ਡੀਸੀ ਵੱਲੋਂ ਨਵੇਂ ਸਾਲ ਵਿੱਚ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਹੋਰ ਸਮਰਪਣ ਤੇ ਲਗਨ ਨਾਲ ਕੰਮ ਕਰਨ ’ਤੇ ਜ਼ੋਰ
ਜ਼ਿਲ੍ਹਾ ਪ੍ਰਸ਼ਾਸਨ ਤੇ ਹੋਰਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਕੀਤੀ ਸਾਂਝੀ ਮੀਟਿੰਗ
ਨਬਜ਼-ਏ-ਪੰਜਾਬ, ਮੁਹਾਲੀ, 2 ਜਨਵਰੀ:
ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਆਮ ਨਾਗਰਿਕਾਂ ਨੂੰ ਹੋਰ ਤਨਦੇਹੀ ਅਤੇ ਲਗਨ ਨਾਲ ਜਨਤਕ ਸੇਵਾਵਾਂ ਪ੍ਰਦਾਨ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਮੂਹ ਜ਼ਿਲ੍ਹਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਸਾਲ ਦਾ ਸੰਕਲਪ ਲੋਕਾਂ ਦੀ ਸੇਵਾ ਕਰਨ ਲਈ ਸਭ ਤੋਂ ਪਹਿਲੇ ਫ਼ਰਜ਼ ਵਜੋਂ ਲੈਣਾ ਚਾਹੀਦਾ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਦਫ਼ਤਰੀ ਕਾਰਜ ਪ੍ਰਣਾਲੀਆਂ ਅਤੇ ਵਧੀਆ ਪ੍ਰਸ਼ਾਸਨ ਨਾਲੋ-ਨਾਲ ਚੱਲਦਾ ਹੈ। ਇਸ ਲਈ ਹਰੇਕ ਅਧਿਕਾਰੀ ਅਤੇ ਦਫ਼ਤਰੀ ਸਟਾਫ਼ ਨੂੰ ਪੂਰੀ ਸਮਰਪਣ ਭਾਵਨਾ ਨਾਲ ਕੰਮ ਕਰਦਾ ਚਾਹੀਦਾ ਹੈ।
ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਆਦਾਤਰ ਸੇਵਾਵਾਂ, ਸੇਵਾ ਕੇਂਦਰਾਂ ਅਤੇ ਡਾਇਲ 1076 (ਘਰ ਜਾ ਕੇ ਸੇਵਾ ਦੇਣ) ਰਾਹੀਂ ਦਿੱਤੀਆਂ ਜਾ ਰਹੀਆਂ ਹਨ ਅਤੇ ਸਾਡੀ ਡਿਊਟੀ ਅਰਜ਼ੀ ਜਮ੍ਹਾ ਹੋਣ ਤੋਂ ਬਾਅਦ ਸਾਡੇ ਲੌਗ-ਇਨ ਵਿੱਚ ਐਪਲੀਕੇਸ਼ਨ ਪ੍ਰਾਪਤ ਹੋਣ ਨਾਲ ਸ਼ੁਰੂ ਹੁੰਦੀ ਹੈ। ਭਾਵੇਂ ਵਿਸ਼ੇਸ਼ ਜਨਤਕ ਸੇਵਾਵਾਂ ਦੇ ਨਿਪਟਾਰੇ ਦੇ ਦਿਨ ਨਿਸ਼ਚਿਤ ਹਨ ਪ੍ਰੰਤੂ ਲੋਕਾਂ ਪ੍ਰਤੀ ਆਪਣੀ ਚੰਗੀ ਸਮਰਪਣ ਭਾਵਨਾ ਦਰਸਾਉਣ ਲਈ ਸਮਾਂ ਸੀਮਾ ਤੋਂ ਪਹਿਲਾਂ ਅਰਜ਼ੀ ਦਾ ਨਿਪਟਾਰਾ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੀਐਮ ਵਿੰਡੋ ਅਤੇ ਹੈਲਪ ਡੈਸਕ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਨਾਲ-ਨਾਲ ਨਾਗਰਿਕ ਸੇਵਾਵਾਂ ਵਿੱਚ ਤੇਜ਼ੀ ਲਿਆਉਣ ਲਈ ਕੰਮ ਕਰ ਰਹੇ ਹਨ ਪਰ ਜੇਕਰ ਅਸੀਂ ਆਪਣੇ ਪੱਧਰ ’ਤੇ ਬਿਨਾਂ ਕਿਸੇ ਰੁਕਾਵਟ ਦੇ ਮਸਲਿਆਂ ਦਾ ਨਿਪਟਾਰਾ ਕਰਦੇ ਹਾਂ ਤਾਂ ਸੀਐਮ ਵਿੰਡੋ ’ਤੇ ਸ਼ਿਕਾਇਤ ਦਰਜ ਕਰਵਾਉਣ ਦੀ ਲੋੜ ਨਹੀਂ ਪਵੇਗੀ।
ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਵੱਧ ਰੁਝੇਵੇਂ ਵਾਲਾ ਸਥਾਨ ਹੋਣ ਕਰਕੇ ਸਾਨੂੰ ਵੱਖ-ਵੱਖ ਸੇਵਾਵਾਂ ਲੈਣ ਲਈ ਡੀਸੀ ਦਫ਼ਤਰ ਆਉਣ ਵਾਲੇ ਸਾਰੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨਾ ਚਾਹੀਦਾ ਹੈ। ਉਨ੍ਹਾਂ ਸਖ਼ਤੀ ਨਾਲ ਕਿਹਾ ਕਿ ਜੋ ਕਈ ਆਪਣੇ ਕੰਮਾਂ-ਕਾਰਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਆਉਂਦਾ ਹੈ ਤਾਂ ਉਸ ਨੂੰ ਕੋਈ ਮੁਸ਼ਕਲ ਨਹੀਂ ਆਉਣੀ ਚਾਹੀਦੀ। ਮੀਟਿੰਗ ਵਿੱਚ ਏਡੀਸੀ (ਜ) ਵਿਰਾਜ ਐਸ ਤਿੜਕੇ, ਏਡੀਸੀ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਐਸਡੀਐਮ ਦਮਨਦੀਪ ਕੌਰ, ਸੀਐਮਐਫ਼ਓ ਦੀਪਾਂਕਰ ਗਰਗ ਅਤੇ ਸਹਾਇਕ ਕਮਿਸ਼ਨਰ ਡਾ. ਅੰਕਿਤਾ ਕਾਂਸਲ ਸਮੇਤ ਵੱਖ-ਵੱਖ ਸ਼ਾਖਾਵਾਂ ਦੇ ਸੁਪਰਡੈਂਟ ਅਤੇ ਇੰਚਾਰਜ ਹਾਜ਼ਰ ਸਨ।