਦੀ ਸੜਕ ਦੇ ਦੋਵੇਂ ਪਾਸੇ ਲੱਗੇ ਦਰਖਤਾਂ ਦੀ ਕਟਾਈ ਦਾ ਕੰਮ ਸੌਂਪਿਆ ਗਿਆ ਸੀ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਉਕਤ ਮਾਮਲੇ ਵਿੱਚ ਜੰਗਲਾਤ ਨਿਗਮ ਤੋਂ ਲੋੜੀਂਦੀ ਪ੍ਰਵਾਨਗੀ ਲੈਣ ਲਈ ਮੁਲਜ਼ਮ ਡਾਟਾ ਐਂਟਰੀ ਅਪਰੇਟਰ ਗੁਰਦਰਸ਼ਨ ਸਿੰਘ ਨੇ ਉਸ (ਸ਼ਿਕਾਇਤਕਰਤਾ) ਕੋਲੋਂ ਉਸਦੀ ਫਰਮ ਨੂੰ ਅਲਾਟ ਕੀਤੇ ਗਏ ਕੰਮ ਬਦਲੇ 1.5 ਫੀਸਦੀ ਕਮਿਸ਼ਨ (ਕੁੱਲ 6 ਲੱਖ ਰੁਪਏ) ਦੀ ਮੰਗ ਕਰ ਰਿਹਾ ਹੈ। ਉਸ ਨੇ ਇਹ ਵੀ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਇਸ ਸਬੰਧੀ ਉਸ ਕੋਲੋਂ 10 ਹਜ਼ਾਰ ਰੁਪਏ ਰਿਸ਼ਵਤ ਵਜੋਂ ਵਸੂਲ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਪੀੜਤ ਦੀ ਸ਼ਿਕਾਇਤ ਵਿੱਚ ਦਰਜ ਦੋਸ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਵਿੰਗ ਪੰਜਾਬ ਦੀ ਇੱਕ ਵਿਸ਼ੇਸ਼ ਟੀਮ ਨੇ ਮੁਲਜ਼ਮ ਕਰਮਚਾਰੀ ਨੂੰ ਅੱਜ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 30 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਨੂੰ ਭਲਕੇ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Load More Related Articles

Check Also

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ ਫਾਈਨਲ…