
ਧੀਆਂ ਨੇ ਹਰ ਖੇਤਰ ਵਿੱਚ ਵੱਡੀਆਂ ਮੱਲ੍ਹਾਂ ਮਾਰ ਕੇ ਮਾਪਿਆਂ ਦਾ ਸਿਰ ਉੱਚਾ ਕੀਤਾ: ਸੁਖਬੀਰ ਬਾਦਲ
ਸੁਖਬੀਰ ਨੇ ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਦੀ ਬੇਟੀ ਦੀ ਪਹਿਲੀ ਲੋਹੜੀ ’ਤੇ ਕੀਤੀ ਸ਼ਿਰਕਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜਨਵਰੀ:
ਪੰਜਾਬ ਦੀਆਂ ਲੜਕੀਆਂ ਨੇ ਹਰ ਖੇਤਰ ਵਿੱਚ ਲੜਕਿਆਂ ਦੇ ਮੁਕਾਬਲਿਆਂ ਵੱਧ ਮੱਲ੍ਹਾਂ ਮਾਰੀਆਂ ਹਨ ਅਤੇ ਅਜੋਕੇ ਸਮੇਂ ਵਿੱਚ ਸਮਾਜ ਅੰਦਰ ਧੀਆਂ ਨੂੰ ਮੁੰਡਿਆਂ ਦੇ ਬਰਾਬਰ ਹੱਕ ਮਿਲਣ ਲੱਗੇ ਹਨ, ਜੋ ਇਕ ਚੰਗੇ ਯੁੱਗ ਦੀ ਸ਼ੁਰੂਆਤ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ। ਉਹ ਜ਼ਿਲ੍ਹਾ ਯੂਥ ਅਕਾਲੀ ਦਲ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਦੀ ਨਵਜੰਮੀ ਬੱਚੀ ਦੀ ਪਹਿਲੀ ਲੋਹੜੀ ਨੂੰ ਸਮਰਪਿਤ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ਼ਾਮਲ ਹੋਣ ਆਏ ਸੀ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਧੀਆਂ ਦੀ ਲੋਹੜੀ ਮਨਾਉਣਾ ਬਹੁਤ ਸ਼ਲਾਘਾਯੋਗ ਉਪਰਾਲਾ ਹੈ। ਧੀਆਂ ਅੱਜ ਸਮਾਜ ਦੇ ਹਰ ਖੇਤਰ ਵਿੱਚ ਤਰੱਕੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਧੀਆਂ ਅੱਜ ਅੰਤਰਰਾਸ਼ਟਰੀ ਪੱਧਰ ’ਤੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟ ਕੇ ਆਪਣੇ ਮਾਪਿਆਂ ਅਤੇ ਸੂਬੇ ਦਾ ਨਾਂ ਰੌਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਕ ਧੀ ਪੂਰੇ ਪਰਿਵਾਰ ਨੂੰ ਜੋੜ ਕੇ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਹਰ ਸਾਲ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਤੋਂ ਪਤਾ ਚਲਦਾ ਹੈ ਕਿ ਸਿੱਖਿਆ ਦੇ ਖੇਤਰ ਵਿੱਚ ਵੀ ਸਾਡੀਆਂ ਧੀਆਂ ਨੇ ਮੁੰਡਿਆਂ ਨੂੰ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਧੀਆਂ ਨੂੰ ਪੁੱਤਰਾਂ ਨਾਲੋਂ ਵੱਧ ਪਿਆਰ ਕਰਨਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਯੂਥ ਵਿੰਗ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਵਿਸ਼ੇਸ਼ ਸਮਾਗਮ ਵਿੱਚ ਪਹੁੰਚਣ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਜਦੋਂ ਪਰਿਵਾਰ ਵਿੱਚ ਧੀ ਦਾ ਜਨਮ ਹੁੰਦਾ ਹੈ, ਮਾਪਿਆਂ ਨੂੰ ਆਪਣੀ ਵੱਡੀ ਜ਼ਿੰਮੇਵਾਰੀ ਦਾ ਅਹਿਸਾਸ ਹੁੰਦਾ ਹੈ। ਘਰ ਵਿੱਚ ਧੀ ਦਾ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਧੀ ਨਾਲ ਘਰ ਵਿੱਚ ਹਮੇਸ਼ਾ ਰੌਣਕ ਰਹਿੰਦੀ ਹੈ ਅਤੇ ਮਨੁੱਖ ਨੂੰ ਜ਼ਾਬਤੇ ਵਿੱਚ ਰਹਿਣ ਦੀ ਸਿੱਖਿਆ ਵੀ ਮਿਲਦੀ ਹੈ।