Share on Facebook Share on Twitter Share on Google+ Share on Pinterest Share on Linkedin ਡੀਸੀ ਤੇ ਐਸਐਸਪੀ ਵੱਲੋਂ ਖਾੜਕੂਵਾਦ ਦੌਰਾਨ ਸ਼ਹੀਦ ਹੋਏ ਪੁਲੀਸ ਜਵਾਨਾਂ ਦੇ ਪਰਿਵਾਰਾਂ ਦਾ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਕਤੂਬਰ: ਪੰਜਾਬ ਪੁਲੀਸ ਦੇ ਸ਼ਹੀਦ ਜਵਾਨਾਂ ਦੇ ਬਲੀਦਾਨ ਨੂੰ ਨਮਨ ਕਰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਦੇਸ਼ ਆਪਣੇ ਇਨ੍ਹਾਂ ਅਸਲ ਨਾਇਕਾਂ ਦਾ ਹਮੇਸ਼ਾ ਕਰਜ਼ਦਾਰ ਰਹੇਗਾ। ਪੁਲੀਸ ਸ਼ਹੀਦ ਯਾਦਗਾਰੀ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕਰਵਾਏ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰੀ ਦਿਆਲਨ ਨੇ ਕਿਹਾ ਕਿ ਹਰ ਕੋਈ ਸ਼ਹੀਦਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਅੱਜ ਸਾਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਅਤੇ ਦੇਖਭਾਲ ਲਈ ਹਮੇਸ਼ਾ ਤਤਪਰ ਰਹਾਂਗੇ। ਕਿਉਂਕਿ ਉਨ੍ਹਾਂ ਨੇ ਸਾਡੇ ਰੌਸ਼ਨ ਭਵਿੱਖ ਲਈ ਆਪਣੇ ਅਜ਼ੀਜ਼ ਮੈਂਬਰਾਂ ਨੂੰ ਗਵਾਇਆ ਹੈ। ਉਨ੍ਹਾਂ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਅਤੇ ਸੂਬੇ ਦੀ ਸ਼ਾਂਤੀ ਬਰਕਰਾਰ ਰੱਖਣ ਲਈ ਪੰਜਾਬ ਪੁਲੀਸ ਵੱਲੋਂ ਪਾਏ ਅਹਿਮ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲੀਸ ਦੇ 35 ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਪੰਜਾਬ ਵਿੱਚ ਅਮਨ ਸ਼ਾਂਤੀ ਕਾਇਮ ਕਰਨ ਲਈ ਆਪਣੀਆਂ ਕੀਮਤੀ ਜਾਨਾਂ ਵਾਰੀਆਂ ਹਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਪੰਜਾਬ ਪੁਲੀਸ ਆਪਣੇ ਅਸਲ ਨਾਇਕਾਂ ਦਾ ਹਮੇਸ਼ਾ ਰਿਣੀ ਰਹੇਗੀ, ਜਿਨ੍ਹਾਂ ਆਪਣੀ ਬਹਾਦਰੀ ਨਾਲ ਪੁਲੀਸ ਫੋਰਸ ਲਈ ਨਾਮਣਾ ਖੱਟਿਆ ਹੈ। ਦੋਵੇਂ ਅਧਿਕਾਰੀਆਂ ਨੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਸਮੂਹ ਹਾਜ਼ਰ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ। ਇਸ ਮੌਕੇ ਪੁਲੀਸ ਜਵਾਨਾਂ ਨੇ ਕਮਾਂਡਿੰਗ ਅਫ਼ਸਰ ਡੀਐਸਪੀ (ਟਰੈਫ਼ਿਕ) ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਆਪਣੀਆਂ ਰਾਈਫਲਾਂ ਝੁਕਾ ਕੇ ਅਤੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਐਸਪੀ (ਐੱਚ) ਗੁਰਸੇਵਕ ਸਿੰਘ ਬਰਾੜ ਨੇ ਸਤਿਕਾਰ ਵਜੋਂ ਦੇਸ਼ ਭਰ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਪੁਲੀਸ ਜਵਾਨਾਂ ਦੇ ਨਾਵਾਂ ਦੀ ਸੂਚੀ ਪੜ੍ਹੀ। ਅਖੀਰ ਵਿੱਚ ਡੀਸੀ ਅਤੇ ਐਸਐਸਪੀ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ। ਇਸ ਮੌਕੇ ਐਸਪੀ (ਡੀ) ਹਰਮਨਦੀਪ ਸਿੰਘ ਹਾਂਸ, ਐਸਪੀ (ਅਪਰਾਧ ਤੇ ਨਾਰਕੋਟਿਕਸ) ਹਰਬੀਰ ਸਿੰਘ ਅਟਵਾਲ, ਐਸਪੀ (ਟਰੈਫ਼ਿਕ) ਕੇਸਰ ਸਿੰਘ, ਐਸਪੀ (ਸਿਟੀ) ਹਰਵਿੰਦਰ ਸਿੰਘ ਵਿਰਕ, ਡੀਐਸਪੀ (ਐੱਚ) ਦੀਪ ਕਮਲ, ਡੀਐਸਪੀ (ਫੋਰੈਂਸਿਕ) ਰਾਜਪਾਲ ਸਿੰਘ ਹੁੰਦਲ ਅਤੇ ਡੀਐਸਪੀ (ਸਾਈਬਰ ਕਰਾਈਮ) ਸ੍ਰੀਮਤੀ ਰੁਪਿੰਦਰਦੀਪ ਕੌਰ ਸੋਹੀ ਤੇ ਹੋਰ ਪੁਲੀਸ ਅਧਿਕਾਰੀ ਅਤੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ