ਡੀਸੀ ਵੱਲੋਂ ਸਮੂਹ ਐਸਡੀਐਮਜ਼ ਨੂੰ ਦੋ ਦਿਨਾਂ ਵਿੱਚ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਵੰਡਣ ਦੇ ਆਦੇਸ਼

ਪੀੜਤ ਕਿਸਾਨਾਂ ਦੇ ਖਾਤਿਆਂ ਵਿੱਚ ਰਾਸ਼ੀ ਪਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਬੈਂਕਾਂ ਨੂੰ ਕਿਹਾ

ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਹੁਣ ਤੱਕ 45 ਲੱਖ ਰੁਪਏ ਤੋਂ ਵੱਧ ਦਾ ਮੁਆਵਜ਼ਾ ਮਿਲਿਆ

ਨਬਜ਼-ਏ-ਪੰਜਾਬ, ਮੁਹਾਲੀ, 27 ਅਗਸਤ:
ਪਿਛਲੇ ਦਿਨਾਂ ਦੌਰਾਨ ਹੜ੍ਹਾਂ ਕਾਰਨ ਮੁਹਾਲੀ ਜ਼ਿਲ੍ਹੇ ਵਿੱਚ ਵੀ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ ਅਤੇ ਪੀੜਤ ਕਿਸਾਨ ਯੋਗ ਮੁਆਵਜ਼ੇ ਦੀ ਮੰਗ ਕਰਦੇ ਆ ਰਹੇ ਹਨ। ਸਿਆਸੀ ਵਿਰੋਧੀ ਧਿਰਾਂ ਵੀ ਇਸ ਮੁੱਦੇ ’ਤੇ ਸਰਕਾਰ ਨੂੰ ਘੇਰਨ ਦਾ ਕੋਈ ਮੌਕਾ ਖੁੰਝਣ ਨਹੀਂ ਰਹੀਆਂ ਹਨ।
ਉਧਰ, ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਸਮੂਹ ਉਪ ਮੰਡਲ ਮੈਜਿਸਟਰੇਟਾਂ (ਐਸਡੀਐਮਜ਼) ਨੂੰ ਦੋ ਦਿਨਾਂ ਵਿੱਚ ਮੁਆਵਜ਼ਾ ਰਾਸ਼ੀ ਵੰਡ ਦੀ ਕਾਰਵਾਈ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸਬੰਧਤ ਬੈਂਕਾਂ ਨੂੰ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਉਹ ਤੁਰੰਤ ਪ੍ਰਭਾਵ ਨਾਲ ਪ੍ਰਭਾਵਿਤ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਪਾਉਣ ਲਈ ਸਰਕਾਰੀ ਛੁੱਟੀਆਂ ਦੌਰਾਨ ਵੀ ਕੰਮ ਕਰਨਾ ਯਕੀਨੀ ਬਣਾਉਣ ਤਾਂ ਜੋ ਪੀੜਤ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਰਾਸ਼ੀ ਮਿਲ ਸਕੇ।
ਡੀਸੀ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਤੌਰ ’ਤੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਆਮ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਮੁਆਵਜ਼ਾ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਲਈ ਮੁਆਵਜ਼ਾ ਰਾਸ਼ੀ ਵੰਡਣ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਲਈ ਪੰਜਾਬ ਸਰਕਾਰ ਵੱਲੋਂ 3 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ ਹੈ। ਜਿਸ ’ਚੋਂ 1.30 ਕਰੋੜ ਰੁਪਏ ਹੜ੍ਹਾਂ ਕਾਰਨ ਘਰ/ਛੱਤਾਂ ਗੁਆ ਚੁੱਕੇ ਵਿਅਕਤੀਆਂ ਨੂੰ ਦਿੱਤੇ ਜਾ ਚੁੱਕੇ ਹਨ ਜਦੋਂਕਿ ਬਾਕੀ 1.70 ਕਰੋੜ ਫ਼ਸਲਾਂ ਦੇ ਨੁਕਸਾਨ ਦੀ ਪੂਰਤੀ ਲਈ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 45 ਲੱਖ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਸਿੱਧੇ ਤੌਰ ’ਤੇ ਪ੍ਰਭਾਵਿਤ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾ ਚੁੱਕੀ ਹੈ ਜਦੋਂਕਿ ਬਾਕੀ ਮੁਆਵਜ਼ਾ ਰਾਸ਼ੀ ਵੀ ਇਨ੍ਹਾਂ ਦੋ ਦਿਨਾਂ ਤੱਕ ਵੰਡਣ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਐਸਡੀਐਮਜ਼ ਨੂੰ ਨੁਕਸਾਨ ਦਾ ਬਕਾਇਆ ਰਹਿੰਦਾ ਮੁਲਾਂਕਣ (ਗਿਰਦਾਵਰੀ) ਵੀ ਤੁਰੰਤ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਪੀੜਤ ਵਿਅਕਤੀਆਂ ਨੂੰ ਮੁਆਵਜ਼ੇ ਦੀ ਰਾਸ਼ੀ ਲਈ ਹੋਰ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਸ਼ਿਆਮਕਰਨ ਤਿੜਕੇ ਨੂੰ ਮੁਆਵਜ਼ਾ ਰਾਸ਼ੀ ਵੰਡਣ ਦੇ ਕੰਮ ਦੀ ਨਿੱਜੀ ਤੌਰ ’ਤੇ ਨਿਗਰਾਨੀ ਰੱਖਣ ਦਾ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਪੀੜਤ ਕਿਸਾਨ ਜਾਂ ਆਮ ਨਾਗਰਿਕ ਹੜ੍ਹਾਂ ਦੌਰਾਨ ਨੁਕਸਾਨੇ ਦੀ ਭਰਪਾਈ ਲਈ ਸਿੱਧੇ ਤੌਰ ’ਤੇ ਉਨ੍ਹਾਂ ਨੂੰ ਮਿਲ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…