Nabaz-e-punjab.com

ਡੀਸੀ ਵੱਲੋਂ ਗੰਦੇ ਨਾਲਿਆਂ ਤੇ ਚੋਆਂ ਦੀ ਸਫ਼ਾਈ ਦਾ ਕੰਮ 30 ਜੂਨ ਤੋਂ ਪਹਿਲਾਂ ਮੁਕੰਮਲ ਕਰਨ ਦੇ ਹੁਕਮ

ਹੜ੍ਹਾਂ ਤੋਂ ਬਚਾਅ ਸਬੰਧੀ ਕਾਰਜਾਂ ਦਾ ਨਿਰੀਖਣ ਲਈ ਵੱਖ-ਵੱਖ ਵਿਭਾਗਾਂ ਦੇ ਅਫ਼ਸਰਾਂ ਨਾਲ ਕੀਤੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੂਨ:
ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹਾਂ ਦੇ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕੇ ਗਏ ਹਨ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੁਹਾਲੀ ਜ਼ਿਲ੍ਹੇ ’ਚੋਂ ਲੰਘਦੇ ਗੰਦੇ ਨਾਲਿਆਂ ਅਤੇ ਚੋਆਂ ਦੀ ਸਫ਼ਾਈ ਦਾ ਕੰਮ 30 ਜੂਨ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰਨ ਦੇ ਹੁਕਮ ਚਾੜੇ ਗਏ ਹਨ ਤਾਂ ਜੋ ਬਰਸਾਤੀ ਸੀਜ਼ਨ ਦੌਰਾਨ ਪਾਣੀ ਦੀ ਨਿਕਾਸੀ ਹੋ ਸਕੇ। ਇਹ ਹੁਕਮ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਅੱਜ ਸੰਭਾਵੀ ਹੜ੍ਹਾਂ ਤੋਂ ਬਚਾਅ ਸਬੰਧੀ ਕਾਰਜਾਂ ਦਾ ਨਿਰੀਖਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਆਨਲਾਈਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਾਰੀ ਕੀਤੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ’ਚ ਪ੍ਰਮੁੱਖ ਤੇ ਲਿੰਕ ਸੜਕਾਂ ’ਤੇ ਬਣੇ ਹੋਏ ਪੁਲਾਂ ਤੇ ਪੁਲੀਆਂ ਦੀ ਸਫ਼ਾਈ ਵੀ ਯਕੀਨੀ ਬਣਾਈ ਜਾਵੇ।
ਐਸਡੀਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਸਫ਼ਾਈ ਦੇ ਕੰਮ ਦੀ ਉਹ ਖ਼ੁਦ ਨਿਗਰਾਨੀ ਕਰਨ ਅਤੇ ਸਾਰੀਆਂ ਡਰੇਨਾਂ, ਚੋਆਂ ਦੀ ਸਫ਼ਾਈ ਦੇ ਕੰਮ ਨੂੰ ਪਹਿਲ ਦੇ ਆਧਾਰ ’ਤੇ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਨੇ ਨਗਰ ਨਿਗਮ ਦੇ ਕਮਿਸ਼ਨਰ ਅਤੇ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਖੇਤਰਾਂ ਵਿੱਚ ਸਟਰੋਮ ਡਰੇਨਾਂ ਨੂੰ ਸਾਫ਼ ਕੀਤਾ ਜਾਵੇ ਅਤੇ ਸ਼ਹਿਰੀ ਖੇਤਰ ’ਚੋਂ ਲੰਘਦੇ ਨਿਕਾਸੀ ਨਾਲਿਆਂ ਤੇ ਚੋਆ ਦੀ ਡੀਸਿਲਟਿੰਗ ਕਾਰਵਾਈ ਜਾਵੇ। ਇਸ ਦੇ ਨਾਲ ਨਾਲ ਸਾਰੇ ਪੰਪਿੰਗ ਸੈੱਟਾਂ ਨੂੰ ਵੀ ਚਾਲੂ ਹਾਲਤ ਵਿੱਚ ਤਿਆਰ ਰੱਖਿਆ ਜਾਵੇ।
ਡੀਸੀ ਨੇ ਅਧਿਕਾਰੀਆਂ ਨੂੰ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਲੋੜੀਂਦਾ ਸਮਾਨ, ਕਿਸ਼ਤੀਆਂ, ਚੱਪੂ, ਲਾਈਫ਼ ਜੈਕਟਾਂ, ਟੈਂਟ, ਬਾਂਸ, ਪੌਲੀਥੀਨ ਸ਼ੀਟਾਂ, ਤਰਪਾਲਾਂ ਅਤੇ ਸਰਚ ਲਾਈਟਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ। ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਮੌਕੇ ਖਾਣ ਪੀਣ ਦੇ ਸਮਾਨ ਦੀ ਵਿਵਸਥਾ ਕਰਨ ਦੇ ਆਦੇਸ਼ ਦਿੱਤੇ। ਸਿਹਤ ਵਿਭਾਗ ਨੂੰ ਬਰਸਾਤ ਦੇ ਮੌਸਮ ਤੋਂ ਪਹਿਲਾਂ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਪੁਖ਼ਤਾ ਪ੍ਰਬੰਧ ਕਰਨ ਲਈ ਕਿਹਾ।
ਹੜ੍ਹ ਆਉਣ ਦੀ ਸਥਿਤੀ ਵਿੱਚ ਪ੍ਰਭਾਵਿਤ ਵਿਅਕਤੀਆਂ ਨੂੰ ਠਹਿਰਾਉਣ ਲਈ ਢੁਕਵੀਆਂ ਸਰਕਾਰੀ ਬਿਲਡਿੰਗਾਂ ਦੀ ਅਗੇਤੇ ਹੀ ਪਛਾਣ ਕਰਨ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ। ਉਨ੍ਹਾਂ ਨੇ ਵਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਰਸਾਤੀ ਪਾਣੀ ਦੇ ਨਿਕਾਸ ਵਿੱਚ ਰੁਕਾਵਟ ਪਾਉਣ ਵਾਲੇ ਦਰਖ਼ਤਾਂ ਸਬੰਧੀ ਸਮੱਸਿਆ ਦਾ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਐਸਡੀਐਮਜ਼, ਤਹਿਸੀਲਦਾਰ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਅਤੇ ਸਿਹਤ ਵਿਭਾਗ ਨੂੰ ਹੜ੍ਹ ਆਉਣ ਦੀ ਸਥਿਤੀ ਵਿੱਚ ਰਾਹਤ ਕੈਂਪ ਲਗਾਉਣ ਲਈ ਪ੍ਰਬੰਧ ਕਰਨ ਲਈ ਕਿਹਾ।
ਮੀਟਿੰਗ ਵਿੱਚ ਏਡੀਸੀ (ਜਨਰਲ) ਸ੍ਰੀਮਤੀ ਆਸ਼ਿਕਾ ਜੈਨ, ਏਡੀਸੀ (ਵਿਕਾਸ) ਰਾਜੀਵ ਗੁਪਤਾ, ਮੁਹਾਲੀ ਨਿਗਮ ਦੇ ਕਮਿਸ਼ਨਰ ਡਾ. ਕਮਲ ਗਰਗ, ਐਸਡੀਐਮ ਜਗਦੀਪ ਸਹਿਗਲ, ਖਰੜ ਦੇ ਐਸਡੀਐਮ ਹਿਮਾਂਸ਼ੂ ਜੈਨ, ਐਸਡੀਐਮ ਡੇਰਾਬੱਸੀ ਕੁਲਦੀਪ ਬਾਵਾ, ਡੀਆਰਓ ਗੁਰਜਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਅਧਿਆਪਕ ਤੇ ਕਰਮਚਾਰੀ ਯੂਨੀ…