ਡੀਸੀ ਦਫ਼ਤਰ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ, ਕੈਪਟਨ ਤੇ ਕਾਂਗੜ ਦੇ ਪੁਤਲੇ ਸਾੜੇ

ਡੀਸੀ ਦਫ਼ਤਰਾਂ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਤੁਰੰਤ ਧਿਆਨ ਦੇਵੇ ਸਰਕਾਰ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਈ:
ਡੀਸੀ ਦਫ਼ਤਰ ਐਂਪਲਾਈਜ਼ ਯੂਨੀਅਨ ਪੰਜਾਬ ਵੱਲੋਂ ਬੀਤੀ 24 ਮਈ ਤੋਂ ਕੀਤੀ ਜਾ ਰਹੀ ਕਮਲਛੋੜ ਹੜਤਾਲ ਤਹਿਤ ਸ਼ੁੱਕਰਵਾਰ ਨੂੰ ਯੂਨੀਅਨ ਦੇ ਚੇਅਰਮੈਨ ਓਮ ਪ੍ਰਕਾਸ਼ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਪੁਤਲੇ ਸਾੜੇ ਅਤੇ ਹੁਕਮਰਾਨਾਂ ਵਿਰੁੱਧ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਦੇ ਮੰਗ ਕੀਤੀ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ।
ਇਸ ਮੌਕੇ ਯੂਨੀਅਨ ਦੇ ਚੇਅਰਮੈਨ ਓਮ ਪ੍ਰਕਾਸ਼ ਅਤੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਰੁੜਕਾ ਨੇ ਕਿਹਾ ਕਿ ਡੀਸੀ ਦਫ਼ਤਰਾਂ ਵਿੱਚ ਲੋੜ ਅਨੁਸਾਰ ਕਰਮਚਾਰੀਆਂ ਦੀ ਤਾਇਨਾਤੀ ਨਾ ਕੀਤੇ ਜਾਣ ਕਾਰਨ ਦਫ਼ਤਰੀ ਸਟਾਫ਼ ’ਤੇ ਕੰਮ ਦਾ ਬਹੁਤ ਜ਼ਿਆਦਾ ਬੋਝ ਪੈ ਰਿਹਾ ਹੈ। ਇਸ ਸਬੰਧੀ ਵਾਰ ਵਾਰ ਮੰਗ ਪੱਤਰ ਸੌਂਪੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਲੋੜੀਂਦੇ ਕਰਮਚਾਰੀਆਂ ਦੀ ਭਰਤੀ ਨਹੀਂ ਕੀਤੀ ਜਾ ਰਹੀ ਬਲਕਿ ਉਲਟਾ ਨਵੇਂ ਜ਼ਿਲ੍ਹੇ ਅਤੇ ਤਹਿਸੀਲਾਂ, ਸਬ ਤਹਿਸੀਲਾਂ ਬਣਾ ਕੇ ਪਹਿਲਾ ਹੀ ਘੱਟ ਗਿਣਤੀ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ’ਚੋਂ ਨਵੇਂ ਬਣਾਏ ਜ਼ਿਲ੍ਹਾ ਮਲੇਰਕੋਟਲਾ ਵਿੱਚ ਕਰਮਚਾਰੀ ਭੇਜੇ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਕਰਮਚਾਰੀ ਦੀਆਂ ਮੰਗਾਂ ਮੰਨ ਕੇ ਜ਼ਿਲ੍ਹਾ ਹੈਡਕੁਆਰਟਰਾਂ ਵਿੱਚ ਕਰਮਚਾਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੀਆਂ ਜਾਣ।
ਉਧਰ, ਮੁਹਾਲੀ ਦੇ ਸਾਬਕਾ ਮੇਅਰ ਅਤੇ ਆਜ਼ਾਦ ਗਰੁੱਪ ਦੇ ਮੁਖੀ ਕੁਲਵੰਤ ਸਿੰਘ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਮੂਹ ਡੀਸੀ ਦਫ਼ਤਰਾਂ ਦੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਡੀਸੀ ਕਿਹਾ ਕਿ ਦਫ਼ਤਰਾਂ ਦੇ ਮੁਲਾਜ਼ਮਾਂ ਦੀਆਂ ਚਿਰਕੌਣੀਆਂ ਪਦਉੱਨਤੀਆਂ ਅਤੇ ਪ੍ਰਵਾਨਿਤ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਤਾਂ ਜੋ ਮੁਲਜ਼ਮ ਆਪਣੀ ਸੀਟਾਂ ’ਤੇ ਪਰਤ ਸਕਣ ਕਿਉਂਕਿ ਹੜਤਾਲ ਕਾਰਨ ਮੁਹਾਲੀ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਆਪਣੇ ਕੰਮਾਂ ਕਾਰਾਂ ਲਈ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਮੰਗਾਂ ਜਾਇਜ਼ ਹਨ ਅਤੇ ਸੂਬਾ ਸਰਕਾਰ ਵੀ ਇਨ੍ਹਾਂ ਬਾਰੇ ਸਹਿਮਤੀ ਵੀ ਜਤਾ ਚੁੱਕੀ ਹੈ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…