ਡੀਸੀ ਵੱਲੋਂ ਸਾਰੇ ਸਾਈਨ ਬੋਰਡ 21 ਫਰਵਰੀ ਤੋਂ ਪਹਿਲਾਂ ਪੰਜਾਬੀ ਵਿੱਚ ਲਿਖਣਾ ਯਕੀਨੀ ਬਣਾਉਣ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਫਰਵਰੀ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਮੁਹਾਲੀ ਜ਼ਿਲ੍ਹੇ ਅਧੀਨ ਆਉਂਦੇ ਸਮੂਹ ਸਰਕਾਰੀ ਅਤੇ ਅਰਧ ਸਰਕਾਰੀ ਦਫ਼ਤਰਾਂ ਦੇ ਨਾਲ ਨਾਲ ਨਿੱਜੀ ਅਦਾਰਿਆਂ ਨੂੰ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਆਪੋ-ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਵਾਉਣਾ ਯਕੀਨੀ ਬਣਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਅੱਜ ਇਹ ਹੁਕਮ ਜਾਰੀ ਕਰਦੇ ਹੋਏ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ 21 ਫਰਵਰੀ ਨੂੰ ਕੌਮਾਂਤਰੀ ਮਾਂ-ਬੋਲੀ ਦਿਵਸ ਤੱਕ ਸਾਰੇ ਸਰਕਾਰੀ ਤੇ ਨਿੱਜੀ ਅਦਾਰਿਆਂ ਦੇ ਬੋਰਡਾਂ ’ਤੇ ਪੰਜਾਬੀ ਨੂੰ ਪਹਿਲਾ ਸਥਾਨ ਦੇਣ ਦੀ ਸਮਾਂ ਸੀਮਾ ਨਿਰਧਾਰਿਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬੀ ਮਾਂ ਬੋਲੀ ਨੂੰ ਪਹਿਲ ਦੇਣ ਲਈ ਪੰਜਾਬ ਸਰਕਾਰ ਨੇ ਸਰਕਾਰੀ, ਅਰਧ ਸਰਕਾਰੀ ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ, ਵਪਾਰਕ ਅਦਾਰਿਆਂ, ਸਿੱਖਿਆ ਸੰਸਥਾਵਾਂ, ਕਾਰਪੋਰੇਸ਼ਨਾਂ ਆਦਿ ਦੇ ਦਫ਼ਤਰਾਂ ਤੋਂ ਇਲਾਵਾ ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ, ਵਪਾਰਕ ਅਦਾਰਿਆਂ ਦੇ ਬੋਰਡ ਵੀ ਪੰਜਾਬੀ ਭਾਸ਼ਾ ਵਿੱਚ ਲਗਾਉਣਾ ਜ਼ਰੂਰੀ ਬਣਾਇਆ ਗਿਆ ਹੈ। ਡੀਸੀ ਨੇ 21 ਫਰਵਰੀ ਤੋਂ ਪਹਿਲਾਂ ਹਰ ਕਿਸਮ ਬੋਰਡ ਨੂੰ ਪੰਜਾਬੀ ਭਾਸ਼ਾ ਵਿੱਚ ਲਿਖਣ ਦਾ ਕੰਮ ਮੁਕੰਮਲ ਕਰਨ ਦੀ ਹਦਾਇਤ ਜਾਰੀ ਕਰਦੇ ਹੋਏ ਕਿਹਾ ਕਿ ਇਨ੍ਹਾਂ ਸਾਈਨ ਬੋਰਡਾਂ ਉੱਤੇ ਸਭ ਤੋਂ ਉੱਪਰ ਪੰਜਾਬੀ ਭਾਸ਼ਾ ਵਿੱਚ ਨਾਂ ਵਗੈਰਾ ਲਿਖਿਆ ਹੋਣਾ ਚਾਹੀਦਾ ਹੈ ਅਤੇ ਜੇਕਰ ਕਿਸੇ ਨੇ ਜਾਣਕਾਰੀ ਕਿਸੇ ਹੋਰ ਭਾਸ਼ਾ ਵਿੱਚ ਵੀ ਲਿਖਣੀ ਹੈ ਤਾਂ ਉਹ ਪੰਜਾਬੀ ਭਾਸ਼ਾ ਤੋਂ ਹੇਠਾਂ ਲਿਖੀ ਜਾ ਸਕਦੀ ਹੈ।
ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੁਸਾਇਟੀ ਐਕਟ ਅਤੇ ਫੈਕਟਰੀ ਐਕਟ ਦੇ ਹੇਠ ਰਜਿਸਟਰਡ ਅਦਾਰਿਆਂ ਆਦਿ ਦੇ ਬੋਰਡ ਵੀ ਪੰਜਾਬੀ ਵਿੱਚ ਲਿਖਣ ਦੀ ਹਦਾਇਤ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਸੜਕਾਂ ਦੇ ਨਾਂ, ਨਾਮ ਪਲੇਟਾਂ, ਮੀਲ ਪੱਥਰਾਂ, ਸਾਈਨ ਬੋਰਡ ਵੀ ਪੰਜਾਬੀ ਭਾਸ਼ਾ ਵਿੱਚ ਲਿਖਣੇ ਲਾਜ਼ਮੀ ਕੀਤੇ ਗਏ ਹਨ।

Load More Related Articles

Check Also

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ ਫਾਈਨਲ…