ਡੀਸੀ ਅਮਿਤ ਤਲਵਾੜ ਵੱਲੋਂ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ

ਫਰਦ ਕੇਂਦਰ, ਸੁਵਿਧਾ ਕੇਂਦਰ, ਜ਼ਿਲ੍ਹਾ ਟਰਾਂਸਪੋਰਟ ਤੇ ਤਹਿਸੀਲ ਦਫ਼ਤਰ ਦੇ ਸਰਵਿਸ ਡਲਿਵਰੀ ਕਾਊਂਟਰਾਂ ਦਾ ਨਿਰੀਖਣ

ਸਾਰੇ ਅਧਿਕਾਰੀਆਂ ਤੇ ਦਫ਼ਤਰੀ ਮੁਲਾਜ਼ਮਾਂ ਨੂੰ ਸਮਾਂਬੱਧ ਤਰੀਕੇ ਨਾਲ ਅਰਜ਼ੀਆਂ ਦਾ ਨਿਬੇੜਾ ਕਰਨ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਪਰੈਲ:
ਮੁਹਾਲੀ ਦੇ ਨਵੇਂ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਇਲਾਕੇ ਦੇ ਲੋਕਾਂ ਨੂੰ ਸਮਾਂਬੱਧ ਅਤੇ ਬਿਨਾਂ ਕਿਸੇ ਦਿੱਕਤ ਤੋਂ ਸਾਰੀਆਂ ਸਰਕਾਰੀ ਸੇਵਾਵਾਂ ਮਿਲਣੀਆਂ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸੋਮਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵੱਖ-ਵੱਖ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਡੀਸੀ ਨੇ ਫਰਦ ਕੇਂਦਰ, ਸੁਵਿਧਾ ਕੇਂਦਰ, ਆਰਟੀਏ ਦਫ਼ਤਰ, ਤਹਿਸੀਲ ਅਤੇ ਹੋਰ ਦਫ਼ਤਰਾਂ ਦੇ ਵੱਖ-ਵੱਖ ਜਨਤਕ ਸੇਵਾਵਾਂ ਪ੍ਰਦਾਨ ਕਰਨ ਵਾਲੇ ਕਾਊਂਟਰਾਂ ਦਾ ਨਿਰੀਖਣ ਕੀਤਾ ਅਤੇ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ ਲਈ ਆਏ ਲੋਕਾਂ ਨਾਲ ਸਿੱਧੀ ਗੱਲ ਕੀਤੀ। ਉਨ੍ਹਾਂ ਨੇ ਟੋਕਨ ਨੰਬਰ ਜਾਰੀ ਕਰਨ ਤੋਂ ਲੈ ਕੇ ਸੇਵਾ ਮਿਲਣ ਤੱਕ ਨਾਗਰਿਕ ਕੇਂਦਰਿਤ ਸੇਵਾਵਾਂ ਦੇ ਵੱਖ-ਵੱਖ ਪੜਾਵਾਂ ਦੀ ਸਮੀਖਿਆ ਵੀ ਕੀਤੀ।
ਡੀਸੀ ਅਮਿਤ ਤਲਵਾੜ ਨੇ ਸੇਵਾ ਕੇਂਦਰਾਂ ਅਤੇ ਸੁਵਿਧਾ ਕੇਂਦਰ ਦੇ ਪ੍ਰਬੰਧਕਾਂ ਨੂੰ ਆਦੇਸ਼ ਦਿੱਤੇ ਕਿ ਸਾਰੇ ਕਾਊਂਟਰਾਂ ਉੱਤੇ ਆਮ ਲੋਕਾਂ ਨੂੰ ਸਬੰਧਤ ਸੇਵਾਵਾਂ ਲਈ ਲੋੜੀਂਦੇ ਦਸਤਾਵੇਜ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਲੋਕਾਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ। ਉਨ੍ਹਾਂ ਚੈਕਿੰਗ ਦੌਰਾਨ ਫਰਦ ਕੇਂਦਰ ਵਿੱਚ ਲੋਕਾਂ ਦੀ ਸਹੂਲਤ ਲਈ ਹੋਰ ਕਾਊਂਟਰ ਵਧਾਉਣ ਲਈ ਕਿਹਾ ਅਤੇ ਮੌਕੇ ’ਤੇ ਇਕ ਤੋਂ ਵਧਾ ਕੇ ਦੋ ਕਾਊਂਟਰ ਕੀਤੇ ਗਏ। ਨਾਲ ਹੀ ਤਹਿਸੀਲਦਾਰ ਪੁਨੀਤ ਬਾਂਸਲ ਨੂੰ ਫਰਦ ਕੇਂਦਰ ਨੂੰ ਅਪਗਰੇਡ ਕਰਨ ਸਬੰਧੀ ਦੋ ਦਿਨਾਂ ਵਿੱਚ ਰਿਪੋਰਟ ਭੇਜਣ ਦੇ ਆਦੇਸ਼ ਦਿੱਤੇ।

ਸ੍ਰੀ ਤਲਵਾੜ ਨੇ ਕਿਹਾ ਕਿ ਟੋਕਨ ਪ੍ਰਾਪਤ ਕਰਨ ਤੋਂ ਬਾਅਦ ਲੋਕਾਂ ਨੂੰ ਨਿਰਧਾਰਿਤ ਸਮੇਂ ਵਿੱਚ ਲੋੜੀਂਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ ਅਤੇ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਦੇ ਬੈਠਣ ਲਈ ਕੁਰਸੀਆਂ ਦੀ ਵਿਵਸਥਾ ਕੀਤੀ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਰ ਪ੍ਰਕਾਰ ਦੀਆਂ ਨਾਗਰਿਕ ਸੁਵਿਧਾਵਾਂ ਦੇਣ ਲਈ ਇਹ ਸੇਵਾ ਅਤੇ ਸੁਵਿਧਾ ਕੇਂਦਰ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਹਿੱਤ ਵਿੱਚ ਇਹ ਸੇਵਾਵਾਂ ਨਾਗਰਿਕਾਂ ਨੂੰ ਮੁਹੱਈਆ ਕਰਨ ਵਿੱਚ ਕਿਸੇ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੇਵਾ ਅਤੇ ਸੁਵਿਧਾ ਕੇਂਦਰਾਂ ਦੇ ਸਟਾਫ਼ ’ਤੇ ਨਿਗਰਾਨੀ ਰੱਖਣ ਲਈ ਸਮੇਂ ਸਮੇਂ ਸਿਰ ਅਚਨਚੇਤ ਚੈਕਿੰਗ ਕੀਤੀ ਜਾਇਆ ਕਰੇਗੀ। ਡੀਸੀ ਨੇ ਸਮੂਹ ਕੇਂਦਰਾਂ ਵਿੱਚ ਕੰਮ ਕਰਨ ਵਾਲੇ ਸਟਾਫ਼ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਲੋਕਾਂ ਨਾਲ ਨਿਮਰਤਾ ਅਤੇ ਸਲੀਕੇ ਨਾਲ ਪੇਸ਼ ਆਉਣ।

Load More Related Articles
Load More By Nabaz-e-Punjab
Load More In Agriculture & Forrest

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…