nabaz-e-punjab.com

ਡੀਸੀ ਸ੍ਰੀਮਤੀ ਸਪਰਾ ਨੇ ਖ਼ਿਜਰਾਬਾਦ ਏਰੀਆ ਵਿੱਚ ਗ਼ੈਰ ਕਾਨੂੰਨੀ ਮਾਈਨਿੰਗ ਵਾਲੀਆਂ ਥਾਵਾਂ ’ਤੇ ਕੀਤੀ ਛਾਪੇਮਾਰੀ

ਜ਼ਿਲ੍ਹਾ ਪ੍ਰਸ਼ਾਸਨ ਦੀ ਕੁੰਭਕਰਨ ਦੀ ਨੀਂਦ ਤੋਂ ਜਾਗਿਆ, ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਕਾਰਵਾਈ ਮਹਿਜ਼ ਡਰਾਮੇਬਾਜ਼ੀ ਸੀ: ਮਲੋਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 16 ਜੁਲਾਈ
ਪੰਜਾਬ ਸਰਕਾਰ ਦੇ ਹੁਕਮਾਂ ’ਤੇ ਜ਼ਿਲ੍ਹੇ ਵਿੱਚ ਗੈਰ ਕਾਨੂੰਨੀ ਮਾਈਨਿੰਗ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆ ਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਪਿੰਡ ਖਿਜ਼ਾਰਾਬਾਦ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ’ਚ ਗੈਰ ਕਾਨੂੰਨੀ ਮਾਈਨਿੰਗ ਵਾਲੀਆਂ ਥਾਵਾਂ ਅਤੇ ਕਰੈਸ਼ਰਾਂ ਦੀ ਅਚਨਚੇਤੀ ਚੈਕਿੰਗ ਮੌਕੇ ਮਾਜਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸਪਰਾ ਨੇ ਅੱਜ ਮਾਜਰੀ ਬਲਾਕ ਦੇ ਪਿੰਡ ਖਿਜ਼ਰਾਬਾਦ, ਕੁੱਬਾਹੇੜੀ ਅਤੇ ਮੀਆਂਪੁਰ ‘ਚ ਗੈਰ ਕਾਨੂੰਨੀ ਮਾਈਨਿੰਗ ਵਾਲੀਆਂ ਥਾਵਾਂ ਅਤੇ ਸਟੋਨ ਕਰੈਸ਼ਰਾਂ ਦੀ ਅਚਨਚੇਤੀ ਛਾਪੇਮਾਰੀ ਕੀਤੀ । ਪੱਤਰਕਾਰਾਂ ਵੱਲੋਂ ਸਟੋਨ ਕਰੈਸ਼ਰਾਂ ਸਬੰਧੀ ਇਨ੍ਹਾਂ ਦੇ ਕਾਨੂੰਨੀ ਜਾਂ ਗੈਰ ਕਾਨੂੰਨੀ ਹੋਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਦੱਸਿਆ ਕਿ ਇਸ ਇਲਾਕੇ ਦੇ ਇਨ੍ਹਾਂ ਪਿੰਡਾਂ ਵਿੱਚ 35 ਦੇ ਕਰੀਬ ਸਟੋਨ ਕਰੈਸ਼ਰ ਹਨ। ਇਨ੍ਹਾਂ ਕਰੈਸ਼ਰਾਂ ਸਬੰਧੀ ਰਿਪੋਰਟ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਲਈ ਜਾਵੇਗੀ ਤਾਂ ਜੋ ਗੈਰ ਕਾਨੂੰਨੀ ਕਰੈਸ਼ਰਾਂ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ। ਸਪਰਾ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਹੋ ਰਹੀਂ ਗੈਰ ਕਾਨੂੰਨੀ ਮਾਇਨਿੰਗ ਸਬੰਧੀ ਉਨ੍ਹਾਂ ਕੋਲ ਸ਼ਿਕਾਇਤ ਪੁੱਜੀ ਸੀ ਜਿਸ ਤੇ ਉਨ੍ਹਾਂ ਵੱਲੋਂ ਇਸ ਦੀ ਚੈਕਿੰਗ ਲਈ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਦੀ ਡਿਊਟੀ ਲਗਾਈ ਸੀ ਅਤੇ ਉਨ੍ਹਾਂ ਵੱਲੋਂ ਇਸ ਸਾਈਡ ਦਾ ਦੌਰਾ ਵੀ ਕੀਤਾ ਸੀ।
ਉਨ੍ਹਾਂ ਕਿਹਾ ਕਿ ਉਹ ਖੁੱਦ ਉਸ ਸ਼ਿਕਾਇਤ ਦੇ ਅਧਾਰ ਤੇ ਹੀ ਇਸ ਇਲਾਕੇ ਵਿੱਚ ਗੈਰ ਕਾਨੂੰਨੀ ਮਾਇਨਿੰਗ ਵਾਲੀਆਂ ਸਾਈਡਾਂ ਦਾ ਦੌਰਾ ਕਰਨ ਲਈ ਪੁੱਜੇ ਹਨ। ਸਪੋਕਸਮੈਨ ਦੇ ਪੱਤਰਕਾਰ ਵੱਲੋਂ ਇਸ ਇਲਾਕੇ ਵਿੱਚ ਹੋਣ ਵਾਲੀ ਗੈਰ ਕਾਨੂੰਨੀ ਮਾਇਨਿੰਗ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਵੀ ਕੁਤਾਹੀ ਹੈ ਜਿਨ੍ਹਾਂ ਨੂੰ ਕਿ ਗੈਰ ਕਾਨੂੰਨੀ ਮਾਇਨਿੰਗ ਸਬੰਧੀ ਰਿਪੋਰਟ ਸੀਨੀਅਰ ਅਧਿਕਾਰੀਆਂ ਜਾਂ ਪੰਜਾਬ ਸਰਕਾਰ ਤੱਕ ਪੁੱਜਦੀ ਕਰਨੀ ਚਾਹੀਦੀ ਸੀ। ਕੁਤਾਹੀ ਕਰਨ ਵਾਲੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਗੈਰ ਕਾਨੂੰਨੀ ਮਾਇਨਿੰਗ ਸਬੰਧੀ ਕਿਸੇ ਵੀ ਸਬੰਧਤ ਵਿਭਾਗ ਦੇ ਅਧਿਕਾਰੀ ਵੱਲੋਂ ਉਨ੍ਹਾਂ ਦੇ ਨੋਟਿਸ ਵਿੱਚ ਨਹੀਂ ਲਿਆਂਦਾ । ਉਹ ਕੇਵਲ ਸ਼ਿਕਾਇਤ ਦੇ ਅਧਾਰ ਤੇ ਹੀ ਇਸ ਇਲਾਕੇ ਦਾ ਦੌਰਾ ਕਰਨ ਲਈ ਪੁੱਜੇ ਹਨ। ਖਿਜ਼ਰਾਬਾਦ ਦੇ ਵਸਨੀਕਾਂ ਨੇ ਡਿਪਟੀ ਕਮਿਸ਼ਨਰ ਨੁੰੂ ਦੱਸਿਆ ਕਿ ਗੈਰ ਕਾਨੂੰਨੀ ਮਾਇਨਿੰਗ ਕਰਨ ਵਾਲਿਆਂ ਵੱਲੋਂ ਚਲਾਏ ਜਾ ਰਹੇ ਟਿੱਪਰ ਜਿਨ੍ਹਾਂ ਕਾਰਨ ਲਿੰਕ ਸੜਕਾਂ ਦੀ ਖਸਤਾ ਹਾਲਤ ਹੋ ਚੁੱਕੀ ਹੈ ਅਤੇ ਸੜਕੀ ਦੁਰਘਟਨਾਵਾਂ ਵੀ ਵਾਪਰਦੀਆਂ ਹਨ।
ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਟਿੱਪਰਾਂ ਨੂੰ ਬੰਦ ਕਰਵਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨੂੰ ਵਿਸਵਾਸ਼ ਦਿਵਾਇਆ ਕਿ ਟਿੱਪਰਾਂ ਨੂੰ ਰੋਕਣ ਲਈ ਜ਼ਿਲ੍ਹਾ ਪੁਲਿਸ ਮੁਖੀ ਨੂੰ ਆਖਿਆ ਜਾਵੇਗਾ ਤਾਂ ਜੋ ਓਵਰ ਲੋਡਿਡ ਟਿੱਪਰਾਂ ਕਾਰਨ ਲਿੰਕ ਸੜਕਾਂ ਨਾ ਟੁੱਟਣ। ਡਿਪਟੀ ਕਮਿਸ਼ਨਰ ਸਪਰਾ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਨਜਾਇਜ਼ ਮਾਈਨਿੰਗ ਅਤੇ ਨਜਾਇਜ਼ ਚੱਲਦੇ ਟਿੱਪਰਾਂ ਨੂੰ ਰੋਕਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਆ ਰਹੀਆਂ ਸਮਸਿਆਵਾਂ ਦਾ ਪੁਖਤਾ ਹੱਲ ਹੋ ਸਕੇ। ਉਨ੍ਹਾਂ ਲੋਕਾਂ ਨੂੰ ਪ੍ਰਸ਼ਾਸਨ ਨੂੰ ਬਣਦਾ ਸਹਿਯੋਗ ਦੇਣ ਅਪੀਲ ਕੀਤੀ। ਇਸ ਮੌਕੇ ਵਧੀਕ ਚਰਨਦੇਵ ਸਿੰਘ ਮਾਨ, ਐਸ.ਡੀ.ਐਮ ਅਮਨਿੰਦਰ ਕੌਰ ਬਰਾੜ, ਤਹਿਸੀਲਦਾਰ ਤਰਸੇਮ ਮਿੱਤਲ, ਗੁਰਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
(ਬਾਕਸ ਆਈਟਮ)
ਭਾਵੇਂ ਇਸ ਅਚਨਚੇਤੀ ਛਾਪੇਮਾਰੀ ਨੂੰ ਬੇਸ਼ੱਕ ਗੁਪਤ ਰੱਖਿਆ ਗਿਆ ਸੀ ਪਰ ਇਸ ਦੇ ਬਾਵਜੂਦ ਕੁੱਝ ਲੋਕਾਂ ਨੇ ਡੀਸੀ ਦੀ ਇਸ ਕਾਰਵਾਈ ਨੂੰ ਵੀ ਲੀਕ ਕਰ ਦਿੱਤਾ। ਜਿਸ ਕਾਰਨ ਜਾਂਚ ਦੌਰਾਨ ਕੋਈ ਵੀ ਕਰੈਸ਼ਰ ਜਾਂ ਟਿੱਪਰ ਚੱਲਦਾ ਨਹੀਂ ਮਿਲਿਆ। ਜਿਸ ਕਾਰਨ ਡਿਪਟੀ ਕਮਿਸ਼ਨਰ ਵੱਲੋਂ ਕਿਸੇ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਉਂਜ ਇਸ ਗੁਪਤ ਛਾਪੇਮਾਰੀ ਬਾਰੇ ਬਲਾਕ ਮਾਜਰੀ ਦੀ ਪੁਲੀਸ ਅਤੇ ਨਾਇਬ ਤਹਿਸੀਲਦਾਰ ਨੂੰ ਵੀ ਜਾਣਕਾਰੀ ਨਹੀਂ ਸੀ। ਆਪ ਆਗੂ ਜਗਦੇਵ ਸਿੰਘ ਮਲੋਆ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਕਾਰਵਾਈ ਮਹਿਜ਼ ਡਰਾਮੇਬਾਜ਼ੀ ਸੀ। ਪ੍ਰਸ਼ਾਸਨ ਨੇ ਛਾਪੇਮਾਰੀ ਬਾਰੇ ਪਹਿਲਾਂ ਹੀ ਸਬੰਧਤ ਵਿਅਕਤੀਆਂ ਨੂੰ ਕਥਿਤ ਤੌਰ ’ਤੇ ਅਗਾਊਂ ਸੁਚੇਤ ਕਰ ਦਿੱਤਾ ਸੀ? ਜਿਸ ਕਾਰਨ ਛਾਪੇਮਾਰੀ ਦੌਰਾਨ ਅਧਿਕਾਰੀ ਨੂੰ ਕੋਈ ਟਿੱਪਰ ਜਾਂ ਕਰੈਸ਼ਰ ਚਲਦਾ ਨਹੀਂ ਮਿਲਿਆ ਜਦੋਂ ਕਿ ਆਮ ਦਿਨਾਂ ਵਿੱਚ ਸ਼ਰ੍ਹੇਆਮ ਗ਼ੈਰ ਕਾਨੂੰਨੀ ਮਾਈਨਿੰਗ ਹੁੰਦੀ ਰਹਿੰਦੀ ਹੈ।

Load More Related Articles
Load More By Nabaz-e-Punjab
Load More In Police

Check Also

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ ਨਬਜ਼-ਏ-ਪੰਜਾਬ, ਮੁਹਾਲੀ, 14 ਦਸੰਬ…