ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨਾ ਸੂਬਾ ਸਰਕਾਰ ਦਾ ਇਕ ਕ੍ਰਾਂਤੀਕਾਰੀ ਕਦਮ: ਬਲਬੀਰ ਸਿੱਧੂ

ਸਿਹਤ ਮੰਤਰੀ ਨੇ ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਸਕੀਮ ਦੇ ਸਰਟੀਫਿਕੇਟ ਸੌਂਪੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਗਸਤ:
ਪੰਜਾਬ ਸਰਕਾਰ ਦੇ ਇੱਕ ਹੋਰ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕਰਜ਼ਾ ਰਾਹਤ ਸਕੀਮ ਦੇ ਪੰਜਵੇਂ ਪੜਾਅ ਅਧੀਨ ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਸੌਂਪੇ। ਇਸ ਪਹਿਲਕਦਮੀ ਨੂੰ ਮਿਸਾਲੀ ਦੱਸਦਿਆਂ ਸ੍ਰੀ ਸਿੱਧੂ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੇ ਬੇਜ਼ਮੀਨੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਅੱਜ ਕੁੱਲ 1148.42 ਲੱਖ ਰੁਪਏ ਦਾ ਕਰਜ਼ਾ ਮੁਆਫ਼ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਤੋਂ ਆਨਲਾਈਨ ਵਿਧੀ ਰਾਹੀਂ ਮੁੱਖ ਮੰਤਰੀ ਦੀ ਅਗਵਾਈ ਵਾਲੇ ਮੁੱਖ ਸਮਾਰੋਹ ਨਾਲ ਜੁੜੇ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਭਰ ਦੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ 2.85 ਲੱਖ ਕਰਜ਼ਦਾਰ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦਾ ਕੁੱਲ 520 ਕਰੋੜ ਦਾ ਕਰਜ਼ਾ ਇਸ ਇਕ ਕਦਮ ਨਾਲ ਮੁਆਫ਼ ਕਰ ਦਿੱਤਾ ਗਿਆ ਹੈ।
ਇਸ ਕਰਜ਼ਾ ਮੁਆਫ਼ੀ ਸਕੀਮ ਬਾਰੇ ਗੱਲ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਪਹਿਲਾਂ ਹੀ ਕਿਸਾਨਾਂ ਦਾ ਤਕਰੀਬਨ 4600 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਹਰ ਕਦਮ ਦਬੇ ਕੁਚਲੇ ਵਰਗਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਨਿਰਦੇਸ਼ਤ ਹੈ ਅਤੇ ਕੇਂਦਰ ਸਰਕਾਰ ਦੇ ਉਦਾਸੀਨ ਰਵੱਈਏ ਦੇ ਬਾਵਜੂਦ ਸਰਕਾਰ ਖੇਤੀਬਾੜੀ ਨੂੰ ਇਕ ਲਾਭਦਾਇਕ ਖੇਤਰ ਬਣਾਉਣ ਦੇ ਯਤਨ ਕਰ ਰਹੀ ਹੈ। ਸਰਕਾਰ ਦੇ ਯਤਨਾਂ ਬਾਰੇ ਜਾਣੂ ਕਰਵਾਉਂਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਸਰਕਾਰ ਸੂਬੇ ਦੇ ਉਨ੍ਹਾਂ ਕਿਸਾਨ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾ ਰਹੀ ਹੈ, ਜਿਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਇਨ੍ਹਾਂ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਤੋਂ ਇਲਾਵਾ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਹੁਣ ਤੱਕ ਫ਼ਸਲ ਮੰਡੀ ਵਿੱਚ ਆਉਣ ਦੇ 48 ਘੰਟਿਆਂ ਵਿੱਚ 9 ਫਸਲਾਂ ਦੀ ਖਰੀਦ ਕੀਤੀ ਹੈ ਅਤੇ ਕਿਸਾਨਾਂ ਦੇ ਬਕਾਏ ਸਮੇਂ ਸਿਰ ਅਦਾ ਕੀਤੇ ਹਨ।

ਇਸ ਮੌਕੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ, ਏਡੀਸੀ (ਜ) ਸ੍ਰੀਮਤੀ ਕੋਮਲ ਮਿੱਤਲ ਅਤੇ ਏਡੀਸੀ (ਡੀ) ਡਾ. ਹਿਮਾਂਸ਼ੂ ਅਗਰਵਾਲ ਦੀ ਮੌਜੂਦਗੀ ਵਿੱਚ ਸਿਹਤ ਮੰਤਰੀ ਨੇ ਵੱਖ-ਵੱਖ ਪਿੰਡਾਂ ਦੇ 10 ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਰਾਹਤ ਦੇ ਸਰਟੀਫ਼ਿਕੇਟ ਸੌਂਪੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸਹਿਕਾਰੀ ਸਭਾਵਾਂ ਮੁਹਾਲੀ ਦੇ ਸਹਾਇਕ ਰਜਿਸਟਰਾਰ ਜਸਵਿੰਦਰ ਸਿੰਘ, ਸਹਿਕਾਰੀ ਬੈਂਕ ਮੁਹਾਲੀ ਦੇ ਐਮਡੀ ਭਾਸਕਰ ਕਟਾਰੀਆ, ਜ਼ਿਲ੍ਹਾ ਮੈਨੇਜਰ ਸਹਿਕਾਰੀ ਬੈਂਕ ਮੁਹਾਲੀ ਦਵਿੰਦਰਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਰਾਜੇਸ਼ ਕੁਮਾਰ ਰਹੇਜਾ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਗੁਰਦਿਆਲ ਕੁਮਾਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …