Nabaz-e-punjab.com

ਟਕਸਾਲੀ ਦਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦਾ ਤੀਜਾ ਨਵਾਂ 2019 ਮਤਾ ਲਿਆਉਣ ਦਾ ਅਹਿਮ ਫੈਸਲਾ

550ਵੇਂ ਪ੍ਰਕਾਸ਼ ਪੁਰਬ ਸਮਾਗਮ ਮੌਕੇ ਪੰਥ ਦੋਖੀਆਂ ਅਕਾਲੀ ਭਾਜਪਾ ਤੇ ਕਾਂਗਰਸ ਨਾਲ ਸਟੇਜ ਸਾਂਝੀ ਕਰਨ ਤੋਂ ਕੋਰਾ ਜਵਾਬ

ਬੱਬੀ ਬਾਦਲ ਦੇ ਨਿਵਾਸ ’ਤੇ ਹੋਈ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਪੰਜ ਮੈਂਬਰੀ ਹਾਈ ਪਾਵਰ ਕਮੇਟੀ ਦੀ ਪਲੇਠੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੁਲਾਈ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਪੰਜ ਮੈਂਬਰੀ ਹਾਈ ਪਾਵਰ ਕਮੇਟੀ ਦੀ ਪਲੇਠੀ ਮੀਟਿੰਗ ਅੱਜ ਇੱਥੋਂ ਦੇ ਫੇਜ਼-11 ਵਿੱਚ ਹੋਈ। ਜਿਸ ਵਿੱਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ, ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ, ਮੀਤ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ ਅਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਸ਼ਾਮਲ ਹੋਏ। ਜਦੋਂਕਿ ਪੰਜਵੇਂ ਮੈਂਬਰ ਡਾ. ਰਤਨ ਸਿੰਘ ਅਜਨਾਲਾ ਬਿਮਾਰ ਹੋਣ ਕਰਕੇ ਮੀਟਿੰਗ ਵਿੱਚ ਨਹੀਂ ਆ ਸਕੇ। ਮੀਟਿੰਗ ਵਿੱਚ ਬੇਅਦਬੀ ਤੇ ਗੋਲੀ ਕਾਂਡ, ਸ੍ਰੀ ਆਨੰਦਪੁਰ ਸਾਹਿਬ ਦਾ ਮਤਾ, ਸ੍ਰੀ 550ਵਾਂ ਪ੍ਰਕਾਸ਼ ਪੁਰਬ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਬਾਰੇ ਸਿਰਜੋੜ ਕੇ ਚਰਚਾ ਕੀਤੀ ਗਈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਟਕਸਾਲੀ ਦਲ ਨੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਅਤੇ ਸਾਬਕਾ ਸਿੱਖਿਆ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਦੋਵੇਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸੇ ਵੀ ਸੂਰਤ ਬੇਅਦਬੀ ਘਟਨਾਵਾਂ ਲਈ ਕਥਿਤ ਜ਼ਿੰਮੇਵਾਰ ਬਾਦਲ ਅਤੇ ਪੰਥ ਦੋਖੀ ਬਾਦਲ ਪਰਿਵਾਰ ਅਤੇ ਸਿੱਖਾਂ ਦੀ ਦੁਸ਼ਮਣ ਜਮਾਤ ਕਾਂਗਰਸ ਨਾਲ ਸਟੇਜ ਸਾਂਝੀ ਨਹੀਂ ਕੀਤੀ ਜਾਵੇਗੀ। ਸਗੋਂ ਆਪਣੇ ਪੱਧਰ ’ਤੇ ਸੰਤ ਸਮਾਜ ਅਤੇ ਹਮਖ਼ਿਆਲ ਪੰਥਕ ਜਥੇਬੰਦੀਆਂ, ਪੰਥਕ ਬੁੱਧਜੀਵੀਆਂ ਅਤੇ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਪ੍ਰੋਗਰਾਮ ਸਮਾਗਮ ਕਰਵਾਇਆ ਜਾਵੇਗਾ। ਜਿਸ ਵਿੱਚ ਪੰਥਕ ਮੁੱਦਿਆਂ ’ਤੇ ਭਖਵੀਂ ਚਰਚਾ ਕੀਤੀ ਜਾਵੇਗੀ।
ਆਗੂਆਂ ਨੇ ਦੱਸਿਆ ਕਿ ਟਕਸਾਲੀ ਦਲ ਵੱਲੋਂ ਅਗਸਤ ਮਹੀਨੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਤਿੰਨ ਰੋਜ਼ਾ ਪੰਥਕ ਸੰਮੇਲਨ ਕਰਵਾਇਆ ਜਾਵੇਗਾ। ਇਸ ਸੰਮੇਲਨ ਵਿੱਚ (ਭਾਜਪਾ, ਬਾਦਲ ਦਲ ਅਤੇ ਕਾਂਗਰਸ ਨੂੰ ਛੱਡ ਕੇ) ਸੰਤ ਸਮਾਜ ਅਤੇ ਪੰਥਕ ਜਥੇਬੰਦੀਆਂ, ਬੁੱਧਜੀਵੀਆਂ ਅਤੇ ਸਿੱਖ ਜਥੇਬੰਦੀਆਂ ਨੂੰ ਸ਼ਾਮਲ ਹੋਣ ਲਈ ਸੱਦਾ ਭੇਜਿਆ ਜਾਵੇਗਾ। ਇਸ ਮੌਕੇ ਪੰਜਾਬ ਦੇ ਦਿਸ਼ਾਹੀਣ ਲੋਕਾਂ ਨੂੰ ਨਵੀਂ ਸੇਧ ਦੇਣ ਲਈ ਸ੍ਰੀ ਆਨੰਦੁਪਰ ਸਾਹਿਬ ਦੇ ਪੁਰਾਣੇ 1973 ਅਤੇ 1978 ਦੇ ਮਤਿਆਂ ਅਤੇ ਮੌਜੂਦਾ ਪੰਥਕ ਸੰਕਟ ’ਤੇ ਵਿਚਾਰ ਚਰਚਾ ਕਰਨ ਮਗਰੋਂ ਸ੍ਰੀ ਆਨੰਦਪੁਰ ਦਾ ਨਵੇਂ ਸਿਰਿਓਂ 2019 ਦਾ ਤੀਜਾ ਮਤਾ ਪਾਸ ਕੀਤਾ ਜਾਵੇਗਾ।
ਸੀਸੀਆਈ ਵੱਲੋਂ ਬੀਤੇ ਦਿਨੀਂ ਬੇਅਦਬੀ ਮਾਮਲੇ ਸਬੰਧੀ ਅਦਾਲਤ ਵਿੱਚ ਕਲੋਜਰ ਰਿਪੋਰਟ ਪੇਸ਼ ਕਰਨ ਬਾਰੇ ਟਿੱਪਣੀ ਕਰਦਿਆਂ ਦੋਵੇਂ ਆਗੂਆਂ ਨੇ ਕਿਹਾ ਕਿ ਸੀਬੀਆਈ ਵੱਲੋਂ ਮੋਦੀ ਸਰਕਾਰ ਦੇ ਦਬਾਅ ਹੇਠ ਕੇਸ ਖ਼ਤਮ ਲਈ ਅਰਜ਼ੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਸਿਆਸੀ ਲਾਹਾ ਲੈਣ ਲਈ ਸੋਚੀ ਸਮਝੀ ਸਾਜ਼ਿਸ਼ ਤਹਿਤ ਇਸ ਕਾਰਵਾਈ ਨੂੰ ਅੰਜਾਮ ਤੱਕ ਪਹੁੰਚਾਇਆ ਹੈ। ਇਹ ਸਾਰਾ ਕੁਝ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਬਾਦਲ ਦਲ ਦੀ ਕਥਿਤ ਮਿਲੀਭੁਗਤ ਸਦਕਾ ਸੰਭਵ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਨੂੰ ਪੈਰੋਲ ’ਤੇ ਰਿਹਾਅ ਕਰਨ ਦੀ ਯੋਜਨਾ ਘੜੀ ਗਈ ਪਰ ਸੰਗਤ ਦੇ ਵਿਰੋਧ ਦੇ ਚੱਲਦਿਆਂ ਭਾਜਪਾ ਨੇ ਸੀਬੀਆਈ ਦੀ ਧੌਣ ’ਤੇ ਗੋਡਾ ਰੱਖ ਕੇ ਕਲੋਜਰ ਰਿਪੋਰਟ ਦਾ ਨਵਾਂ ਪੈਂਤੜਾ ਖੇਡਿਆ ਗਿਆ ਹੈ।
ਇਸ ਮੌਕੇ ਯੂਥ ਵਿੰਗ ਦੀ ਕੋਰ ਕਮੇਟੀ ਦੇ ਸੀਨੀਅਰ ਮੈਂਬਰ ਸਾਹਿਬ ਸਿੰਘ ਬਡਾਲੀ, ਜਗਰੂਪ ਸਿੰਘ ਸੇਖਵਾਂ, ਰਣਜੀਤ ਸਿੰਘ ਬਰਾੜ ਅਤੇ ਬਾਬਾ ਨਰਿੰਦਰ ਸਿੰਘ, ਸਾਬਕਾ ਸਰਪੰਚ ਇਕਬਾਲ ਸਿੰਘ, ਜਗਤਾਰ ਸਿੰਘ ਘੜੂੰਆਂ, ਗੁਰਸ਼ੇਰ ਸਿੰਘ ਬਾਦਲ, ਗੁਰਪ੍ਰੀਤ ਸਿੰਘ, ਕਮਲਜੀਤ ਸਿੰਘ, ਜਸਵੰਤ ਸਿੰਘ, ਮਨਪ੍ਰੀਤ ਸਿੰਘ ਅਤੇ ਰੁਪਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …