
ਡੀਸੀ ਅਮਿਤ ਤਲਵਾੜ ਨੇ ਸਮਾਜਿਕ ਸੁਰੱਖਿਆ ਅਤੇ ਕਾਨੂੰਨ ਤੇ ਵਿਵਸਥਾ ਦੀ ਕੀਤੀ ਸਮੀਖਿਆ
ਅਧਿਕਾਰੀਆਂ ਨੂੰ ਬਕਾਇਆ ਕੇਸਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੇ ਆਦੇਸ਼
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਅਤੇ ਕਾਨੂੰਨ ਤੇ ਵਿਵਸਥਾ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਇਹ ਦਿਸ਼ਾ-ਨਿਰਦੇਸ਼ ਦਿੱਤੇ ਕਿ ਬਕਾਇਆ ਕੇਸਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ।
ਡੀਸੀ ਅਮਿਤ ਤਲਵਾੜ ਨੇ ਦੱਸਿਆ ਕਿ ਮਹੀਨਾਵਾਰ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ, ਕਾਨੂੰਨ ਤੇ ਵਿਵਸਥਾ ਨਾਲ ਸਬੰਧਤ ਮਾਮਲਿਆਂ ਦੀ ਬਰੀਕੀ ਨਾਲ ਸਮੀਖਿਆ ਕੀਤੀ ਗਈ। ਮੀਟਿੰਗ ਦਾ ਮੰਤਵ ਸਬੰਧਤ ਵਿਭਾਗਾਂ ਅਧੀਨ ਚਲ ਰਹੀਆਂ ਵਿਕਾਸ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਆਮ ਲੋਕਾਂ ਦੀਆਂ ਦਰਖਾਸਤਾਂ ਨੂੰ ਮਿਥੇ ਸਮੇਂ ਵਿੱਚ ਹੱਲ ਕਰਨਾ ਯਕੀਨੀ ਬਣਾਉਣਾ ਸੀ।

ਸਮਾਜਿਕ ਸੁਰੱਖਿਆ ਵਿਭਾਗ ਦੀ ਮੀਟਿੰਗ ਦੌਰਾਨ ‘ਬੇਟੀ ਪੜਾਓ-ਬੇਟੀ ਬਚਾਓ’, ਬੰਧੂਆਂ ਮਜ਼ਦੂਰੀ, ਈ-ਸੇਵਾ ਪੈਂਡੈਂਸੀ ਅਤੇ ਹੋਰਨਾਂ ਸਮਾਜਿਕ ਸੁਰੱਖਿਆ ਸਕੀਮਾਂ ਦੀ ਸਮੀਖਿਆ ਕੀਤੀ। ਕਾਨੂੰਨ ਤੇ ਵਿਵਸਥਾ ਸਬੰਧੀ ਡਿਪਟੀ ਕਮਿਸ਼ਨਰ ਨੇ ਪੁਲੀਸ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਸੁਰੱਖਿਆ ਨੂੰ ਲੈ ਕੇ ਸਖ਼ਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ੱਕੀ ਵਾਹਨਾਂ ਦੀ ਨਾਕਿਆਂ ਦੌਰਾਨ ਚੈਕਿੰਗ ਕੀਤੀ ਜਾਵੇ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਿਨਾਂ ਪਾਸ ਵਾਲੀਆਂ ਗੱਡੀਆਂ ਨੂੰ ਚੈਕਿੰਗ ਕਰਕੇ ਹੀ ਅੰਦਰ ਆਉਣ ਦੀ ਆਗਿਆ ਦਿੱਤੀ ਜਾਵੇ। ਮੀਟਿੰਗ ਵਿੱਚ ਏਡੀਸੀ (ਜਨਰਲ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਏਡੀਸੀ (ਯੂਡੀ) ਪੂਜਾ ਐਸ ਗਰੇਵਾਲ, ਐਸਡੀਐਮ ਹਰਬੰਸ ਸਿੰਘ, ਪੁਲਿਸ ਅਧਿਕਾਰੀਆਂ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਹਾਜ਼ਰ ਸਨ।