
ਦਸਮੇਸ਼ ਪਿਤਾ ਦਾ ਪ੍ਰਕਾਸ਼ ਪੁਰਬ ਪੂਰੀ ਸ਼ਾਨੋ ਸ਼ੌਕਤ ਤੇ ਸ਼ਰਧਾ ਨਾਲ ਮਨਾਉਣ ਦਾ ਫੈਸਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜਨਵਰੀ:
ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਦੀ ਪ੍ਰਧਾਨਗੀ ਹੇਠ ਅੱਜ ਇੱਥੋਂ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1 ਵਿਖੇ ਹੋਈ। ਜਿਸ ਵਿੱਚ 20 ਜਨਵਰੀ ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਵਿੱਚ ਮੁਹਾਲੀ ਦੇ ਵੱਖ-ਵੱਖ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਦਸਮੇਸ਼ ਪਿਤਾ ਦਾ ਪ੍ਰਕਾਸ਼ ਪੁਰਬ ਬੜੀ ਸ਼ਾਨੋ ਸ਼ੌਕਤ ਅਤੇ ਸ਼ਰਧਾ ਨਾਲ ਮਨਾਇਆ ਜਾਵੇ। ਸਮੂਹ ਗੁਰਦੁਆਰਿਆਂ ਵਿੱਚ ਦੀਪਮਾਲਾ ਕਰਨ ਸਮੇਤ ਆਮ ਲੋਕਾਂ ਨੂੰ ਵੀ ਇਸ ਦਿਨ ਆਪੋ ਆਪਣੇ ਘਰਾਂ ਵਿੱਚ ਦੀਲਮਾਲਾ ਕਰਨ ਲਈ ਪ੍ਰੇਰਿਆ ਜਾਵੇ। ਇਹ ਵੀ ਫੈਸਲਾ ਕੀਤਾ ਗਿਆ ਕਿ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਧਮਾਕੇਦਾਰ ਪਟਾਕੇ ਅਤੇ ਆਤਿਸ਼ਬਾਜ਼ੀ ਨਾ ਕੀਤੀ ਜਾਵੇ।
ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਤਾਲਮੇਲ ਕਮੇਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਦਿੱਲੀ ਵਿੱਚ ਕਿਸਾਨ ਅੰਦੋਲਨ ਲਈ ਸਹਾਇਤਾ ਦੇਣ ਵਾਲੇ ਸਮੂਹ ਗੁਰਦੁਆਰਿਆਂ ਅਤੇ ਧਾਰਮਿਕ ਸੰਸਥਾਵਾਂ ਬਾਰੇ ਧੰਨਵਾਦੀ ਮਤਾ ਪਾਸ ਕੀਤਾ ਗਿਆ ਅਤੇ ਫੌਤ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਪ੍ਰੀਤਮ ਸਿੰਘ, ਸੁਰਜੀਤ ਸਿੰਘ ਮਠਾੜੂ, ਗੁਰਦੀਪ ਸਿੰਘ, ਜਰਨੈਲ ਸਿੰਘ, ਪਰਮਪਾਲ ਸਿੰਘ, ਇੰਦਰਜੀਤ ਸਿੰਘ, ਪ੍ਰੀਤਮ ਸਿੰਘ, ਅਮਰੀਕ ਸਿੰਘ, ਇਕਬਾਲ ਸਿੰਘ ਅਤੇ ਭਜਨ ਸਿੰਘ ਵੀ ਹਾਜ਼ਰ ਸਨ। ਅਖੀਰ ਵਿੱਚ ਪ੍ਰੀਤਮ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਫੇਜ਼-1 ਨੇ ਸਾਰਿਆਂ ਧੰਨਵਾਦ ਕਰਦਿਆਂ ਕਿਹਾ ਕਿ ਜਦੋਂ ਵੀ ਕਿਸੇ ਗੁਰਦੁਆਰਾ ਸਾਹਿਬ ਜਾਂ ਧਾਰਮਿਕ ਸੰਸਥਾ ਵਿੱਚ ਕੋਈ ਵਿਸ਼ੇਸ਼ ਕੀਰਤਨ ਦਰਬਾਰ ਜਾਂ ਧਾਰਮਿਕ ਪ੍ਰੋਗਰਾਮ ਕਰਵਾਇਆ ਜਾਂਦਾ ਹੈ ਤਾਂ ਦੂਜੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਆਪੋ ਆਪਣੇ ਇਲਾਕਿਆਂ ’ਚੋਂ ਵੱਧ ਤੋਂ ਵੱਧ ਸੰਗਤ ਭੇਜਣੀ ਚਾਹੀਦੀ ਹੈ।