
ਡੀਸੀ ਅਮਿਤ ਤਲਵਾੜ ਨੇ ਸਰਕਾਰੀ ਤੇ ਪ੍ਰਾਈਵੇਟ ਨਸ਼ਾ-ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਦੀ ਸਮੀਖਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਇੱਥੇ ਸਰਕਾਰੀ ਅਤੇ ਪ੍ਰਾਈਵੇਟ ਨਸ਼ਾ-ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਨਸ਼ੇ ਦੀ ਆਦਤ ਤੋਂ ਪੀੜਤ ਮਰੀਜ਼ਾਂ ਨੂੰ ਇਲਾਜ ਸਬੰਧੀ ਮਿਆਰੀ ਸਹੂਲਤਾਂ ਮੁਹੱਈਆ ਕਰਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਰੋਜ਼ਾਨਾ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਿਆ ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ।
ਸ੍ਰੀ ਅਮਿਤ ਤਲਵਾੜ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਦਿਨ ਰਾਤ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮੂਹ ਸਰਕਾਰੀ ਤੇ ਪ੍ਰਾਈਵੇਟ ਨਸ਼ਾ-ਛੁਡਾਊ ਕੇਂਦਰ ਵਿੱਚ ਚੱਲ ਰਹੇ ਕੰਮਾਂ ਬਾਰੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਤੋਂ ਪੀੜਤ ਮਰੀਜ਼ਾਂ ਨੂੰ ਇਲਾਜ ਦੌਰਾਨ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਵੱਡੀ ਗਿਣਤੀ ਵਿੱਚ ਹੁਣ ਨਸ਼ਿਆਂ ਦੇ ਕੋਹੜ ਨੂੰ ਛੱਡ ਕੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ ਅਤੇ ਪੀੜਤ ਨੌਜਵਾਨ ਨਸ਼ਾ-ਛਡਾਊ ਕੇਂਦਰਾਂ ਦਾ ਰੁਖ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਵੀ ਸੁਧਾਰ ਕੀਤਾ ਜਾਵੇਗਾ। ਡੀਸੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਸ਼ਾ ਛੁਡਾਊ ਕੇਂਦਰਾਂ ਵਿੱਚ ਵਾਤਾਵਰਨ ਨੂੰ ਸਵੱਛ ਰੱਖਣ ਲਈ ਸਾਫ਼-ਸਫ਼ਾਈ ਅਤੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਏਡੀਸੀ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਐਸਡੀਐਮ ਹਰਬੰਸ ਸਿੰਘ, ਐਸਡੀਐਮ ਖਰੜ ਅਭਿਕੇਸ਼ ਗੁਪਤਾ, ਸਹਾਇਕ ਕਮਿਸਨਰ (ਸ਼ਿਕਾਇਤਾਂ) ਸ੍ਰੀਮਤੀ ਪ੍ਰੋਮਿਲਾ ਸ਼ਰਮਾ, ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।