Nabaz-e-punjab.com

ਡੀਸੀ ਵੱਲੋਂ ਜ਼ਿਲ੍ਹਾ ਮੁਹਾਲੀ ਵਿੱਚ ਪਟਾਕਿਆਂ ਦੀ ਵਿਕਰੀ ਲਈ 44 ਲਾਇਸੈਂਸ ਜਾਰੀ, ਡਰਾਅ ਕੱਢਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਪਟਾਕਿਆਂ ਦੀ ਵਿਕਰੀ ਲਈ ਲੋਕਾਂ ਨੂੰ 44 ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲਨ ਦੀ ਅਗਵਾਈ ਵਿੱਚ ਵਿਸ਼ੇਸ਼ ਡਰਾਅ ਕੱਢਿਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ, ਐਸਡੀਐਮ ਜਗਦੀਪ ਸਹਿਗਲ ਅਤੇ ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲਾਇਸੈਂਸ ਜਾਰੀ ਕਰਨ ਲਈ ਬਿਨੈਕਾਰਾਂ ਦੀ ਹਾਜ਼ਰੀ ਵਿੱਚ ਡਰਾਅ ਕੱਢਣ ਦੀ ਪ੍ਰਕਿਰਿਆ ਨੂੰ ਨੇਪਰੇ ਚਾੜਿਆ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪਟਾਕੇ ਵੇਚਣ ਲਈ ਸਿਰਫ਼ 20 ਫੀਸਦੀ ਲਾਇਸੈਂਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।
ਡੀਸੀ ਗਿਰੀਸ਼ ਦਿਆਲਨ ਨੇ ਕਿਹਾ ਕਿ ਮੁਹਾਲੀ ਪ੍ਰਸ਼ਾਸਨ ਨੂੰ ਜ਼ਿਲ੍ਹੇ ਭਰ ਦੇ 44 ਲਾਇਸੈਂਸਾਂ ਲਈ ਕੁਲ 1031 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਜਿਨ੍ਹਾਂ ’ਚੋਂ 1026 ਸਹੀ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਮੁਹਾਲੀ, ਸੋਹਾਣਾ ਤੇ ਬਲੌਂਗੀ ਵਿੱਚ ਪਟਾਕਿਆਂ ਦੀ ਵਿਕਰੀ ਲਈ 14 ਲਾਇਸੈਂਸਾਂ ਲਈ 621 ਅਰਜ਼ੀਆਂ ਮਿਲੀਆਂ, ਜਦੋਂਕਿ ਕੁਰਾਲੀ ਵਿੱਚ ਪਟਾਕਿਆਂ ਦੀ ਵਿਕਰੀ ਲਈ 4 ਲਾਇਸੈਂਸ ਦਿੱਤੇ ਗਏ ਪਰ ਅਰਜ਼ੀਆਂ 52 ਪ੍ਰਾਪਤ ਹੋਈਆਂ। ਪਟਾਕਿਆਂ ਦੀ ਵਿਕਰੀ ਸਬੰਧੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਦਿਆਲਨ ਨੇ ਕਿਹਾ ਕਿ ਸਮੁੱਚੇ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ ਲਈ ਸਿਰਫ਼ 14 ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ। ਇਨ੍ਹਾਂ ਥਾਵਾਂ ਤੋਂ ਇਲਾਵਾ ਕਿਸੇ ਹੋਰ ਥਾਂ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਨਿਸ਼ਚਿਤ ਸਮਾਂ ਅਤੇ ਮਿਤੀ ਤੋਂ ਪਹਿਲਾਂ ਜਾਂ ਬਾਅਦ ਵਿੱਚ ਪਟਾਕੇ ਚਲਾਉਣ ਅਤੇ ਬਿਨਾਂ ਲਾਇਸੈਂਸ ਤੋਂ ਪਟਾਕਿਆਂ ਦੀ ਵਿਕਰੀ ਦੀ ਆਗਿਆ ਨਹੀਂ ਹੋਵੇਗੀ। ਹਾਈ ਕੋਰਟ ਨੇ ਲੋਕਹਿੱਤ ਵਿੱਚ ਅਦਾਲਤ ਦੀ ਮਨਜ਼ੂਰੀ ਤੋਂ ਬਿਨਾਂ ਪਟਾਕਿਆਂ ਦੇ ਵਪਾਰੀਆਂ ਨੂੰ ਸਥਾਈ ਲਾਇਸੈਂਸ ਜਾਰੀ ਕਰਨ ’ਤੇ ਵੀ ਮੁਕੰਮਲ ਰੋਕ ਲਗਾਈ ਗਈ ਹੈ। ਇਸ ਤੋਂ ਇਲਾਵਾ ਆਰਜ਼ੀ ਲਾਇਸੈਂਸ ਜਾਰੀ ਕਰਨ ਦੀ ਗਿਣਤੀ ਵੀ ਸੀਮਤ ਕਰ ਦਿੱਤੀ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…