
ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਪੰਜਾਬ ਸਰਕਾਰ ਵਿਰੁੱਧ ਜ਼ਬਰਦਸਤ ਰੋਸ ਪ੍ਰਦਰਸ਼ਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੂਨ:
ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਮੁਜ਼ਾਹਰਾ ਕਰਦਿਆਂ ਹੁਕਮਰਾਨਾਂ ਵਿਰੁੱਧ ਨਾਅਰੇਬਾਜ਼ੀ ਕੀਤੀ। ਡੀਸੀ ਦਫ਼ਤਰ ਦੇ ਮੁਲਾਜ਼ਮ ਪਿਛਲੇ 17 ਦਿਨਾਂ ਤੋਂ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਹਨ। ਜਿਸ ਕਾਰਨ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ-ਕਾਰਾਂ ਲਈ ਆਉਂਦੇ ਸ਼ਹਿਰ ਅਤੇ ਦੂਰ-ਦੁਰਾਡੇ ਪਿੰਡਾਂ ਦੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਂਜ ਦਫ਼ਤਰੀ ਮੁਲਾਜ਼ਮਾਂ ਵੱਲੋਂ ਕਰੋਨਾ ਮਹਾਮਾਰੀ ਜਾਂ ਐਮਰਜੈਂਸੀ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।
ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਰੁੜਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਫ਼ਤਰੀ ਮੁਲਾਜ਼ਮਾਂ ਦੀਆਂ ਹੱਕੀਂ ਮੰਗਾਂ ਵੱਲ ਬਿਲਕੁਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨ ਲੈਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਆਗੂਆਂ ਨੇ ਆਪਣੀਆਂ ਮੰਗਾਂ ਬਾਰੇ ਦੱਸਦਿਆਂ ਕਿਹਾ ਕਿ ਸਮੂਹ ਡੀਸੀ ਦਫ਼ਤਰਾਂ ਵਿੱਚ ਸਟਾਫ਼ ਦੀ ਵੱਡੀ ਘਾਟ ਹੈ, ਪ੍ਰੰਤੂ ਸਰਕਾਰ ਵੱਲੋਂ ਨਵੀਂ ਭਰਤੀ ਕਰਨ ਦੀ ਥਾਂ ਮੌਜੂਦਾ ਮੁਲਾਜ਼ਮਾਂ ’ਤੇ ਕਈ ਕਈ ਸੀਟਾਂ ਦਾ ਵਾਧੂ ਬੋਝ ਪਾ ਕੇ ਬੁੱਤਾ ਸਾਰਿਆ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮ ਬਹੁਤ ਟੈਂਸ਼ਨ ਵਿੱਚ ਹਨ। ਉਨ੍ਹਾਂ ਮੰਗ ਕੀਤੀ ਕਿ ਪਦਉੱਨਤੀਆਂ, ਨਾਇਬ ਤਹਿਸੀਲਦਾਰ ਲਈ ਕੋਟਾ ਵਧਾਉਣਾ, ਛੇਵਾਂ ਤਨਖ਼ਾਹ ਕਮਿਸ਼ਨ ਤੁਰੰਤ ਲਾਗੂ ਕਰਨਾ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਕੀਤੀ ਜਾਵੇ। ਇਸ ਮੌਕੇ ਚੇਅਰਮੈਨ ਵਿਜੈ ਪ੍ਰਭਾਕਰ, ਸੀਨੀਅਰ ਮੀਤ ਪ੍ਰਧਾਨ ਪ੍ਰਦੀਪ ਕੁਮਾਰ, ਮੀਤ ਪ੍ਰਧਾਨ ਪੰਕਜ ਕੁਮਾਰ, ਮਹਿਲਾ ਵਿੰਗ ਦੀ ਪ੍ਰਧਾਨ ਸ੍ਰੀਮਤੀ ਕਰਮਜੀਤ ਕੌਰ, ਮੀਤ ਪ੍ਰਧਾਨ ਸ੍ਰੀਮਤੀ ਹਰਜਿੰਦਰ ਕੌਰ ਸਮੇਤ ਹੋਰ ਅਹੁਦੇਦਾਰ ਅਤੇ ਦਫ਼ਤਰੀ ਕਰਮਚਾਰੀ ਹਾਜ਼ਰ ਸਨ।