
ਡੀਸੀ ਨੇ ਰੈਵੀਨਿਊ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ, ਸਮੀਖਿਆ ਮੀਟਿੰਗ ਕੀਤੀ
ਪਟਵਾਰੀਆਂ ਦੇ ਰਿਕਾਰਡ ਦੀ ਸਮੇਂ-ਸਮੇਂ ’ਤੇ ਚੈਕਿੰਗ ਕਰਨ ਦੇ ਆਦੇਸ਼
ਅਧਿਕਾਰੀਆਂ ਨੂੰ ਬਕਾਇਆ ਕੇਸਾਂ ਦਾ ਮਿਥੇ ਸਮੇਂ ਵਿੱਚ ਨਬੇੜਾ ਕਰਨ ਦੇ ਨਿਰਦੇਸ਼ ਜਾਰੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੂਨ
ਜ਼ਿਲ੍ਹਾ ਰੈਵੀਨਿਊ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਮਾਲ ਵਿਭਾਗ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਬਕਾਇਆ ਕੇਸਾਂ ਦਾ ਮਿਥੇ ਸਮੇਂ ਵਿੱਚ ਨਬੇੜਾ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਏਡੀਸੀ (ਜਨਰਲ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਐਸਡੀਐਮ ਹਰਬੰਸ ਸਿੰਘ, ਐਸਡੀਐਮ ਖਰੜ ਰਵਿੰਦਰ ਸਿੰਘ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਸਹਾਇਕ ਕਮਿਸ਼ਨ ਤਰਸੇਮ ਚੰਦ, ਰੈਵੀਨਿਊ ਅਫ਼ਸਰ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਡੀਸੀ ਅਮਿਤ ਤਲਵਾੜ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਲੋਕਾਂ ਨੂੰ ਮਾਲ ਵਿਭਾਗ ਦੇ ਕੰਮਾਂ ਸਬੰਧੀ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ ਅਤੇ ਸਾਰੇ ਕੰਮ ਮਿੱਥੇ ਸਮੇਂ ਵਿੱਚ ਹੋਣੇ ਚਾਹੀਦੇ ਹਨ। ਇਹ ਨਿਰਦੇਸ਼ ਵੀ ਦਿੱਤੇ ਗਏ ਕਿ ਨਿਸ਼ਾਨਦੇਹੀਆਂ, ਤਕਸੀਮ ਖ਼ਾਨਗੀ, ਫ਼ੌਜਦਾਰੀ ਕੇਸਾਂ, ਝਗੜੇ ਰਹਿਤ ਇੰਤਕਾਲਾਂ, ਝਗੜੇ ਵਾਲੇ ਇੰਤਕਾਲਾਂ, ਖ਼ਾਨਗੀ ਤਬਾਦਲੇ ਆਦਿ ਕੇਸਾਂ ਦਾ ਨਿਪਟਾਰਾ ਮਿੱਥੇ ਸਮੇਂ ਵਿਚ ਕੀਤਾ ਜਾਵੇ। ਉਨ੍ਹਾਂ ਕਿਹਾ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਤਹਿਸੀਲ ਦਫਤਰਾਂ ਵਿੱਚ ਆਏ ਲੋਕਾਂ ਲਈ ਪਾਣੀ ਆਦਿ ਦਾ ਵੀ ਧਿਆਨ ਰੱਖਿਆ ਜਾਵੇ ਤਾਂ ਜੋਕਿ ਕਿਸੇ ਵਿਅਕਤੀ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਡੀਸੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਟਵਾਰੀਆਂ ਦੇ ਰਿਕਾਰਡ ਦੀ ਸਮੇਂ-ਸਮੇਂ ’ਤੇ ਚੈਕਿੰਗ ਕਰਦੇ ਰਹਿਣ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਣਗਹਿਲੀ ਨਾ ਹੋਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਆਨਲਾਈਨ ਸੁਵਿਧਾਵਾਂ ਪ੍ਰਾਪਤ ਕਰਵਾਈਆਂ ਜਾਣ ਤਾਂ ਜੋ ਲੋਕਾਂ ਦੇ ਕੰਮ ਜਲਦੀ ਅਤੇ ਆਸਾਨੀ ਨਾਲ ਹੋ ਸਕਣ। ਇਸ ਤੋਂ ਇਲਾਵਾ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਵੱਲੋਂ ਫੁਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿੱਚ ਵੀ ਤੇਜ਼ੀ ਲਿਆਉਣ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪੱਧਰ ਤੇ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਤੁਰੰਤ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਸ ਨੂੰ ਹੱਲ ਕੀਤਾ ਜਾ ਸਕੇ।