nabaz-e-punjab.com

ਮੁਕਤਸਰ ਵਿੱਚ ਨਸ਼ਿਆਂ ਵਿਰੁੱਧ ਪੁਲੀਸ ਵੱਲੋਂ ਮਾਰੇ ਗਏ ਛਾਪੇ ਦੌਰਾਨ ਬਜ਼ੁਰਗ ਦੀ ਮੌਤ ਦੀ ਨਿਆਂਇਕ ਜਾਂਚ ਦੇ ਹੁਕਮ

ਮਾਰੇ ਗਏ ਬਜ਼ੁਰਗ ਦੇ ਵਾਰਸਾਂ ਨੂੰ 10 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਦੇਣ ਦਾ ਐਲਾਨ

ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਛਾਪਿਆਂ ਦੌਰਾਨ ਸੰਜਮ ਵਰਤਣ ਤੇ ਜ਼ਾਬਤੇ ਵਿੱਚ ਰਹਿਣ ਦੀ ਅਪੀਲ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 12 ਅਪਰੈਲ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਮੁਕਤਸਰ ਜ਼ਿਲ੍ਹੇ ਦੇ ਲੰਬੀ ਇਲਾਕੇ ਵਿੱਚ ਨਸ਼ਿਆਂ ਵਿਰੁੱਧ ਪੁਲਿਸ ਵੱਲੋਂ ਮਾਰੇ ਗਏ ਛਾਪੇ ਦੌਰਾਨ ਇੱਕ ਬਜ਼ੁਰਗ ਦੀ ਮੌਤ ਹੋ ਜਾਣ ਦੀ ਮੈਜਿਸਟੀਰੀਅਲ ਜਾਂਚ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਤਰਮਾਲਾ ਪਿੰਡ ਦੇ ਗੁਰਦੇਵ ਸਿੰਘ ਦੇ ਵਾਰਸਾਂ ਨੂੰ ਦਸ ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ ਹੈ। ਕਥਿਤ ਤੌਰ ਤੇ ਨਸ਼ਿਆਂ ਵਿੱਚ ਸ਼ਾਮਲ ਹੋਣ ਕਾਰਨ ਪੁਲਿਸ ਵੱਲੋਂ ਮਾਰੇ ਗਏ ਛਾਪੇ ਦੌਰਾਨ ਗੁਰਦੇਵ ਸਿੰਘ ਦੀ ਮੌਤ ਬਾਰੇ ਅਖ਼ਬਾਰਾਂ ਵਿੱਚ ਛਪੀਆਂ ਰਿਪੋਰਟਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਮੰਤਰੀ ਨੇ ਮੌਤ ਦੇ ਅਸਲ ਕਾਰਨਾਂ ਦੀ ਵਿਸਥਾਰ ਜਾਂਚ ਕਰਨ ਲਈ ਹੁਕਮ ਜਾਰੀ ਕੀਤੇ ਹਨ ਤਾਂ ਜੋ ਇਸ ਸਬੰਧ ਵਿੱਚ ਪੁਲੀਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਨਿਰਧਾਰਤ ਕੀਤੀ ਜਾ ਸਕੇ।
ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨਾਲ ਆਪਣਾ ਦੁੱਖ ਸਾਂਝਾ ਕੀਤਾ ਹੈ ਅਤੇ ਇਸ ਸੰਕਟ ਦੀ ਘੜੀ ਪਰਿਵਾਰ ਦੇ ਮੈਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਕਾਂਗਰਸ ਦੇ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦੇ ਦੇ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਮੁਲਾਜ਼ਮਾਂ ਅਤੇ ਨਸ਼ਿਆਂ ਵਿਰੋਧੀ ਮਹਿੰਮ ਵਿੱਚ ਲੱਗੀਆਂ ਸਾਰੀਆਂ ਏਜੰਸੀਆਂ ਨੂੰ ਸੰਜਮ ਵਰਤਣ ਦੇ ਵੀ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਪੁਲਿਸ ਅਤੇ ਹੋਰਨਾਂ ਮੁਲਾਜ਼ਮਾਂ ਨੂੰ ਆਖਿਆ ਕਿ ਉਹ ਸੂਬੇ ਭਰ ਵਿੱਚ ਨਸ਼ਿਆਂ ਵਿਰੁੱਧ ਚਲ ਰਹੀ ਕਾਰਵਾਈ ਦੌਰਾਨ ਕਿਸੇ ਨੁੂੰ ਗੈਰ-ਜ਼ਰੂਰੀ ਪ੍ਰੇਸ਼ਾਨ ਨਾ ਕਰਨ ਅਤੇ ਇਸ ਦੌਰਾਨ ਕਿਸੇ ਨੂੰ ਅਸੁਵਿਧਾ ਪੈਦਾ ਨਾ ਹੋਵੇ। ਮੁੱਖ ਮੰਤਰੀ ਨੇ ਸੂਬੇ ਦੀ ਭਲਾਈ, ਇਸ ਦੇ ਵਡੇਰੇ ਹਿੱਤਾਂ ਅਤੇ ਬੱਚਿਆਂ ਦੇ ਭਵਿੱਖ ਦੀ ਖਾਤਰ ਲੋਕਾਂ ਨੂੰ ਇਸ ਕਾਰਵਾਈ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕੀਤੀ ਹੈ।

Load More Related Articles

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …