ਡੀਸੀ ਨੇ ਗਣਤੰਤਰ ਦਿਵਸ ਸਮਾਰੋਹ ਦੀਆਂ ਅਗਾਊਂ ਤਿਆਰੀਆਂ ਦਾ ਜਾਇਜ਼ਾ ਲਿਆ, ਜ਼ਿੰਮੇਵਾਰੀਆਂ ਸੌਂਪੀਆਂ
1500 ਵਿਦਿਆਰਥੀਆਂ ਨੂੰ ਠੰਢੇ ਮੌਸਮ ਤੋਂ ਬਚਾਉਣ ਕਰਨ ਲਈ ਦਿੱਤੇ ਜਾਣਗੇ ‘ਬਾਡੀ ਵਾਰਮਰਜ਼’
ਪ੍ਰਾਪਤੀਆਂ ਨੂੰ ਦਰਸਾਉਣ ਜਾਂ ਭਲਾਈ ਸਕੀਮਾਂ ਬਾਰੇ ਝਾਕੀਆਂ ਵੀ ਬਣਨਗੀਆਂ ਆਰ ਡੇਅ ਪਰੇਡ ਦਾ ਹਿੱਸਾ
ਨਬਜ਼-ਏ-ਪੰਜਾਬ, ਮੁਹਾਲੀ, 7 ਜਨਵਰੀ:
ਮੁਹਾਲੀ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਤਿਆਰੀਆਂ ਜੰਗੀ ਪੱਧਰ ’ਤੇ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਮੁਹਾਲੀ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਗਣਤੰਤਰ ਦਿਵਸ ਦੇ ਜਸ਼ਨਾਂ ਦੀਆਂ ਤਿਆਰੀ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ। ਉਨ੍ਹਾਂ ਨੇ ਹੱਡ ਚੀਰਵੀਂ ਠੰਢ ਅਤੇ ਸੀਤ ਲਹਿਰ ਦੇ ਮੱਦੇਨਜ਼ਰ ਵੱਖ-ਵੱਖ ਪ੍ਰੋਗਰਾਮ ਪੇਸ਼ ਕਰਨ ਵਾਲੇ ਸਕੂਲੀ ਬੱਚਿਆਂ ਨੂੰ ਠੰਢ ਤੋਂ ਬਚਾਅ ਲਈ ‘ਬਾਡੀ ਵਾਰਮਰਜ਼’ ਮੁਹੱਈਆ ਕਰਵਾਉਣ ਲਈ ਆਖਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਨੇ ਡੀਸੀ ਨੂੰ ਅਪੀਲ ਕੀਤੀ ਕਿ ‘ਬਾਡੀ ਵਾਰਮਰਜ਼’ ਦੀ ਮੌਜੂਦਾ ਗਿਣਤੀ 1500 ਤੋਂ ਵਧਾ ਕੇ 2000 ਕੀਤੀ ਜਾਵੇ।
ਡੀਸੀ ਨੇ ਵਿਭਾਗਾਂ ਦੇ ਮੁਖੀਆਂ ਨੂੰ ਵੱਖ-ਵੱਖ ਕਾਰਜਾਂ ਦੀ ਵੰਡ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਸਾਰੇ ਕੰਮ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇਗੀ। ਸੜਕਾਂ ਦੀ ਸਫ਼ਾਈ ਅਤੇ ਮੁਰੰਮਤ ਸਮੇਤ ਸਟੇਜ ਅਤੇ ਹੋਰ ਸੈਟਅਪ ਦੀ ਤਿਆਰੀ ਤੋਂ ਇਲਾਵਾ ਰਿਹਰਸਲ ਅਤੇ ਸਮਾਗਮ ਵਾਲੇ ਦਿਨ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਅਤੇ ਮੈਡੀਕਲ ਸਹਾਇਤਾ ਦੇਣ ’ਤੇ ਜ਼ੋਰ ਦਿੱਤਾ।
ਮੁੱਖ ਮੰਤਰੀ ਫੀਲਡ ਅਫ਼ਸਰ ਦੀਪਾਂਕਰ ਗਰਗ ਨੂੰ ਸਭਿਆਚਾਰਕ ਪੇਸ਼ਕਾਰੀਆਂ ਨੂੰ ਅੰਤਿਮ ਰੂਪ ਦੇਣ ਲਈ ਕਿਹਾ ਗਿਆ। ਡੀਡੀਪੀਓ ਬਲਜਿੰਦਰ ਸਿੰਘ ਗਰੇਵਾਲ ਨੂੰ ਏਡੀਸੀ (ਪੇਂਡੂ ਵਿਕਾਸ) ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਪ੍ਰਾਪਤੀਆਂ/ਭਲਾਈ ਸਕੀਮਾਂ ਦੇ ਆਧਾਰਿਤ ਝਾਕੀਆਂ ਤਿਆਰ ਕਰਨ ਵਿੱਚ ਸਹਿਯੋਗ ਦੇਣ ਲਈ ਕਿਹਾ।
ਡੀਸੀ ਨੇ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਮਾਗਮ ਵਿੱਚ ਹਿੱਸਾ ਲੈਣ ਤੋਂ ਪਹਿਲਾਂ ਨਾਸ਼ਤਾ/ਰਿਫਰੈਸ਼ਮੈਂਟ ਦਿੱਤੀ ਜਾਵੇ ਅਤੇ ਖਾਣੇ ਦਾ ਨਮੂਨਾ ਫੂਡ ਸੇਫ਼ਟੀ ਅਧਿਕਾਰੀਆਂ ਵੱਲੋਂ ਲਿਆ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਵੀਰਤਾ ਪੁਰਸਕਾਰ ਜੇਤੂ ਸਾਬਕਾ ਫੌਜੀ ਵਿਅਕਤੀ/ਪਰਿਵਾਰ ਵੀ ਸਮਾਗਮ ਵਿੱਚ ਸ਼ਿਰਕਤ ਕਰਨਗੇ। ਲਿਹਾਜ਼ਾ ਜ਼ਿਲ੍ਹਾ ਰੱਖਿਆ ਭਲਾਈ ਸੇਵਾਵਾਂ ਦਫ਼ਤਰ ਵੱਲੋਂ ਅਜਿਹੇ ਵਿਅਕਤੀਆਂ/ਪਰਿਵਾਰਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ।
ਮੀਟਿੰਗ ਵਿੱਚ ਏਡੀਸੀ (ਜਨਰਲ) ਵਿਰਾਜ ਐਸ ਤਿੜਕੇ, ਕਮਿਸ਼ਨਰ ਟੀ ਬੈਨਿਥ, ਏਡੀਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਐਸਡੀਐਮ ਦਮਨਦੀਪ ਕੌਰ, ਸੀਐਮਐਫ਼ਓ ਦੀਪਾਂਕਰ ਗਰਗ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਸਿਵਲ ਸਰਜਨ ਡਾ. ਸੰਗੀਤਾ ਜੈਨ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।