ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਦਰੁਸਤ ਰੱਖਣ ਲਈ ਡੀਸੀ ਨੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

ਇਮੀਗਰੇਸ਼ਨ ਤੇ ਕੰਸਲਟੈਂਸੀ ਦੇ ਕੰਮ ਲਈ ਖੋਲ੍ਹੇ ਦਫ਼ਤਰਾਂ ’ਤੇ ਪ੍ਰਸ਼ਾਸਨ ਰੱਖੇਗਾ ਤਿੱਖੀ ਨਜ਼ਰ: ਅਮਿਤ ਤਲਵਾੜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੂਨ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਦਰੁਸਤ ਰੱਖਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੁਲੀਸ ਅਤੇ ਸਿਵ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਹੱਦ ਅੰਦਰ ਟਰੈਵਲ ਏਜੰਟਾਂ ਵੱਲੋਂ ਇਮੀਗ੍ਰੇਸ਼ਨ ਅਤੇ ਕੰਸਲਟੈਂਸੀ ਦੇ ਕਾਰੋਬਾਰ ਲਈ ਖੋਲ੍ਹੇ ਦਫ਼ਤਰਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਧਰਨੇ/ਪ੍ਰਦਰਸ਼ਨਾਂ ਲਈ ਵੀ ਢੁਕਵੀਆਂ ਥਾਵਾਂ ਤਹਿ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਜ਼ਿਲ੍ਹਾ ਜੁਡੀਸ਼ਲ ਕੰਪਲੈਕਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਹਿਲਾ ਪੁਲੀਸ ਫੋਰਸ ਅਤੇ ਪੀਸੀਆਰ ਨੂੰ ਤਾਇਨਾਤ ਕੀਤਾ ਗਿਆ ਹੈ।
ਡੀਸੀ ਅਮਿਤ ਤਲਵਾੜ ਨੇ ਦੱਸਿਆ ਕਿ ਜਿਹੜੇ ਟਰੈਵਲ ਏਜੰਟ ਲੋਕਾਂ ਨੂੰ ਵਿਦੇਸ਼ ਭੇਜਣ ਸਮੇਂ ਉਨ੍ਹਾਂ ਨਾਲ ਕਿਸੇ ਤਰ੍ਹਾਂ ਦੀ ਥੋਖੇਬਾਜੀ ਜਾਂ ਕੋਈ ਠੱਗੀ ਕਰਦਾ ਹੈ ਤਾਂ ਟਰੈਵਲ ਏਜੰਟ ਵਿਰੁੱਧ ਸ਼ਿਕਾਇਤ ਪ੍ਰਾਪਤ ਹੋਣ ’ਤੇ ਉਸ ਦੀ ਵੱਖ-ਵੱਖ ਪਹਿਲੂਆਂ ’ਤੇ ਡੂੰਘਾਈ ਨਾਲ ਛਾਣਬੀਣ ਕੀਤੀ ਜਾਵੇਗੀ ਅਤੇ ਜਾਂਚ ਵਿੱਚ ਕਸੂਰਵਾਰ ਪਾਏ ਜਾਣ ’ਤੇ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੀਸੀ ਨੇ ਪੁਲੀਸ ਪ੍ਰਸ਼ਾਸਨ ਨੂੰ ਟਰੈਵਲ ਏਜੰਟਾਂ ਵਿਰੁੱਧ ਪੈਂਡਿੰਗ ਕੇਸਾਂ ਦਾ ਨਿਬੇੜਾ ਜਲਦੀ ਕਰਕੇ ਪੜਤਾਲੀਆਂ ਰਿਪੋਰਟ ਡੀਸੀ ਦਫ਼ਤਰ ਵਿੱਚ ਭੇਜਣ ਲਈ ਵੀ ਕਿਹਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਰਿਪੋਰਟ ਮਿਲਣ ਤੋਂ ਬਾਅਦ ਸਬੰਧਤ ਟਰੈਵਲ ਏਜੰਟਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਜ਼ਿਲ੍ਹਾ ਪ੍ਰਸ਼ਾਸਨ ਦਾਗੀ ਇੰਮੀਗਰੇਸ਼ਨ ਕੰਪਨੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਾ ਰਿਹਾ ਹੈ ਅਤੇ ਹੁਣ ਹੋਰ ਜ਼ਿਆਦਾ ਸ਼ਿਕੰਜਾ ਕੱਸਿਆ ਜਾਵੇਗਾ।
ਸ੍ਰੀ ਤਲਵਾੜ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਅਤੇ ਅਮਨ ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ। ਜ਼ਿਲ੍ਹੇ ਦੀ ਹੱਦ ਅੰਦਰ ਸ਼ਰਾਰਤੀ ਅਨਸਰਾਂ ਦੀ ਰਿਹਾਇਸ਼ ਨੂੰ ਲੈ ਕੇ ਵੱਖ-ਵੱਖ ਪ੍ਰਾਈਵੇਟ ਸੁਸਾਇਟੀਆਂ ਦੀ ਚੈਕਿੰਗ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਸ਼ਰਾਰਤੀ ਅਨਸਰ ਸਾਹਮਣੇ ਆੳਂੁਦਾ ਹੈ ਤਾਂ ਉਸ ਵਿਰੁੱਧ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਚੈਕਿੰਗ ਭਵਿੱਖ ਵਿੱਚ ਵੀ ਜਾਰੀ ਰਹੇਗੀ। ਡੀਸੀ ਨੇ ਨਿੱਜੀ ਸੁਸਾਇਟੀਆਂ ਨੂੰ ਵੀ ਆਉਣ-ਜਾਣ ਵਾਲਿਆਂ ਦਾ ਪੂਰਾ ਰਿਕਾਰਡ ਰੱਖਣ ਦੀ ਹਦਾਇਤ ਕੀਤੀ ਹੈ।
ਮੀਟਿੰਗ ਵਿੱਚ ਏਡੀਸੀ (ਜਨਰਲ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਏਡੀਸੀ (ਸ਼ਹਿਰੀ ਵਿਕਾਸ) ਸ੍ਰੀਮਤੀ ਪੂਜਾ ਸਿਆਲ, ਐਸਡੀਐਮ ਹਰਬੰਸ ਸਿੰਘ, ਐਸਡੀਐਮ ਖਰੜ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਤਰਸੇਮ ਚੰਦ, ਡੀਐਸਪੀ ਸੁਰਿੰਦਰ ਮੋਹਨ ਸਿੰਘ ਸਮੇਤ ਹੋਰਨਾਂ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…