
ਡੀਸੀ ਆਸ਼ਿਕਾ ਜੈਨ ਵੱਲੋਂ ਬੀਡੀਪੀਓ ਦਫ਼ਤਰ ਦੀ ਅਚਨਚੇਤ ਚੈਕਿੰਗ, ਜ਼ਰੂਰੀ ਹਦਾਇਤਾਂ ਜਾਰੀ
ਅਣਗਹਿਲੀ ਕਰਨ ਵਾਲੇ ਅਫ਼ਸਰਾਂ ਤੇ ਸਟਾਫ਼ ਖ਼ਿਲਾਫ਼ ਨਿਯਮਾਂ ਮੁਤਾਬਕ ਹੋਵੇਗੀ ਕਾਰਵਾਈ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਬੀਡੀਪੀਓ ਦਫ਼ਤਰ ਖਰੜ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਹਦਾਇਤ ਕੀਤੀ ਕਿ ਸਟਾਫ਼ ਵੱਲੋਂ ਦਫ਼ਤਰੋਂ ਬਾਹਰ ਜਾਣ ਸਮੇਂ ਮੂਵਮੈਂਟ ਰਜਿਸਟਰ ਵਿਚ ਐਂਟਰੀ ਲਾਜ਼ਮੀ ਪਾਈ ਜਾਵੇ। ਜਿਹੜੇ ਕਰਮਚਾਰੀ ਅਤੇ ਅਧਿਕਾਰੀ ਮੂਵਮੈਂਟ ਰਜਿਸਟਰ ਵਿੱਚ ਐਂਟਰੀ ਕੀਤੇ ਬਿਨਾਂ ਦਫ਼ਤਰੋਂ ਬਾਹਰ ਗਏ ਹਨ, ਉਨ੍ਹਾਂ ਸਬੰਧੀ ਨਿਯਮਾਂ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅੰਮ੍ਰਿਤ ਸਰੋਵਰ ਦੇ ਕੰਮ ਜਲਦੀ ਨਿਪਟਾਉਣ ਅਤੇ ਮਨਰੇਗਾ ਸਮੇਤ ਦਫਤਰ ਨਾਲ ਸਬੰਧਤ ਬਕਾਇਆ ਕੰਮਾਂ ਨੂੰ ਜਲਦੀ ਤੋਂ ਜਲਦੀ ਨਿਪਟਾਉਣ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਦਫਤਰ ਦੇ ਰਿਕਾਰਡ ਨੂੰ ਵੀ ਘੋਖਿਆ।
ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਇਸੇ ਤਹਿਤ ਬੀਡੀਪੀਓ ਦਫ਼ਤਰ ਖਰੜ ਦੀ ਅਚਨਚੇਤ ਚੈਕਿੰਗ ਕੀਤੀ ਹੈ ਤਾਂ ਜੋ ਦਫ਼ਤਰ ਦੇ ਕੰਮਕਾਰ ਨੂੰ ਹੋਰ ਦਰੁਸਤ ਕੀਤਾ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇਂ ਸਿਰ ਦਫ਼ਤਰ ਪਹੁੰਚਣ ਅਤੇ ਆਪਣਾ ਕੰਮ ਪੂਰੀ ਤਨਦੇਹੀ ਨਾਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕਾਂ ਦੇ ਕੰਮ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਕਿਹਾ। ਇਸ ਮੌਕੇ ਏਡੀਸੀ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ ਅਤੇ ਬੀਡੀਪੀਓ ਖਰੜ ਮਹਿੰਦਰ ਸਿੰਘ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।