
ਡੀਸੀ ਨੇ ਜ਼ਿਲ੍ਹਾ ਵਾਤਾਵਰਨ ਕਮੇਟੀ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੁਲਾਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਏਡੀਸੀ (ਸ਼ਹਿਰੀ ਵਿਕਾਸ) ਸ੍ਰੀਮਤੀ ਪੂਜਾ ਐਸ ਗਰੇਵਾਲ ਨੇ ਵੱਖ-ਵੱਖ ਸਟੇਕ ਹੋਲਡਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਵਾਤਾਵਰਨ ਯੋਜਨਾ ਨੂੰ ਲਾਗੂ ਕਰਨ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ, ਉਨ੍ਹਾਂ ਵਲੋਂ ਐਨਜੀਟੀ ਨਿਗਰਾਨੀ ਕਮੇਟੀ ਦੀ ਮੀਟਿੰਗ ਦੇ ਫੈਸਲਿਆਂ ਦੀ ਪਾਲਣਾ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ’ਤੇ ਚਰਚਾ ਕੀਤੀ ਗਈ।
ਡੀਸੀ ਨੇ ਜ਼ਿਲ੍ਹੇ ਵਿੱਚ ਸਿੰਗਲ ਯੂਜ਼ਡ ਪਲਾਸਟਿਕ ਬੈਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚੈਕਿੰਗ ਅਤੇ ਲਾਗੂ ਕਰਨ ’ਤੇ ਜ਼ੋਰ ਦਿੱਤਾ। ਇਸ ਸਬੰਧੀ ਉਨ੍ਹਾਂ ਨੇ ਸਥਾਨਕ ਸੰਸਥਾਵਾਂ, ਗਮਾਡਾ ਅਤੇ ਪੀਪੀਸੀਬੀ ਦੇ ਅਧਿਕਾਰੀਆਂ ਨੂੰ ਸਥਾਨਕ ਗੈਰ ਸਰਕਾਰੀ ਸੰਗਠਨਾਂ, ਸੈਲਫ਼ ਹੈਲਪ ਗਰੁੱਪਾਂ ਨਾਲ ਜੁੜਨ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਣੇ ਦਫ਼ਤਰਾਂ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਅਤੇ ਆਪਣੇ ਦਫ਼ਤਰ ਨੂੰ ਸਿੰਗਲ ਯੂਜ਼ ਪਲਾਸਟਿਕ ਮੁਕਤ ਘੋਸ਼ਿਤ ਕਰਨ ਲਈ ਵੀ ਨਿਰਦੇਸ਼ ਦਿੱਤੇ।
ਡੀਸੀ ਵੱਲੋਂ ਸਥਾਨਕ ਸੰਸਥਾਵਾਂ, ਗਮਾਡਾ, ਪੀਐਸਆਈਈਸੀ ਅਤੇ ਪੀ.ਡਬਲਿਊ.ਐਸਐਸਬੀ ਵੱਲੋਂ ਲਗਾਏ ਗਏ ਸੀਵਰੇਜ ਟਰੀਟਮੈਂਟ ਪਲਾਂਟਾਂ (ਐਸਟੀਪੀ) ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਸਬੰਧਤ ਅਥਾਰਟੀ ਨੂੰ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨ ਅਤੇ ਐਸਟੀਪੀ ਦੀ ਸਥਾਪਨਾ ਅਤੇ ਅਪਗ੍ਰੇਡੇਸ਼ਨ ਲਈ ਸਮਾਂ-ਸੀਮਾਵਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵੱਲੋਂ ਮੀਟਿੰਗ ਵਿੱਚ ਸੋਲਿਡ ਵੇਸਟ, ਲੈਗੇਸੀ ਵੇਸਟ, ਲੀਚੇਟ, ਉਸਾਰੀ ਅਤੇ ਢਾਹੁਣ ਵਾਲੇ ਵੇਸਟ ਅਤੇ ਈ-ਵੇਸਟ ਦੇ ਨਿਪਟਾਰੇ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ ਗਈ। ਇਸ ਮੌਕੇ ਏਡੀਸੀ (ਵਿਕਾਸ) ਅਮਰਦੀਪ ਸਿੰਘ ਗੁਜ਼ਰਾਲ ਅਤੇ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।