
ਡੀਸੀ ਅਮਿਤ ਤਲਵਾੜ ਨੇ ਬਰਸਾਤੀ ਪਾਣੀ ਦੇ ਨਿਕਾਸੀ ਪ੍ਰਬੰਧਾਂ ਦੀ ਕੀਤੀ ਸਮੀਖਿਆ
ਪਾਣੀ ਦੇ ਕੁਦਰਤੀ ਵਹਾਅ ਨੂੰ ਰੋਕਣ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ: ਡਿਪਟੀ ਕਮਿਸ਼ਨਰ
ਡੀਸੀ ਅਮਿਤ ਤਲਵਾੜ ਨੇ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਗਸਤ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਬਰਸਾਤਾਂ ਦੇ ਮੌਸਮ ਦੌਰਾਨ ਬਰਸਾਤੀ ਪਾਣੀ ਦੀ ਨਿਕਾਸੀ ਸਬੰਧੀ ਸਥਿਤੀ ਨਾਲ ਨਜਿੱਠਣ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆ ਕਿਹਾ ਕਿ ਸਬੰਧਤ ਵਿਭਾਗ ਬਰਸਾਤੀ ਪਾਣੀ ਦੀ ਨਿਕਾਸੀ ਸਥਿਤੀ ਨਾਲ ਨਜਿੱਠਣ ਲਈ ਆਪਣਾ ਕਮਿਊਨੀਕੇਸ਼ਨ ਪਲਾਨ ਤਿਆਰ ਕਰ ਸਾਰੀਆਂ ਉਨ੍ਹਾਂ ਥਾਵਾਂ ਦੀ ਸ਼ਨਾਖ਼ਤ ਕਰ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤਾਂ ਦੇ ਮੌਸਮ ਵਿਚ ਬਰਸਾਤੀ ਪਾਣੀ ਦੇ ਕੁਦਰਤੀ ਵਹਾਅ ਨੂੰ ਰੋਕਣ ਵਾਲਿਆਂ ਖਿਲਾਫ ਡਿਜਾਸਟਰ ਮੈਨੇਜਮੈਂਟ ਐਕਟ ਤਹਿਤ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਣੀ ਦੇ ਕੁਦਰਤੀ ਵਹਾਅ ਨੂੰ ਰੋਕਣ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ ਜਿਸ ਨਾਲ ਫਸਲਾਂ ਅਤੇ ਹੋਰ ਜਾਨੀ ਮਾਲੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੁਦਰਤੀ ਵਹਾਅ ਰੋਕਣ ਵਾਲਿਆ ਖਿਲਾਫ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਸਮੂਹ ਐਸਡੀਐਮਜ਼ ਨੂੰ ਕਿਹਾ ਕਿ ਆਪਣੇ ਅਧੀਨ ਆਉਂਦੇ ਉਨ੍ਹਾਂ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜਾ ਲੈਣ ਜਿਥੇ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ ਹੈ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸੀਵਰੇਜ ਦੀ ਸਫਾਈ ਅਤੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਬਿਜਲੀ ਦੀਆਂ ਢੀਲੀਆ ਤਾਰਾਂ ਨੂੰ ਕੱਸਣ ਦੀ ਹਦਾਇਤ ਕੀਤੀ।
ਇਸ ਮੌਕੇ ਏਡੀਸੀ (ਜਨਰਲ) ਅਮਨਿੰਦਰ ਕੌਰ ਬਰਾੜ, ਏਡੀਸੀ (ਵਿਕਾਸ) ਅਮਰਦੀਪ ਸਿੰਘ ਗੁਜ਼ਰਾਲ, ਏਡੀਸੀ (ਸ਼ਹਿਰੀ ਵਿਕਾਸ) ਸ੍ਰੀਮਤੀ ਪੂਜਾ ਸਿਆਲ, ਐਸਡੀਐਮ ਸ੍ਰੀਮਤੀ ਸਰਬਜੀਤ ਕੌਰ, ਰਵਿੰਦਰ ਸਿੰਘ ਐਸਡੀਐਮ ਖਰੜ, ਹਿਮਾਂਸ਼ੂ ਗੁਪਤਾ ਐਸਡੀਐਮ ਡੇਰਾਬੱਸੀ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।