ਡੀਸੀ ਵੱਲੋਂ ਮੀਆਂਪੁਰ ਚੰਗਰ ਵਿੱਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ

ਐਸਡੀਐਮ ਦੀ ਅਗਵਾਈ ਹੇਠ ਨਾਇਬ ਤਹਿਸੀਲਦਾਰ ਤੇ ਮਾਈਨਿੰਗ ਅਧਿਕਾਰੀਆਂ ਨੇ ਕੀਤਾ ਮੌਕੇ ਦਾ ਮੁਆਇਨਾ

ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ’ਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ: ਡੀਸੀ

ਨਬਜ਼-ਏ-ਪੰਜਾਬ, ਮੁਹਾਲੀ, 8 ਫਰਵਰੀ:
ਜ਼ਿਲ੍ਹਾ ਪ੍ਰਸ਼ਾਸਨ ਨੇ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਖ਼ਿਲਾਫ਼ ਸਖ਼ਤ ਸ਼ਿਕੰਜਾ ਕੱਸ ਦਿੱਤਾ ਹੈ। ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਪਿੰਡ ਮੀਆਂਪੁਰ ਚੰਗਰ ਖੇਤਰ ਵਿੱਚ ਗੈਰ-ਕਾਨੂੰਨੀ ਖ਼ਿਲਾਫ਼ ਫੌਰੀ ਐਫ਼ਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਮੀਆਂਪੁਰ ਚੰਗਰ ਖੇਤਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੀ ਸੂਚਨਾ ਮਿਲਣ ’ਤੇ ਖਰੜ ਦੇ ਐਸਡੀਐਮ ਗੁਰਮੰਦਰ ਸਿੰਘ ਦੀ ਅਗਵਾਈ ਹੇਠ ਨਾਇਬ ਤਹਿਸੀਲਦਾਰ ਮਾਜਰੀ ਰਘਵੀਰ ਸਿੰਘ, ਕਾਰਜਕਾਰੀ ਇੰਜੀਨੀਅਰ ਡਰੇਨੇਜ-ਕਮ-ਮਾਈਨਜ਼ ਅਤੇ ਭੂ-ਵਿਗਿਆਨ, ਆਕਾਸ਼ ਅਗਰਵਾਲ ਅਤੇ ਐੱਸਡੀਓ ਪ੍ਰਦੀਪ ਕੁਮਾਰ ’ਤੇ ਆਧਾਰਿਤ ਟੀਮ ਨੂੰ ਅੱਜ ਸ਼ਾਮ ਮੌਕੇ ’ਤੇ ਜਾਇਜ਼ਾ ਲੈਣ ਭੇਜਿਆ ਗਿਆ।
ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ ਮੁੱਢਲੀ ਰਿਪੋਰਟ ਅਨੁਸਾਰ ਜਿਸ ਥਾਂ ’ਤੇ ਮਾਈਨਿੰਗ ਦੀਆਂ ਗਤੀਵਿਧੀਆਂ ਦੇ ਨਿਸ਼ਾਨ ਮਿਲੇ ਹਨ, ਉਹ ਗੈਰ-ਕਾਨੂੰਨੀ ਹੈ। ਸਾਈਟ ਤੋਂ ਕੱਢੀ ਗਈ ਸਮੱਗਰੀ ਰੇਤ, ਬਜਰੀ ਅਤੇ ਮਿੱਟੀ ਦਾ ਮਿਸ਼ਰਨ ਹੈ। ਉਨ੍ਹਾਂ ਦੱਸਿਆ ਕਿ ਕਾਰਜਕਾਰੀ ਇੰਜੀਨੀਅਰ, ਡਰੇਨੇਜ-ਕਮ-ਮਾਈਨਜ਼ ਅਤੇ ਜਿਓਲੋਜੀ ਦੀ ਰਿਪੋਰਟ ਅਨੁਸਾਰ ਜ਼ਿਲ੍ਹਾ ਪੁਲੀਸ ਨੂੰ ਜਾਂਚ ਸ਼ੁਰੂ ਕਰਨ ਲਈ ਪਰਚਾ ਦਰਜ ਲਈ ਕਿਹਾ ਗਿਆ ਹੈ।
ਡੀਸੀ ਨੇ ਸਪੱਸ਼ਟ ਕੀਤਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਕਿਸੇ ਨੂੰ ਗੈਰ-ਕਾਨੂੰਨੀ ਮਾਈਨਿੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਣਨ ਗਤੀਵਿਧੀਆਂ ਦਾ ਰਿਕਾਰਡ ਲੈਣ ਲਈ ਸੂਰਜ ਸੈੱਟ ਤੋਂ ਬਾਅਦ ਜ਼ਿਲ੍ਹੇ ਵਿੱਚ ਕੋਈ ਮਾਈਨਿੰਗ ਗਤੀਵਿਧੀਆਂ ਨਹੀਂ ਹੋਣਗੀਆਂ। ਇਸ ਤੋਂ ਇਲਾਵਾ ਕਾਰਜਕਾਰੀ ਇੰਜੀਨੀਅਰ, ਡਰੇਨੇਜ-ਕਮ-ਮਾਈਨਜ਼ ਅਤੇ ਜੀਓਲੋਜੀ ਨੂੰ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਸੀਸੀਟੀਵੀ ਕੈਮਰੇ ਦੀ ਨਿਗਰਾਨੀ ਸਮੇਤ ਸਾਰੀਆਂ ਸਾਵਧਾਨੀਆਂ ਵਰਤਣ ਲਈ ਕਿਹਾ ਗਿਆ ਹੈ। ਡੀਸੀ ਨੇ ਮੁੜ ਦੁਹਰਾਇਆ ਕਿ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਪ੍ਰਵਾਨਿਤ ਕਾਨੂੰਨੀ ਥਾਵਾਂ ਤੋਂ ਹੀ ਮਾਈਨਿੰਗ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਵੀ ਗੈਰ ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 7 …