Nabaz-e-punjab.com

ਡੀਸੀ ਨੇ ਲਗਾਤਾਰ ਪੈ ਰਹੀ ਬਾਰਸ਼ ਕਾਰਨ ਹੜ੍ਹ ਕੰਟਰੋਲ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੁਹਾਲੀ ਪ੍ਰਸ਼ਾਸਨ ਘੱਗਰ ਦੇ ਨੀਵੇਂ ਇਲਾਕਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ

ਨਿਕਾਸੀ ਕੇਂਦਰ ਭੋਜਨ, ਚਾਰਾ ਅਤੇ ਹੋਰ ਜ਼ਰੂਰੀ ਚੀਜ਼ਾਂ ਨਾਲ ਤਿਆਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੁਲਾਈ:
ਘੱਗਰ ਦੇ ਪਾਣੀ ਦਾ ਵਹਾਅ ਸੱਤ ਫੁੱਟ ਦੇ ਨਿਸ਼ਾਨ ਨੂੰ ਛੂਹਣ ਤੋਂ ਬਾਅਦ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਅੱਜ ਨਦੀ ਦੇ ਨੀਵੇਂ ਇਲਾਕਿਆਂ ਵਿੱਚ ਸਾਰੇ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਕਿਉਂਕਿ ਅਜੇ ਇਸ ਤੋਂ ਵੀ ਵੱਧ ਬਾਰਸ਼ ਹੋਣ ਦੀ ਸੰਭਾਵਨਾ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਹਰ ਸਮੇਂ ਚੌਕਸ ਰਹਿਣ ਦੀ ਗੱਲ ਆਖਦਿਆਂ ਸ੍ਰੀ ਦਿਆਲਨ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਦੀ ਨਿਗਰਾਨੀ ਲਈ ਪ੍ਰਸ਼ਾਸਕੀ ਕੰਪਲੈਕਸ ਵਿੱਚ 24 ਘੰਟੇ ਫਲੱਡ ਕੰਟਰੋਲ ਰੂਮ ਕਾਰਜਸ਼ੀਲ ਹੈ ਅਤੇ ਜ਼ਰੂਰੀ ਚੀਜ਼ਾਂ ਨਾਲ ਲੈਸ ਨਿਕਾਸੀ ਕੇਂਦਰ ਕਿਸੇ ਵੀ ਸਥਿਤੀ ਲਈ ਤਿਆਰ ਹਨ। ਹੜ੍ਹ ਕੰਟਰੋਲ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਡੀਸੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਰਹੇਗਾ ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਸੰਵੇਦਨਸ਼ੀਲ ਥਾਵਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਹੜ੍ਹ ਦੀ ਸੰਭਾਵਨਾ ਦੌਰਾਨ ਨੁਕਸਾਨ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰਸਾਤੀ ਮੌਸਮ ਦੇ ਮੱਦੇਨਜ਼ਰ ਹਰ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਹੀ ਢੁਕਵੇਂ ਪ੍ਰਬੰਧ ਕੀਤੇ ਜਾ ਚੁੱਕੇ ਹਨ।
ਡੀਸੀ ਨੇ ਉਪ ਮੰਡਲ ਮੈਜਿਸਟਰੇਟ (ਐਸਡੀਐਮ) ਡੇਰਾਬੱਸੀ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਚੌਕਸ ਰਹਿਣ ਅਤੇ ਘੱਗਰ ਦੇ ਹੇਠਲੇ ਇਲਾਕਿਆਂ ਪ੍ਰਤੀ ਸੁਚੇਤ ਰਹਿਣ, ਹੜ੍ਹ ਦੀ ਸਥਿਤੀ ਵਿੱਚ ਇਕ ਨਿਕਾਸੀ ਯੋਜਨਾ ਤਿਆਰ ਕਰਨ ਅਤੇ ਨਿਕਾਸੀ ਕੇਂਦਰਾਂ ਨੂੰ ਤਿਆਰ ਰੱਖਣ, ਜਿੱਥੇ ਸਾਰੇ ਲੋੜੀਂਦੇ ਪ੍ਰਬੰਧ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਵੱਲੋਂ ਇਕ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਉਹ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ।
ਸ੍ਰੀ ਦਿਆਲਨ ਨੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਖ਼ੁਰਾਕ ਅਤੇ ਸਪਲਾਈ, ਸਿੰਜਾਈ, ਬਿਜਲੀ, ਡਰੇਨੇਜ, ਨਗਰ ਨਿਗਮ ਅਤੇ ਜ਼ਿਲ੍ਹਾ ਪੁਲੀਸ ਵੱਲੋਂ ਕੀਤੇ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਵਿਭਾਗਾਂ ਨੂੰ ਇਕ ਦੂਜੇ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਅਧਿਕਾਰਤ ਖੇਤਰਾਂ ਵਿੱਚ ਸਮਾਂਬੱਧ ਆਧਾਰ ’ਤੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਇਸ ਸਬੰਧੀ ਇਕ ਵਿਸਥਾਰਤ ਰਿਪੋਰਟ ਉਨ੍ਹਾਂ ਨੂੰ ਸੌਂਪਣ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੰਮ ਨਿਰਧਾਰਿਤ ਸਮੇਂ ਵਿੱਚ ਪੂਰਾ ਕਰਨਾ ਲਾਜ਼ਮੀ ਹੈ।

Load More Related Articles
Load More By Nabaz-e-Punjab
Load More In Campaign

Check Also

Gian Jyoti announces scholarships for African students

Gian Jyoti announces scholarships for African students Nabaz-e-Punjab, Mohali, March 2, 20…