Share on Facebook Share on Twitter Share on Google+ Share on Pinterest Share on Linkedin ਡੀਸੀ ਦਫ਼ਤਰ ਦੇ ਮੁਲਾਜ਼ਮਾਂ ਨੇ ਕਾਲੇ ਝੰਡੇ ਲੈ ਕੇ ਮੋਟਰ ਸਾਈਕਲ ਰੈਲੀ ਕੱਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ: ਪੰਜਾਬ ਰਾਜ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੱਦੇ ’ਤੇ ਮੁਹਾਲੀ ਦੇ ਡੀਸੀ ਦਫ਼ਤਰ ਦੇ ਕਰਮਚਾਰੀਆਂ ਨੇ ਅੱਜ ਕਾਲੇ ਝੰਡੇ ਲੈ ਕੇ ਆਪਣੀ ਜਾਇਜ਼ ਮੰਗਾਂ ਦੇ ਹੱਕ ਵਿੱਚ ਮੋਟਰ ਸਾਈਕਲ ਰੈਲੀ ਕੱਢੀ ਗਈ। ਜੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋ ਕੇ ਸੋਹਾਣਾ ਹਸਪਤਾਲ, ਗੁਰਦੁਆਰਾ ਸਿੰਘ ਸ਼ਹੀਦਾਂ, ਟਰੈਫ਼ਿਕ ਲਾਈਟ ਚੌਕ ਕੁੰਭੜਾ, ਫੇਜ਼-7 ਅਤੇ ਫੇਜ਼-3\5 ਤੋਂ ਅੱਗੇ ਪੀਸੀਐਲ ਚੌਕ, ਆਈਵੀਵਾਈ ਹਸਪਤਾਲ, ਗੋਦਰੇਜ਼ ਅਤੇ ਰਾਧਾ ਸੁਆਮੀ ਸਤਿਸੰਗ ਚੌਕ ਤੋਂ ਹੁੰਦੀ ਹੋਈ ਵਾਪਸ ਡੀਸੀ ਦਫ਼ਤਰ ਪਹੁੰਚ ਕੇ ਸਮਾਪਤ ਹੋਈ। ਦਫ਼ਤਰੀ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਬੀਤੀ 24 ਮਈ ਤੋਂ ਕਮਲਛੋੜ ਹੜਤਾਲ ’ਤੇ ਹਨ। ਜਿਸ ਕਾਰਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਸਰਕਾਰੀ ਦਫ਼ਤਰਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਇਸ ਮੌਕੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਗੁਰਮੱੁਖ ਸਿੰਘ ਰੁੜਕਾ ਅਤੇ ਸ੍ਰੀਮਤੀ ਸੁਨੀਤਾ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਾਰਮਜ਼ ਸਾਲ 1995 ਤੋਂ ਜ਼ਿਲ੍ਹਾ ਸਦਰ ਦਫ਼ਤਰਾਂ, ਐਸਡੀਐਮ ਦਫ਼ਤਰਾਂ, ਤਹਿਸੀਲਾਂ ਅਤੇ ਉਪ ਤਹਿਸੀਲਾਂ ਵਿੱਚ ਸਾਰੀਆਂ ਕੈਟਾਗਰੀਆਂ ਦੀਆਂ ਵੱਡੀ ਗਿਣਤੀ ਅਸਾਮੀਆਂ ਘੱਟ ਸੈਕਸ਼ਨ ਵਿੱਚ ਹਨ, ਪ੍ਰੰਤੂ ਲੰਮੇ ਸਮੇਂ ਤੋਂ ਇਨ੍ਹਾਂ ਅਸਾਮੀਆਂ ’ਚੋਂ ਜ਼ਿਆਦਾਤਰ ਅਸਾਮੀਆਂ ਖਾਲੀ ਹਨ। ਉਨ੍ਹਾਂ ਕਿਹਾ ਕਿ ਸਾਢੇ ਤਿੰਨ ਦਹਾਕੇ ਬੀਤ ਜਾਣ ਦੇ ਬਾਵਜੂਦ ਖਾਲੀ ਪਈਆਂ ਅਸਾਮੀਆਂ ਨਹੀਂ ਭਰੀਆਂ ਗਈਆਂ ਹਨ। ਮੁਲਾਜ਼ਮ ਆਗੂਆਂ ਨੇ ਮੰਗ ਕੀਤੀ ਕਿ ਸਬ ਡਵੀਜ਼ਨਾਂ, ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਚਲਾ ਸਟਾਫ਼ ਪੂਰਾ ਕਰਕੇ ਸਬੰਧਤ ਲੋੜੀਂਦੇ ਦਫ਼ਤਰ, ਬਿਲਡਿੰਗਾਂ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਅਫ਼ਸਰਾਂ ਅਤੇ ਮੁਲਾਜ਼ਮਾਂ ਲਈ ਰਿਹਾਇਸ਼ ਦਾ ਪ੍ਰਬੰਧ ਅਤੇ ਵਾਹਨਾਂ ਦੀ ਘਾਟ ਪੂਰੀ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਮੁਲਾਜ਼ਮ ਵਿਰੋਧੀ ਕਾਲੇ ਕਾਨੂੰਨਾਂ ਵਾਲੇ ਪੱਤਰ ਵਾਪਸ ਲਏ ਜਾਣ, ਪੁਨਰਗਠਨ ਦਾ ਅਸਾਮੀਆਂ ’ਤੇ ਲਗਾਇਆ ਕੱਟ ਵਾਪਸ ਲਿਆ ਜਾਵੇ, ਮੌਜੂਦਾ ਵਧੀ ਹੋਈ ਵਸੋਂ ਅਨੁਸਾਰ ਹੋਰ ਸਟਾਫ਼ ਦਿੱਤਾ ਜਾਵੇ ਅਤੇ ਸੀਨੀਅਰ ਸਹਾਇਕ ਤੋਂ ਨਾਇਬ ਤਹਿਸੀਲਦਾਰ ਪਦ-ਉੱਨਤੀ ਕੋਟਾ 50 ਫੀਸਦੀ ਕੀਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ