ਡੀਸੀ ਆਸ਼ਿਕਾ ਜੈਨ ਨੇ ਕਣਕ ਦੀ ਸਰਕਾਰੀ ਖ਼ਰੀਦ ਲਈ ਅਗਾਊਂ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਧਿਕਾਰੀਆਂ ਨੂੰ ਕਣਕ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ

ਸ੍ਰੀਮਤੀ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਕਣਕ ਲਿਆਉਣ ਦੀ ਕੀਤੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਾਰਚ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਪਹਿਲੀ ਅਪਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਸਰਕਾਰੀ ਖ਼ਰੀਦ ਲਈ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਹਾੜ੍ਹੀ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਮੰਡੀਆਂ ਵਿੱਚ ਸੁੱਕੀ ਹੋਈ ਕਣਕ ਲਿਆਉਣ ਦੀ ਅਪੀਲ ਕੀਤੀ ਹੈ ਤਾਂ ਜੋ ਖ਼ਰੀਦ ਪ੍ਰਕਿਰਿਆ ਦੌਰਾਨ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ 46000 ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਗਈ ਹੈ ਅਤੇ 1,96,000 ਮੀਟਰਿਕ ਟਨ ਕਣਕ ਹੋਣ ਦੀ ਸੰਭਾਵਨਾ ਹੈ।
ਸ੍ਰੀਮਤੀ ਜੈਨ ਨੇ ਦੱਸਿਆ ਕਿ ਮੰਡੀਆਂ ਵਿੱਚ ਖ਼ਰੀਦ ਲਈ 1,39,053 ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਲਿਹਾਜ਼ਾ ਮੰਡੀਆਂ ਵਿੱਚ ਕਣਕ ਦੇ ਖ਼ਰੀਦ ਪ੍ਰਬੰਧਾਂ ਵਿੱਚ ਕੋਈ ਊਣਤਾਈ ਨਹੀਂ ਹੋਣੀ ਚਾਹੀਦੀ। ਉਨ੍ਹਾਂ ਮੰਡੀ ਬੋਰਡ ਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਅਤੇ ਸਟਾਫ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਮੰਡੀਆਂ ਦੇ ਰੱਖ-ਰਖਾਓ ਅਤੇ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਸਮੂਹ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਫਸਟ-ਏਡ ਕਿੱਟਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਅਣਸੁਖਾਵੀਂ ਘਟਨਾ ਦੌਰਾਨ ਮੁੱਢਲੀ ਸਹਾਇਤਾ ਦਿੱਤੀ ਜਾ ਸਕੇ। ਉਨ੍ਹਾਂ ਨੇ ਮੰਡੀਆਂ ਵਿੱਚ ਪਾਣੀ ਅਤੇ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਵੀ ਆਦੇਸ਼ ਦਿੱਤੇ।
ਸ੍ਰੀਮਤੀ ਆਸ਼ਿਕਾ ਜੈਨ ਨੇ ਖ਼ਰੀਦ ਕੇਂਦਰ ਤੋਂ ਸਟੋਰੇਜ ਪੁਆਇੰਟ ਤੱਕ ਕਣਕ ਦੀ ਢੋਆ-ਢੁਆਈ ਲਈ ਵਰਤੇ ਜਾਣ ਵਾਲੇ ਸਾਰੇ ਵਾਹਨਾਂ ਵਿੱਚ ਵਾਹਨ ਟਰੈਕਿੰਗ ਸਿਸਟਮ ਯਕੀਨੀ ਬਣਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਫ਼ਸਲ ਦੀਆਂ ਅਦਾਇਗੀਆਂ ਯਕੀਨੀ ਬਣਾਈ ਜਾਵੇ। ਡੀਸੀ ਨੇ ਖ਼ਰੀਦ ਸਮੇਂ ਦੌਰਾਨ ਮੀਂਹ ਪੈਣ ਦੀ ਸੂਰਤ ਵਿੱਚ ਮਸ਼ੀਨਾਂ ਅਤੇ ਲੋੜੀਂਦੀ ਲੇਬਰ ਦਾ ਪ੍ਰਬੰਧ ਯਕੀਨੀ ਬਣਾਉਣ ਲਈ ਵੀ ਆਖਿਆ ਤਾਂ ਜੋ ਕਿਸਾਨਾਂ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਆੜ੍ਹਤੀ ਐਸੋਸੀਏਸ਼ਨ, ਲੇਬਰ ਯੂਨੀਅਨਾਂ ਅਤੇ ਟਰਾਂਸਪੋਰਟ ਕੰਟਰੈਕਟਰਾਂ ਨਾਲ ਵੀ ਵੱਖਰੀ ਮੀਟਿੰਗ ਕੀਤੀ। ਉਨ੍ਹਾਂ ਨੇ ਸਾਰਿਆਂ ਦਾ ਪੱਖ ਧਿਆਨ ਨਾਲ ਸੁਣਿਆ ਅਤੇ ਵੱਖ-ਵੱਖ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਏਡੀਸੀ ਦਮਨਜੀਤ ਸਿੰਘ ਮਾਨ, ਐਸਡੀਐਮ ਸਰਬਜੀਤ ਕੌਰ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਸਮੇਤ ਖੁਰਾਕ ਤੇ ਸਿਵਲ ਸਪਲਾਈ, ਮੰਡੀ ਬੋਰਡ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਮੌਜੂਦ ਸਨ।

Load More Related Articles

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 3 ਮਈ: ਇੱਥੋਂ ਦੇ ਇਤਿਹਾਸ…