ਡੀਸੀ ਵੱਲੋਂ ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦੀ ਅਚਨਚੇਤ ਚੈਕਿੰਗ, ਜ਼ਰੂਰੀ ਹਦਾਇਤਾਂ ਜਾਰੀ

ਡਾਈਟ ਖ਼ਰਚਾ ਵਧਾਉਣ ਤੇ ਪੌਸ਼ਟਿਕ ਖਾਣਾ ਦੇਣ ਦੇ ਆਦੇਸ਼

ਮਰੀਜ਼ਾਂ ਨੂੰ ਨਸ਼ਾ ਛੁਡਾਊ ਕੇਂਦਰ ਦੇ ਅੰਦਰ ਬਾਗਬਾਨੀ ਦੀ ਸਿਖਲਾਈ ਦੇਣ ਲਈ ਕਿਹਾ

ਨਬਜ਼-ਏ-ਪੰਜਾਬ, ਮੁਹਾਲੀ, 21 ਮਾਰਚ:
ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਇੱਥੋਂ ਦੇ ਸੈਕਟਰ-66 ਸਥਿਤ ਸਰਕਾਰੀ ਨਸ਼ਾ-ਛੁਡਾਊ ਤੇ ਮੁੜ-ਵਸੇਬਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਇੱਥੇ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਦੀ ਵੱਧ ਤੋਂ ਵੱਧ ਸਰੀਰਕ ਗਤੀਵਿਧੀ ਕਰਵਾਈ ਜਾਵੇ ਤਾਂ ਜੋ ਉਹ ਨਸ਼ੇ ਤੋਂ ਦੂਰ ਹੋ ਸਕਣ। ਉਨ੍ਹਾਂ ਨੇ ਚੈਕਿੰਗ ਦੌਰਾਨ ਮਿਲੀਆਂ ਕਮੀਆਂ ਨੂੰ ਜਲਦੀ ਪੂਰਾ ਕਰਨ ਦੇ ਆਦੇਸ਼ ਦਿੱਤੇ।
ਇਸ ਦੌਰਾਨ ਡੀਸੀ ਨੇ ਕੇਂਦਰ ਵਿੱਚ ਇੱਕ ਕਮਰੇ ਨੂੰ ਮਰੀਜ਼ਾਂ ਦੇ ਪਾਠ-ਪੂਜਾ ਕਰਨ ਲਈ ਤਿਆਰ ਕਰਨ ਦੇ ਆਦੇਸ਼ ਵੀ ਦਿੱਤੇ, ਜਿੱਥੇ ਬੈਠ ਕੇ ਉਹ ਮੈਡੀਟੇਸ਼ਨ ਕਰ ਸਕਣ। ਇਸ ਤੋਂ ਇਲਾਵਾ ਉਨ੍ਹਾਂ ਨੇ ਮਰੀਜ਼ਾਂ ਲਈ ਯੋਗਾ ਅਭਿਆਸ ਸ਼ੁਰੂ ਕਰਵਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਬਾਗਬਾਨੀ ਦੇ ਧੰਦੇ ਦੀ ਸਿਖਲਾਈ ਦੇਣ ਲਈ ਵੀ ਕਿਹਾ ਤਾਂ ਜੋ ਉਹ ਭਵਿੱਖ ਵਿੱਚ ਸਵੈ-ਰੁਜ਼ਗਾਰ ਦੇ ਯੋਗ ਬਣ ਸਕਣ।
ਡੀਸੀ ਨੇ ਸਟਾਫ਼ ਦੀ ਘਾਟ ਪੂਰੀ ਕਰਨ ਲਈ ਮੌਕੇ ’ਤੇ ਹੀ ਸਿਵਲ ਸਰਜਨ ਸੰਗੀਤਾ ਜੈਨ ਨੂੰ ਸਟਾਫ਼ ਦੀ ਤਾਇਨਾਤੀ ਕਰਨ ਲਈ ਕਿਹਾ। ਸਟਾਫ਼ ਨੂੰ ਨਸ਼ਿਆਂ ਦੇ ਆਦੀ ਮਰੀਜ਼ਾਂ ਨਾਲ ਪਿਆਰ ਤੇ ਹਮਦਰਦੀ ਭਰਿਆ ਵਿਹਾਰ ਕੀਤਾ ਜਾਵੇ ਅਤੇ ਜੇਕਰ ਕੋਈ ਮਰੀਜ਼ ਕਿਸੇ ਗੱਲ ’ਤੇ ਸਖ਼ਤ ਪ੍ਰਤੀਕਰਮ ਕਰਦਾ ਹੈ ਤਾਂ ਉਸ ਨੂੰ ਪਿਆਰ ਅਤੇ ਹਲੀਮੀ ਨਾਲ ਸੰਭਾਲਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਇਕੋ-ਇਕ ਮਕਸਦ ਹੈ ਕਿ ਨਸ਼ੇ ਤੇ ਮਾਨਸਿਕ ਰੋਗਾਂ ਦੇ ਮਰੀਜ਼ਾਂ ਨੂੰ ਤੰਦਰੁਸਤ ਕਰ ਕੇ ਘਰ ਭੇਜਿਆ ਜਾਵੇ।
ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਡੀਸੀ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਰਹਿਣ-ਸਹਿਣ, ਖਾਣ-ਪੀਣ ਅਤੇ ਇਲਾਜ ਦੀ ਬਿਲਕੁਲ ਮੁਫ਼ਤ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਦਿੱਤੇ ਜਾਣ ਵਾਲੇ ਖਾਣੇ ਦੇ ਖ਼ਰਚਿਆਂ ਵਿੱਚ ਵਾਧੇ ਨੂੰ ਪ੍ਰਵਾਨਗੀ ਦਿੰਦੇ ਹੋਏ ਕਿਹਾ ਕਿ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿੱਚ ਪੌਸ਼ਟਿਕ ਆਹਾਰ ਦੇਣ ਲਈ ਰੋਸਟਰ ਰਜਿਸਟਰ ਤਿਆਰ ਕੀਤਾ ਜਾਵੇ। ਉਨ੍ਹਾਂ ਨੇ ਮਰੀਜ਼ਾਂ ਦੀ ਸਹੀ ਦੇਖਭਾਲ ਅਤੇ ਉਨ੍ਹਾਂ ਨੂੰ ਪਰਿਵਾਰਾਂ ਨਾਲ ਮਿਲਣ ਦਾ ਸਮਾਂ ਨਿਸ਼ਚਿਤ ਕਰਨ ਦੇ ਆਦੇਸ਼ ਵੀ ਦਿੱਤੇ। ਇਸ ਮੌਕੇ ਏਡੀਸੀ ਸ੍ਰੀਮਤੀ ਸੋਨਮ ਚੌਧਰੀ, ਸਿਵਲ ਸਰਜਨ ਡਾ. ਸੰਗੀਤਾ ਜੈਨ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰ ਪਾਲ ਕੌਰ, ਜ਼ਿਲ੍ਹਾ ਰੈੱਡ ਕਰਾਸ ਦੇ ਸਕੱਤਰ ਹਰਬੰਸ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਘੱਟੋ-ਘੱਟ ਉਜ਼ਰਤਾਂ ਦੇ ਬੇਸ ਰੇਟ ਵਿੱਚ ਵਾਧਾ ਕਰਨ ਦਾ ਮੁੱਦਾ

‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਘੱਟੋ-ਘੱਟ ਉਜ਼ਰਤਾਂ ਦੇ ਬੇਸ ਰੇਟ ਵਿੱਚ ਵਾਧਾ ਕਰਨ ਦਾ ਮੁੱਦਾ ਨਬਜ਼-ਏ-ਪੰਜਾਬ, …