Nabaz-e-punjab.com

ਡੀਸੀ-ਬੈਂਸ ਵਿਵਾਦ: ਅਕਾਲੀ ਦਲ (ਟਕਸਾਲੀ) ਨੇ ਵਿਧਾਇਕ ਬੈਂਸ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ

ਸਰਕਾਰ ਵੱਲੋਂ ਵਿਧਾਇਕ ਬੈਂਸ ’ਤੇ ਬਿਨਾਂ ਜਾਂਚ ਪਰਚਾ ਦਰਜ ਕਰਨਾ ਸਿਆਸਤ ਤੋਂ ਪ੍ਰੇਰਿਤ: ਸੇਖਵਾਂ

ਪਟਾਕਾ ਫੈਕਟਰੀ ਹਾਦਸਾ: 24 ਵਿਅਕਤੀਆਂ ਦੀ ਮੌਤ ਲਈ ਜ਼ਿੰਮੇਵਾਰ ਅਫ਼ਸਰਾਂ ਵਿਰੁੱਧ ਸਖ਼ਤ ਕਾਰਵਾਈ ਕਰੇ ਸਰਕਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਸਤੰਬਰ:
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਦਫ਼ਤਰ ਵਿੱਚ ਹੋਈ ਬਹਿਸ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਵਿਧਾਇਕ ਬੈਂਸ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਹੈ। ਅੱਜ ਇੱਥੇ ਜ਼ਿਲ੍ਹਾ ਪ੍ਰਧਾਨਾਂ ਅਤੇ ਹੋਰ ਸਰਗਰਮ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਅਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਵਿਧਾਇਕ ਬੈਂਸ ਦੇ ਖ਼ਿਲਾਫ਼ ਬਿਨਾਂ ਜਾਂਚ ਪੜਤਾਲ ਤੋਂ ਪੁਲੀਸ ਕੇਸ ਦਰਜ ਕਰਨਾ ਸਿਆਸਤ ਤੋਂ ਪ੍ਰੇਰਿਤ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਪੁਲੀਸ ਨੂੰ ਸਖ਼ਤ ਹਦਾਇਤ ਕੀਤੀ ਜਾਵੇ ਅਤੇ ਆਪਣੇ ਕੰਮਾਂ ਕਾਰਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਆਉਂਦੇ ਦੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ ਤਾਂ ਜੋ ਵਿਵਾਦਾਂ ਤੋਂ ਬਚਿਆ ਜਾ ਸਕੇ।
ਟਕਸਾਲੀ ਆਗੂਆਂ ਨੇ ਕਿਹਾ ਕਿ ਕਿੰਨਾ ਚੰਗਾ ਹੁੰਦਾ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਟਾਲਾ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਮਾਰੇ ਗਏ 24 ਲੋਕਾਂ ਦੇ ਜ਼ਿੰਮੇਵਾਰ ਜ਼ਿਲ੍ਹਾ ਗੁਰਦਾਸਪੁਰ ਦੇ ਅਧਿਕਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਅਤੇ ਪਰਚਾ ਦਰਜ ਕਰਦੇ। ਜਦੋਂਕਿ ਸ੍ਰੀ ਬੈਂਸ ਖ਼ਿਲਾਫ਼ ਦਰਜ ਕੇਸ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੰਕਾਰੀ ਲਫਜ਼ਾ ਵਿੱਚ ਇਹ ਗੱਲ ਕਹਿਣੀ ਕਿ ਇਹ ਪਰਚਾ ਉਨ੍ਹਾਂ ਦੇ ਹੁਕਮਾਂ ’ਤੇ ਹੋਇਆ ਹੈ, ਇਹ ਬਹੁਤ ਹੀ ਨਿੰਦਣਯੋਗ ਹੈ। ਆਗੂਆਂ ਨੇ ਕਿਹਾ ਕਿ ਕੈਪਟਨ ਵਜ਼ਾਰਤ ਦੇ ਮੰਤਰੀ ਅਤੇ ਵਿਧਾਇਕ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਆਪਣੀ ਮਾੜੀ ਸ਼ਬਦਾਵਲੀ ਕਾਰਨ ਚਰਚਾ ਵਿੱਚ ਰਹੇ ਹਨ ਪ੍ਰੰਤੂ ਮੁੱਖ ਮੰਤਰੀ ਨੇ ਹੁਣ ਤੱਕ ਆਪਣੇ ਕਿਸੇ ਮੰਤਰੀ, ਵਿਧਾਇਕ ਜਾਂ ਆਗੂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਪਟਾਕਾ ਫੈਕਟਰੀ ਹਾਦਸੇ ਵਿੱਚ ਫੌਤ ਹੋਏ 24 ਵਿਅਕਤੀਆਂ ਦੀ ਮੌਤ ਲਈ ਜ਼ਿੰਮੇਵਾਰ ਅਫ਼ਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਵਿਧਾਇਕ ਬੈਂਸ ਅਤੇ ਹੋਰਨਾਂ ਖ਼ਿਲਾਫ਼ ਦਰਜ ਪੁਲੀਸ ਕੇਸ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਜਾਵੇ।
ਇਸ ਮੌਕੇ ਜਥੇਦਾਰ ਦਲਜੀਤ ਸਿੰਘ ਗਿੱਲ ਪ੍ਰਧਾਨ ਜ਼ਿਲ੍ਹਾ ਤਰਨਤਾਰਨ, ਜਥੇਦਾਰ ਗੁਰਜੀਵਨ ਸਿੰਘ ਸਰੌਂਦ ਪ੍ਰਧਾਨ ਜ਼ਿਲ੍ਹਾ ਸੰਗਰੂਰ, ਜਥੇਦਾਰ ਕਰਮਜੀਤ ਸਿੰਘ ਬਾਲੇਵਾਲ, ਦਲਬਾਰਾ ਸਿੰਘ ਲਹਿਲ, ਅਮਰੀਕ ਸਿੰਘ ਨਾਰੀਕੇ, ਰਾਮ ਸਿੰਘ ਮਨਵੀ ਸਾਬਕਾ ਸਰਪੰਚ, ਬਲਜਿੰਦਰ ਸਿੰਘ, ਦਲਬੀਰ ਸਿੰਘ, ਯੂਥ ਆਗੂ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਰੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਤੇਜਿੰਦਰ ਸਿੰਘ, ਹਰਪ੍ਰੀਤ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…