Share on Facebook Share on Twitter Share on Google+ Share on Pinterest Share on Linkedin ਡੀਸੀ ਨੇ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਡਰੇਨਜ਼ ਵਿਭਾਗ ਨੂੰ ਪਾਣੀ ਦੀ ਨਿਕਾਸੀ ਲਈ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਦੇ ਹੁਕਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ: ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੌਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਗਏ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਆਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਅਤੇ ਪਾਣੀ ਦੀ ਨਿਕਾਸੀ ਲਈ ਸਫ਼ਾਈ ਵੱਲ ਖ਼ਾਸ ਧਿਆਨ ਦੇਣ ’ਤੇ ਜ਼ੋਰ ਦਿੱਤਾ। ਡੀਸੀ ਨੇ ਕਿਹਾ ਕਿ ਸਮੇਂ ਤੋਂ ਪਹਿਲਾਂ ਕੀਤੀ ਤਿਆਰੀ ਨਾਲ ਜਿੱਥੇ ਸੰਕਟ ਦੀ ਸਥਿਤੀ ਨੂੰ ਸਹੀ ਤਰੀਕੇ ਨਾਲ ਨਜਿੱਠਿਆ ਜਾ ਸਕਦਾ ਹੈ, ਉੱਥੇ ਹੀ ਕੰਮ ਵਿੱਚ ਕੁਸ਼ਲਤਾ ਵੀ ਵਧਦੀ ਹੈ। ਆਗਾਮੀ ਮੌਨਸੂਨ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਕਿਸੇ ਵੀ ਹੰਗਾਮੀ ਹਾਲਤ ਦਾ ਸਾਹਮਣਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਤਿਆਰ ਰਹਿਣਾ ਚਾਹੀਦਾ ਹੈ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗੇਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਹਾਲਾਤ ਦਾ ਸਾਹਮਣਾ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਫਲੱਡ ਲਾਈਟਾਂ, ਸਰਚ ਲਾਈਟਾਂ, ਲਾਈਫ਼ ਜੈਕਟਾਂ ਆਦਿ ਸਮਾਨ ਦੀ ਅਗੇਤੇ ਤੌਰ ‘ਤੇ ਜਾਂਚ ਕਰ ਲਈ ਜਾਵੇ ਅਤੇ ਜੇਕਰ ਕਿਸੇ ਸਮਾਨ ਨੂੰ ਰਿਪੇਅਰ ਦੀ ਲੋੜ ਹੈ, ਤਾਂ ਤੁਰੰਤ ਰਿਪੇਅਰ ਕਰਵਾਈ ਜਾਵੇ। ਇਸ ਤੋਂ ਇਲਾਵਾ ਮਾਨਸੂਨ ਤੋਂ ਪਹਿਲਾਂ ਸ਼ਹਿਰਾਂ ਅਤੇ ਪਿੰਡਾਂ ਦੇ ਡਰੇਨੇਜ ਅਤੇ ਸੀਵਰੇਜ ਦੀ ਸਫ਼ਾਈ ਵੀ ਯਕੀਨੀ ਬਣਾਈ ਜਾਵੇ ਅਤੇ ਕੰਮ ਪੂਰਾ ਕਰਨ ਉਪਰੰਤ ਲੋੜੀਂਦਾ ਸਰਟੀਫਿਕੇਟ ਪੇਸ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ, ਇਸ ਲਈ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਵੱਲੋਂ ਡਰੇਨਾਂ/ਨਾਲਿਆਂ ਦੀ ਸਫ਼ਾਈ, ਪੀਣ ਵਾਲੇ ਸਾਫ਼ ਪਾਣੀ, ਡਾਕਟਰਾਂ ਦੀਆਂ ਟੀਮਾਂ, ਦਵਾਈਆਂ, ਪਸ਼ੂਆਂ ਲਈ ਦਵਾਈਆਂ ਅਤੇ ਚਾਰੇ ਦਾ ਪ੍ਰਬੰਧ, ਦੂਰਸੰਚਾਰ ਵਿਵਸਥਾ, ਨਿਰਵਿਘਨ ਬਿਜਲੀ, ਵਾਹਨਾਂ ਦੇ ਪ੍ਰਬੰਧ, ਵਾਇਰਲੈੱਸ ਸੈੱਟ ਲਗਾਉਣ, ਤੈਰਾਕ, ਕਿਸ਼ਤੀ ਚਾਲਕਾਂ ਅਤੇ ਗੋਤਾਖੋਰਾਂ ਦੀ ਸੂਚੀ ਦੇ ਪ੍ਰਬੰਧ ਪਹਿਲਾ ਹੀ ਮੁਕੰਮਲ ਕਰ ਲਏ ਜਾਣ। ਇਸ ਮੌਕੇ ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਏਡੀਸੀ (ਜਨਰਲ) ਪਰਮਦੀਪ ਸਿੰਘ, ਏਡੀਸੀ (ਵਿਕਾਸ) ਅਮਿਤ ਬੈਂਬੀ, ਐਸਡੀਐਮ ਸਰਬਜੀਤ ਕੌਰ, ਐਸਡੀਐਮ ਖਰੜ ਰਵਿੰਦਰ ਸਿਘ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ