
ਡੀਸੀ ਦਫ਼ਤਰ ਦੇ ਮੁਲਾਜ਼ਮਾਂ ਨੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਕਾਪੀਆਂ ਸਾੜੀਆਂ
7 ਜੁਲਾਈ ਨੂੰ ਕਾਲੇ ਝੰਡੇ ਲੈ ਕੇ ਮੋਟਰ ਸਾਈਕਲ ਰੈਲੀ ਕੱਢਣ ਦਾ ਐਲਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੁਲਾਈ:
ਪੰਜਾਬ ਰਾਜ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਅਤੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਮੁਹਾਲੀ ਦੇ ਪ੍ਰਧਾਨ ਗੁਰਮੁੱਖ ਸਿੰਘ ਰੁੜਕਾ ਨੇ ਕਿਹਾ ਕਿ ਦਫ਼ਤਰੀ ਸਟਾਫ਼ ਕਾਫ਼ੀ ਦਿਨਾਂ ਤੋਂ ਹੜਤਾਲ ’ਤੇ ਹਨ ਪ੍ਰੰਤੂ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਸਾਰ ਨਹੀਂ ਲੈ ਰਹੀ ਹੈ, ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਧੱਕੇਸ਼ਾਹੀ ਨਾਲ ਲੰਗੜਾ ਤਨਖ਼ਾਹ ਕਮਿਸ਼ਨ ਲਾਗੂ ਕਰਕੇ ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰੀ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀ ਮੰਗਾਂ ਹੱਲ ਕਰਨ ਲਈ ਸਬ ਕਮੇਟੀਆਂ ਬਣਾ ਕੇ ਡੰਗ ਸਾਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨਵੇਂ ਸਿਰਿਓਂ ਸੋਧ ਕੇ ਲਾਗੂ ਕੀਤੀਆਂ ਜਾਣ।
ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤੈਅ ਕੀਤੇ ਗੁਣਾਂਕ ਦੀ ਬਜਾਇ ਮੁਲਾਜ਼ਮਾਂ ਨੂੰ 3.01 ਦੇ ਗੁਣਾਂਕ ਨਾਲ ਤਨਖ਼ਾਹਾਂ ਨਿਰਧਾਰਿਤ ਕੀਤੀਆਂ ਜਾਣ ਅਤੇ ਮਹਿੰਗਾਈ ਨੂੰ ਦੇਖਦੇ ਹੋਏ ਤਨਖ਼ਾਹ ਕਮਿਸ਼ਨ ਵਿੱਚ ਘਟਾਏ ਗਏ ਭੱਤਿਆਂ ਦੀ ਪ੍ਰਤੀਸ਼ਤਤਾ ਵਧਾਈ ਜਾਵੇ। ਉਨ੍ਹਾਂ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਲੜੀਵਾਰ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 7 ਜੁਲਾਈ ਨੂੰ ਕਾਲੇ ਝੰਡੇ ਲੈ ਕੇ ਮੋਟਰ ਸਾਈਕਲ ਰੈਲੀ ਕੱਢੀ ਜਾਵੇਗੀ।
ਇਸ ਮੌਕੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਪੰਕਜ ਗੋਇਲ, ਗੁਰਿੰਦਰ ਸਿੰਘ, ਪ੍ਰਦੀਪ ਰਤਨ, ਹਰਪ੍ਰੀਤ ਸਿੰਘ, ਵਿਜੈ ਪ੍ਰਭਾਕਰ, ਕਰਮਜੀਤ ਕੌਰ, ਰਿਤੂ ਕਪੂਰ, ਰਮਨਦੀਪ ਸਿੰਘ ਸਮੇਤ ਜ਼ਿਲ੍ਹਾ ਮੁਹਾਲੀ ਇਕਾਈ ਦੇ ਹੋਰ ਅਹੁਦੇਦਾਰ ਅਤੇ ਮੁਲਾਜ਼ਮ ਹਾਜ਼ਰ ਸਨ।