nabaz-e-punjab.com

ਮਨੀ ਲਾਂਡਰਿੰਗ ਕੇਸ: ਕਾਂਗਰਸ ਆਗੂ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ’ਤੇ ਬਹਿਸ ਮੁਕੰਮਲ

ਨਿਆਇਕ ਹਿਰਾਸਤ ਅਧੀਨ ਪਟਿਆਲਾ ਜੇਲ੍ਹ ਵਿੱਚ ਬੰਦ ਹੈ ਸੁਖਪਾਲ ਖਹਿਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਦਸੰਬਰ:
ਐਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੀਨੀਅਰ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਈਡੀ ਦੇ ਵਕੀਲ ਅਤੇ ਬਚਾਅ ਪੱਖ ਦੇ ਵਕੀਲਾਂ ਵਿੱਚ ਉਸਾਰੀ ਬਹਿਸ ਹੋਈ। ਸਵੇਰੇ ਅਤੇ ਬਾਅਦ ਦੁਪਹਿਰ ਦੋ ਪੜਾਵਾਂ ਵਿੱਚ ਕਰੀਬ 5 ਘੰਟੇ ਹੋਈ ਜਿਰ੍ਹਾ ਦੌਰਾਨ ਈਡੀ ਦੇ ਵਕੀਲ ਨੇ ਕਿਹਾ ਕਿ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਰੱਦ ਕੀਤੀ ਜਾਵੇ ਕਿਉਂਕਿ ਉਸ ਦੇ ਬਾਹਰ ਆਉਣ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ।
ਉਧਰ, ਬਚਾਅ ਪੱਖ ਦੇ ਵਕੀਲਾਂ ਨੇ ਸੁਖਪਾਲ ਖਹਿਰਾ ਨੂੰ ਬੇਕਸੂਰ ਦੱਸਦੇ ਹੋਏ ਈਡੀ ਦੀ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ। ਉਨ੍ਹਾਂ ਕਿਹਾ ਕਿ ਖਹਿਰਾ ਨੂੰ ਸਾਜ਼ਿਸ਼ ਤਹਿਤ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਲਿਹਾਜ਼ਾ ਕਾਂਗਰਸ ਆਗੂ ਦੀ ਜ਼ਮਾਨਤ ਮਨਜ਼ੂਰ ਕਰਕੇ ਉਸ ਨੂੰ ਜੇਲ੍ਹ ’ਚੋਂ ਰਿਹਾਅ ਕੀਤਾ ਜਾਵੇ। ਬਚਾਅ ਪੱਖ ਨੇ ਅਦਾਲਤ ਨੂੰ ਦੱਸਿਆ ਕਿ ਕਾਂਗਰਸ ਆਗੂ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਈਡੀ ਦੀ ਕਾਰਵਾਈ ਨੂੰ ਚੁਨੌਤੀ ਦਿੱਤੀ ਗਈ ਹੈ ਅਤੇ ਇਹ ਕਾਰਵਾਈ ਉੱਚ ਅਦਾਲਤ ਵਿੱਚ ਵਿਚਾਰ ਅਧੀਨ ਹੈ। ਖਹਿਰਾ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਦੋਵਾਂ ਧਿਰਾਂ ਦੀ ਬਹਿਸ ਮੁਕੰਮਲ ਹੋ ਗਈ ਹੈ।
ਅਦਾਲਤ ਨੇ ਦੋਵਾਂ ਧਿਰਾਂ ਨੂੰ ਬਹਿਸ ਲਈ ਖੁੱਲ੍ਹਾ ਸਮਾਂ ਦਿੱਤਾ ਅਤੇ ਵੱਖ-ਵੱਖ ਪਹਿਲੂਆਂ ’ਤੇ ਗੌਰ ਕਰਦਿਆਂ 7 ਦਸੰਬਰ ਤੱਕ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਇਸ ਸਮੇਂ ਸੁਖਪਾਲ ਖਹਿਰਾ ਨਿਆਇਕ ਹਿਰਾਸਤ ਅਧੀਨ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਹਨ। ਬੀਤੇ ਕੱਲ੍ਹ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ਦੋਵਾਂ ਧਿਰਾਂ ਦੀ ਜਿਰ੍ਹਾ ਤੋਂ ਬਾਅਦ ਖਹਿਰਾ ਦਾ ਜੁਡੀਸ਼ਲ ਰਿਮਾਂਡ 16 ਦਸੰਬਰ ਤੱਕ ਹੋਰ ਅੱਗੇ ਵਧਾ ਦਿੱਤਾ ਸੀ।
ਜ਼ਿਕਰਯੋਗ ਹੈ ਸੁਖਪਾਲ ਖਹਿਰਾ ਨੂੰ ਬੀਤੀ 11 ਨਵੰਬਰ ਨੂੰ ਉਕਤ ਮਾਮਲੇ ਵਿੱਚ ਪੁੱਛਗਿੱਛ ਲਈ ਈਡੀ ਦੇ ਸੈਕਟਰ-18 ਸਥਿਤ ਦਫ਼ਤਰ ਵਿੱਚ ਸੱਦਿਆ ਗਿਆ ਸੀ। ਜਿੱਥੇ ਮੁੱਢਲੀ ਪੁੱਛਗਿੱਛ ਦੌਰਾਨ ਕਾਂਗਰਸ ਆਗੂ ਦੀ ਗ੍ਰਿਫ਼ਤਾਰੀ ਪਾ ਲਈ ਗਈ। ਈਡੀ ਵੱਲੋਂ ਸਾਲ 2015 ਵਿੱਚ ਫਾਜ਼ਿਲਕਾ ਵਿੱਚ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਗਿਆ। ਖਹਿਰਾ ’ਤੇ ਵਿਦੇਸ਼ਾਂ ’ਚੋਂ ਚੰਦੇ ਦੇ ਰੂਪ ਵਿੱਚ ਪੈਸਾ ਇਕੱਠਾ ਕਰਨ ਦਾ ਦੋਸ਼ ਹੈ। ਬਾਅਦ ਵਿੱਚ ਈਡੀ ਨੇ ਇਸ ਮਾਮਲੇ ਵਿੱਚ ਸੁਖਪਾਲ ਖਹਿਰਾ ਨੂੰ ਵੀ ਨਾਮਜ਼ਦ ਕਰ ਲਿਆ ਗਿਆ।

Load More Related Articles
Load More By Nabaz-e-Punjab
Load More In Agriculture & Forrest

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…