ਡੀਸੀ ਅਮਿਤ ਤਲਵਾੜ ਨੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਕੀਤੀ ਸਮੀਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਪਰੈਲ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅੱਜ ਸਵੇਰੇ 9 ਵਜੇ ਤੋਂ ਸ਼ਾਮ ਤੱਕ ਚਲੀਆਂ ਮਹੀਨਾਵਾਰ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਚਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਕਿ ਲੰਬਿਤ ਪਏ ਮਾਮਲਿਆਂ ਨੂੰ ਮਿੱਥੇ ਸਮੇਂ ਵਿੱਚ ਨੇਪਰੇ ਚਾੜਿਆ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਸੀ ਅਮਿਤ ਤਲਵਾੜ ਨੇ ਦੱਸਿਆ ਕਿ ਇਸ ਮਹੀਨਾਵਾਰ ਮੀਟਿੰਗ ਦੌਰਾਨ ਜ਼ਮੀਨਾਂ ਦੀਆਂ ਜਮਾਂਬੰਦੀਆਂ, ਇੰਤਕਾਲ, ਨਿਸ਼ਾਨਦੇਹੀਆਂ, ਐਕਸਾਈਜ਼, ਜੀਐਸਟੀ ਵਿਭਾਗ, ਕੁਲੈਕਸ਼ਨ ਮੋਟਰਵਹੀਕਲ ਟੈਕਸਿਜ਼, ਸੋਸ਼ਲ ਸਿਕਊਰਟੀ ਸਕੀਮਾਂ, ਰੋਡ ਸੇਫਟੀ, ਪੇਂਡੂ ਵਿਕਾਸ ਵਿਭਾਗ, ਸਹਿਰੀ ਵਿਕਾਸ ਵਿਭਾਗ, ਕਾਨੂੰਨ ਤੇ ਵਿਵਸਥਾ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੀਟਿੰਗ ਦਾ ਮਨੋਰਥ ਇਨ੍ਹਾਂ ਵਿਭਾਗਾਂ ਅਧੀਨ ਚਲ ਰਹੀਆਂ ਵਿਕਾਸ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਮਿਲੀਆਂ ਦਰਖਾਸਤਾਂ ਨੂੰ ਮਿੱਥੇ ਸਮੇਂ ਵਿੱਚ ਹੱਲ ਕਰਨ ਨੂੰ ਯਕੀਨੀ ਬਣਾਉਣਾ ਸੀ।
ਇਸ ਮੌਕੇ ਉਨ੍ਹਾਂ ਜ਼ਿਲ੍ਹੇ ਨਾਲ ਸਬੰਧਤ ਐਸਡੀਐਮਜ਼, ਤਹਿਸੀਲਦਾਰ, ਨਾਇਬ ਤਹਿਸੀਲਦਾਰਾਂ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪੈਂਡਿੰਗ ਪਏ ਕੇਸਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਕੇ ਬਣਦੇ ਮਾਮਲਿਆਂ ਵਿੱਚ ਰਿਕਵਰੀ ਵਸੂਲ ਕੀਤੀ ਜਾਵੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਕਿ ਅਗਲੀ ਮਹੀਨਾਵਾਰ ਮੀਟਿੰਗ ਤੋਂ ਪਹਿਲਾ ਸਾਰੇ ਬਕਾਇਆ ਪਏ ਕੇਸਾਂ ਦਾ ਨਿਪਟਾਰਾ ਲਾਜ਼ਮੀ ਤੌਰ ’ਤੇ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰੀ ਦਫਤਰਾਂ ਵਿੱਚ ਕੰਮ ਕਰਵਾਉਣ ਲਈ ਆਉਣ ਵਾਲੇ ਨਾਗਰਿਕਾਂ ਨਾਲ ਸਲੀਕੇ ਨਾਲ ਪੇਸ਼ ਆਇਆ ਜਾਵੇ।
ਇਸ ਉਪਰੰਤ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਰੋਡ ਸੇਫਟੀ ਸਬੰਧੀ ਵੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਉਨ੍ਹਾਂ ਨੇ ਸੜਕਾਂ ਤੇ ਖਤਰਨਾਕ ਮੋੜਾਂ ਅਤੇ ਕਰਾਸਿੰਗ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਰੋਡ ਸੇਫਟੀ ਐਕਟ ਤਹਿਤ ਠੀਕ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਕੀਤੇ ਜਾ ਰਹੇ ਕੰਮਾਂ ਨੂੰ ਪੂਰੀ ਸੰਜੀਦਗੀ ਨਾਲ ਨੇਪਰੇ ਚਾੜਿਆ ਜਾਵੇ ਤਾਂ ਜੋ ਸੜਕ ਸੁਰੱਖਿਆ ਸਹੀ ਅਰਥਾਂ ਵਿੱਚ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਾਂ ਸਟਾਫ਼ ਜਾਂ ਬੁਨਿਆਦੀ ਢਾਚੇ ਸਬੰਧੀ ਕੋਈ ਜ਼ਰੂਰਤ ਹੈ ਤਾਂ ਇਸ ਸਬੰਧੀ ਲਿਖਤੀ ਰੂਪ ਵਿੱਚ ਮੰਗ ਰੱਖੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਗਲੀ ਮਹੀਨਾਵਾਰ ਰੀਵਿਊ ਮੀਟਿੰਗ ਤੋਂ ਪਹਿਲਾ ਜ਼ਿਲ੍ਹੇ ਨਾਲ ਸਬੰਧਿਤ ਸਾਰੇ ਪੈਂਡਿੰਗ ਕੇਸ ਹੱਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕੰਮਾਂ ਲਈ ਆਨਲਾਈਨ ਸਾਫਟਵੇਅਰ ਵਿਧੀ ਦੀ ਵਰਤੋਂ ਕੀਤੀ ਜਾਵੇ ਇਸ ਨਾਲ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਪੈਡਿੰਗ ਕੇਸ ਵੀ ਛੇਤੀ ਹੱਲ ਕੀਤੇ ਜਾ ਸਕਦੇ ਹਨ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਕੋਮਲ ਮਿੱਤਲ, ਮੁਹਾਲੀ ਦੇ ਐਸਡੀਐਮ ਹਰਬੰਸ ਸਿੰਘ, ਖਰੜ ਦੇ ਐਸਡੀਐਮ ਅਬਿਕੇਸ਼ ਗੁਪਤਾ ਸਮੇਤ ਜ਼ਿਲ੍ਹੇ ਦੇ ਸਮੂਹ ਸਰਕਾਰੀ ਵਿਭਾਗੀ ਮੁਖੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …