ਡੀਸੀ ਨੇ ਅਪਗਰੇਡ ਕੀਤੇ ਜਾਣ ਵਾਲੇ ਹਸਪਤਾਲ ਦੇ ਉਸਾਰੀ ਕਾਰਜਾਂ ਦਾ ਲਿਆ ਜਾਇਜ਼ਾ

ਠੇਕੇਦਾਰਾਂ ਨੂੰ ਹਸਪਤਾਲ ਦੀ ਉਸਾਰੀ ਕਾਰਜ ਛੇਤੀ ਮੁਕੰਮਲ ਕਰਨ ਦੇ ਆਦੇਸ਼, ਭਾਜਪਾ ਆਗੂ ਨੇ ਚੁੱਕਿਆ ਸੀ ਮੁੱਦਾ

ਸਿਵਲ ਸਰਜਨ ਨੂੰ ਬਿਜਲੀ ਦਾ ਲੋਡ ਵਧਾਉਣ ਲਈ ਪਾਵਰਕੌਮ ਕੋਲ ਅਪਲਾਈ ਕਰਨ ਲਈ ਕਿਹਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਈ:
ਇੱਥੋਂ ਦੇ 3ਬੀ2 ਵਿੱਚ ਪ੍ਰਾਇਮਰੀ ਹੈਲਥ ਸੈਂਟਰ ਨੂੰ ਅਪਗਰੇਡ ਕਰਕੇ ਕਮਿਊਨਿਟੀ ਹੈਲਥ ਸੈਂਟਰ (ਮਿੰਨੀ ਹਸਪਤਾਲ) ਬਣਾਇਆ ਜਾ ਰਿਹਾ ਹੈ। ਹਾਲਾਂਕਿ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਸਿਆਸੀ ਲਾਹਾ ਲੈਣ ਲਈ ਜਲਦਬਾਜ਼ੀ ਵਿੱਚ ਅਧੂਰੀ ਇਮਾਰਤ ਦਾ ਉਦਘਾਟਨ ਕਰ ਦਿੱਤਾ ਸੀ ਪ੍ਰੰਤੂ ਭਾਜਪਾ ਆਗੂ ਸੰਜੀਵ ਵਸ਼ਿਸ਼ਟ ਵੱਲੋਂ ਇਹ ਮੁੱਦਾ ਚੁੱਕੇ ਜਾਣ ਕਾਰਨ ਸਿਹਤ ਸੇਵਾਵਾਂ ਦੇ ਮਾਮਲੇ ਵਿੱਚ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ।
ਮੀਡੀਆ ਵਿੱਚ ਖ਼ਬਰਾਂ ਪ੍ਰਕਾਸ਼ਿਤ ਹੋਣ ਤੋਂ ਬਾਅਦ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਹਸਪਤਾਲ ਦਾ ਦੌਰਾ ਕਰਕੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਠੇਕੇਦਾਰ ਨੂੰ ਸਖ਼ਤ ਹਦਾਇਤ ਕੀਤੀ ਕਿ ਹਸਪਤਾਲ ਦੀ ਉਸਾਰੀ ਦਾ ਬਾਕੀ ਕੰਮ ਛੇਤੀ ਮੁਕੰਮਲ ਕੀਤਾ ਜਾਵੇ ਤਾਂ ਜੋ ਇੱਥੇ ਇਲਾਕੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਠੇਕੇਦਾਰ ਨੇ ਦੱਸਿਆ ਕਿ ਅਦਾਲਤ ਦੇ ਹੁਕਮਾਂ ਕਾਰਨ ਇਹ ਕੰਮ ਥੋੜਾ ਪਛੜ ਗਿਆ ਹੈ ਕਿਉਂਕਿ ਪਾਬੰਦੀ ਕਾਰਨ ਸਿਰਫ਼ ਦਿਨ ਵੇਲੇ ਹੀ ਉਸਾਰੀ ਦਾ ਕੰਮ ਕੀਤਾ ਜਾ ਸਕਦਾ ਹੈ ਪਰ ਹੁਣ ਦੋ ਮਹੀਨਿਆਂ ਵਿੱਚ ਸਾਰਾ ਕੰਮ ਪੂਰਾ ਕਰ ਲਿਆ ਜਾਵੇਗਾ।
ਡੀਸੀ ਤਲਵਾੜ ਨੇ ਠੇਕੇਦਾਰਾਂ ਨੂੰ ਹਦਾਇਤ ਕੀਤੀ ਕਿ ਉਸਾਰੀ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਰੱਖਿਆ ਜਾਵੇ ਅਤੇ ਉਸਾਰੀ ਅਧੀਨ ਖੇਤਰ ਨੂੰ ਮੌਜੂਦਾ ਪੀਐਚਸੀ ਤੋਂ ਵੱਖ ਕੀਤਾ ਜਾਵੇ ਤਾਂ ਜੋ ਇੱਥੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਉਸਾਰੀ ਕਾਰਜਾਂ ਵਿੱਚ ਢਿੱਲ-ਮੱਠ ਤੇ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਹਸਪਤਾਲ ਵਿੱਚ ਕਰੀਬ 100 ਮਰੀਜ਼ ਆਊਟਡੋਰ ਇਲਾਜ ਲਈ ਆਉਂਦੇ ਹਨ। ਇਸ ’ਤੇ ਡੀਸੀ ਨੇ ਡਾਕਟਰਾਂ ਦੇ ਬੈਠਣ ਦਾ ਢੁਕਵਾਂ ਪ੍ਰਬੰਧ ਯਕੀਨੀ ਬਣਾਉਣ ਮਰੀਜ਼ਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਸਿਹਤ ਸੇਵਾਵਾਂ ਲਈ ਲੋੜੀਂਦੇ ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਅਤੇ ਬੁਨਿਆਦੀ ਢਾਂਚੇ ਦੀ ਲੋੜ ਨੂੰ ਦਰਸਾਉਂਦੇ ਹੋਏ ਇੱਕ ਮੰਗ ਪੱਤਰ ਤਿਆਰ ਕਰਕੇ ਸਿਹਤ ਵਿਭਾਗ ਦੇ ਮੁੱਖ ਦਫ਼ਤਰ ਨੂੰ ਭੇਜਿਆ ਜਾਵੇ ਤਾਂ ਜੋ ਸਮੇਂ ਸਿਰ ਇਮਾਰਤ ਨੂੰ ਮਨਜ਼ੂਰੀ ਮਿਲ ਸਕੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਬਿਜਲੀ ਦਾ ਲੋਡ ਵਧਾਉਣ ਲਈ ਤੁਰੰਤ ਪਾਵਰਕੌਮ ਕੋਲ ਅਪਲਾਈ ਕੀਤਾ ਜਾਵੇ ਅਤੇ ਐਂਬੂਲੈਂਸ ਲਈ ਐਂਟਰੀ ਗੇਟ ਨੂੰ ਚੌੜਾ ਕੀਤਾ ਜਾਵੇ। ਇਸ ਮਗਰੋਂ ਡੀਸੀ ਅਮਿਤ ਤਲਵਾੜ ਨੇ ਸਿਵਲ ਹਸਪਤਾਲ ਦਾ ਦੌਰਾ ਕਰਕੇ ਪੀਐਸਏ ਆਕਸੀਜਨ ਪਲਾਂਟ ਦੇ ਕੰਮ ਦਾ ਜਾਇਜ਼ਾ ਲਿਆ।

ਇਸ ਮੌਕੇ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਅਤੇ ਐਸਐਮਓ ਡਾ. ਵਿਜੈ ਭਗਤ ਵੀ ਮੌਜੂਦ ਸਨ।

Load More Related Articles

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …