ਡੀਸੀ ਮੁਹਾਲੀ ਨੇ ਝੋਨੇ ਦੀ ਸਰਕਾਰੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਖਰੀਦ ਏਜੰਸੀਆਂ ਨੂੰ ਕੀਤੀਆਂ ਹਦਾਇਤਾਂ ਮੰਡੀਆਂ ਵਿੱਚ ਕਿਸਾਨਾਂ ਨੂੰ ਨਾ ਆਵੇ ਕੋਈ ਪ੍ਰੇਸ਼ਾਨੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਕਤੂਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਚਲ ਰਹੀ ਖਰੀਦ ਦਾ ਜ਼ਾਇਜ਼ਾ ਲਿਆ ਅਤੇ ਖਰੀਦ ਏਜੰਸੀਆਂ ਨੂੰ ਹਦਾਇਤਾਂ ਕੀਤੀਆਂ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ਵਿੱਚ ਝੋਨਾ ਵੇਚਣ ਲਈ ਆਏ ਕਿਸਾਨਾਂ ਨੂੰ ਕੋਈ ਵੀ ਪਰੇਸ਼ਾਨੀ ਨਹੀਂ ਆਵੇਗੀ। ਉਨ੍ਹਾਂ ਕਮਿਸ਼ਨ ਏਜੰਟਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਖਰੀਦ ਕੀਤੇ ਝੋਨੇ ਦੀ ਨਿਰਵਿਘਨ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦੇਣ ਅਤੇ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।
ਸ੍ਰੀ ਦਿਆਲਨ ਨੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਝੋਨੇ ਦੀ ਖਰੀਦ ਸਬੰਧੀ ਹਰ ਤਰ੍ਹਾਂ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ, ਇਸ ਵਿੱਚ ਕੋਈ ਦੇਰੀ ਨਹੀਂ ਹੋਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਬਾਰਦਾਨਾ, ਸਾਧਾਨਾ ਦੀ ਆਵਾਜਾਈ ਅਤੇ ਲੇਬਰ ਆਦਿ ਦਾ ਯੋਗ ਪ੍ਰਬੰਧ ਯਕੀਨੀ ਰੱਖਿਆ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।
ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1 ਲੱਖ 32 ਹਜ਼ਾਰ 207 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 01 ਲੱਖ 32 ਹਜ਼ਾਰ 137 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ’ਚੋਂ 1 ਲੱਖ 08 ਹਜ਼ਾਰ 850 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਕਰਵਾਈ ਗਈ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 181 ਕਰੋੜ 56 ਲੱਖ ਰੁਪਏ ਜਾਰੀ ਕੀਤੇ ਗਏ ਹਨ। ਡੀਸੀ ਨੇ ਦੱਸਿਆ ਕਿ ਖਰੀਦ ਏਜੰਸੀ ਪਨਗਰੇਨ ਵੱਲੋਂ 32 ਹਜ਼ਾਰ 385 ਮੀਟਰਿਕ ਟਨ, ਮਾਰਕਫੈੱਡ ਵੱਲੋਂ 51 ਹਜ਼ਾਰ 157 ਮੀਟਰਿਕ ਟਨ, ਪਨਸਪ ਵੱਲੋਂ 22 ਹਜ਼ਾਰ 759 ਮੀਟਰਿਕ ਟਨ ,ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 16 ਹਜ਼ਾਰ 227 ਮੀਟਰਿਕ ਟਨ, ਐਫ.ਸੀ.ਆਈ ਵੱਲੋਂ 09 ਹਜ਼ਾਰ 441 ਮੀਟਰਿਕ ਟਨ ਅਤੇ ਵਾਪਰੀਆਂ ਵੱਲੋਂ 168 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਡੀਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਉਥੇ ਹੀ ਫਸਲ ਦਾ ਝਾੜ ਵੀ ਵੱਧਦਾ ਹੈ। ਜਦੋਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਣ ਹੋਣ ਦੇ ਨਾਲ-ਨਾਲ ਮਨੁੱਖੀ ਸਿਹਤ ਨੂੰ ਵੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਣ ਦਾ ਖਤਰਾ ਬਣਿਆਂ ਰਹਿੰਦਾ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…