ਡੀਸੀ ਵੱਲੋਂ ਮੱਛਰਾਂ ਦੇ ਖ਼ਤਰੇ ਨੂੰ ਰੋਕਣ ਲਈ ਸਵੇਰੇ ਤੇ ਸ਼ਾਮ ਵੇਲੇ ਸਰਗਰਮੀ ਨਾਲ ਫੌਗਿੰਗ ਮੁਹਿੰਮ ਚਲਾਉਣ ਦੇ ਆਦੇਸ਼

ਡੀਸੀ ਵੱਲੋਂ ਸਿਹਤ ਵਿਭਾਗ ਤੇ ਹੋਰਨਾ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ:
ਕਿਸੇ ਵੀ ਸਥਿਤੀ ਵਿੱਚ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਖ਼ਾਤਮੇ ਲਈ ਚੱਲ ਰਹੀ ਲੜਾਈ ਵਿੱਚ ਕੋਈ ਢਿੱਲ ਨਾ ਦਿੱਤੀ ਜਾਵੇ। ਇਹ ਗੱਲ ਆਖ਼ਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜ਼ਿਲ੍ਹਾ ਸਿਹਤ ਵਿਭਾਗ, ਸਥਾਨਕ ਸਰਕਾਰਾਂ ਅਤੇ ਵੱਖ-ਵੱਖ ਵਿਭਾਗਾਂ ਨੂੰ ਮੱਛਰਾਂ ਦੇ ਖ਼ਤਰੇ ਨੂੰ ਰੋਕਣ ਲਈ ਸਰਗਰਮੀ ਨਾਲ ਫੌਗਿੰਗ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਪੁਲੀਸ ਵਿਭਾਗ,ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਦੇ ਅਧਿਕਾਰੀਆਂ ਨੂੰ ਪੈਂਡਿੰਗ ਪਏ ਕੰਮਾਂ ਦਾ ਜਲਦੀ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪੈਂਡਿੰਗ ਕੇਸਾਂ ਦੇ ਜਲਦ ਨਿਪਟਾਰੇ ਲਈ ਹਰ ਅਧਿਕਾਰੀ ਦੇ ਫੋਨ ਤੇ ਰੋਜ਼ਾਨਾ ਅਲਰਟ ਮੈਸਿਜ ਭੇਜਣ ਦੀ ਵਿਧੀ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਸਮ ਵਿੱਚ ਬਦਲਾਅ ਨਾਲ ਮੱਛਰਾਂ ਦਾ ਖ਼ਤਰਾ ਵਧ ਰਿਹਾ ਹੈ। ਇਸ ਲਈ ਉਨ੍ਹਾਂ ਘਰਾਂ ਦੀ ਚਲਾਨਿੰਗ ਦੇ ਨਾਲ ਫੌਗਿੰਗ ਅਤੇ ਘਰ-ਘਰ ਕੰਟੇਨਰ ਸਰਵੇਖਣ ਤੇਜ਼ ਕੀਤਾ ਜਾਵੇ, ਜਿੱਥੇ ਮੱਛਰਾਂ ਦਾ ਲਾਰਵਾ ਪਾਇਆ ਜਾਂਦਾ ਹੈ। ਹਰੇਕ ਫੌਗਿੰਗ ਵਾਹਨ ਨੂੰ ਦਿਨ ਵਿੱਚ ਸਿਰਫ਼ ਇੱਕ ਵਾਰ ਚਾਲੂ ਕਰਨ ਦੀ ਬਜਾਏ, ਉਨ੍ਹਾਂ ਨੂੰ ਦੋ ਵਾਰ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਸਵੇਰ ਅਤੇ ਸ਼ਾਮ ਨੂੰ ਫੌਗਿੰਗ ਉੱਤੇ ਵੱਧ ਜ਼ੋਰ ਦਿੱਤਾ ਜਾਵੇ ਤਾਂ ਕਿ ਵੱਧ ਤੋਂ ਵੱਧ ਖੇਤਰਾਂ ਨੂੰ ਨਿਯਮਤ ਰੂਪ ਵਿੱਚ ਕਵਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਾਣੀ ਦੇ ਟੈਕਰਾਂ ਦੀ ਸਾਫ਼-ਸਫ਼ਾਈ ਕਰਵਾਈ ਜਾਵੇ ਅਤੇ ਪਾਣੀ ਦੇ ਸੈਂਪਲ ਇਕੱਤਰ ਕੀਤੇ ਜਾਣ। ਉਨ੍ਹਾਂ ਅੱਗੇ ਕਿਹਾ ਕਿ ਨਾਲੀਆਂ ਦੇ ਨੇੜੇ ਮੈਡੀਸਨਲ ਪਾਊਡਰ ਦਾ ਛਿੜਕਾਅ ਕੀਤਾ ਜਾਵੇ ਅਤੇ ਸੰਘਣੀ ਆਬਾਦੀ ਵਾਲੇ ਇਲਾਕਿਆਂ, ਝੁੱਗੀਆਂ ਅਤੇ ਤੰਗ ਗਲੀਆਂ ਵਿੱਚ ਲਗਾਤਾਰ ਰੋਗਾਣੂ ਮੁਕਤ ਕਰਨ ਲਈ ਛਿੜਕਾਅ ਮੁਹਿੰਮ ਚਲਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਵਿਭਾਗਾਂ ਨੂੰ ਕਿਹਾ ਕਿ ਜੇਕਰ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਦੀ ਲੋੜ ਹੈ ਤਾਂ ਲਿਖਤੀ ਰੂਪ ਵਿੱਚ ਦਿੱਤਾ ਜਾਵੇ।
ਉਨ੍ਹਾਂ ਪੁਲੀਸ ਵਿਭਾਗ ਦੇ ਅਧਿਕਾਰੀਆਂ ਨੂੰ ਅਸਲਾ ਲਾਇਸੰਸ ਅਤੇ ਅਸਲਾ ਵੈਰੀਫਿਕੇਸ਼ਨ ਸਬੰਧੀ ਬਕਾਇਆ ਕੇਸਾਂ ਦਾ ਛੇਤੀ ਤੋਂ ਛੇਤੀ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਸਥਾਨਕ ਸਰਕਾਰਾਂ ਨੂੰ ਜਨਮ ਤੇ ਮੌਤ ਸਬੰਧੀ ਸਰਟੀਫਿਕੇਟਾਂ ਦੇ ਪੈਂਡਿੰਗ ਕੇਸਾਂ ਨੂੰ ਜਲਦ ਨਿਪਟਾਉਣ ਦੇ ਹੁਕਮ ਦਿੱਤੇ। ਅਮਿਤ ਤਲਵਾਰ ਨੇ ਕਿਹਾ ਕਿ ਲੋਕਾਂ ਦੇ ਮਸਲੇ ਹੱਲ ਕਰਨ ਵਿੱਚ ਕੋਈ ਢਿੱਲ ਨਾ ਕੀਤੀ ਜਾਵੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਅਤੇ ਮਲੇਰੀਆ ਵਿਰੁੱਧ ਲੜਾਈ ਵਿੱਚ ਸਹਿਯੋਗ ਦੇਣ ਕਿਉਂਕਿ ਡੇਂਗੂ ਲਈ ਜ਼ਿੰਮੇਵਾਰ ਏਡੀਜ਼ ਮੱਛਰ ਸਿਰਫ਼ ਤਾਜ਼ੇ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਹੀ ਕੱਟਦਾ ਹੈ। ਉਨ੍ਹਾਂ ਕਿਹਾ ਕਿ ਕੂਲਰਾਂ, ਟਾਇਰਾਂ, ਫਰਿੱਜਾਂ ਦੀਆਂ ਟਰੇਆਂ, ਗਮਲਿਆਂ ਅਤੇ ਟੁੱਟੀਆਂ ਫੁੱਟੀਆਂ ਵਸਤੂਆਂ ਵਿੱਚ ਮੱਛਰਾਂ ਦਾ ਵੱਧ ਪ੍ਰਜਨਨ ਹੁੰਦਾ ਹੈ। ਇਸ ਲਈ ਇਨ੍ਹਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਇਸ ਮੌਕੇ ਏਡੀਸੀ ਸ੍ਰੀਮਤੀ ਕੋਮਲ ਮਿੱਤਲ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਤਰਸੇਮ ਚੰਦ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …