ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਅਤੇ ਗੁਰਦੁਆਰਾ ਡੇਰਾ ਸਾਹਿਬ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਨਗਰ ਕੀਰਤਨ ਗੁਰਦੁਆਰਾ ਡੇਰਾ ਸਾਹਿਬ ਤੋਂ ਸ਼ੁਰੂ ਹੋਇਆ ਅਤੇ ਪੂਰੇ ਇਲਾਕੇ ਅਤੇ ਗੁਰਦੁਆਰਾ ਸਿੰਘ ਸ਼ਹੀਦਾਂ ਦੀ ਪ੍ਰਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਡੇਰਾ ਸਾਹਿਬ ਵਿੱਚ ਪਹੁੰਚ ਕੇ ਸੰਪੂਰਨ ਹੋਇਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ।
ਉਨ੍ਹਾਂ ਦੇ ਪਿਛਲੇ ਵਾਹਨ ਵਿੱਚ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਬਿਰਾਜਮਾਨ ਕਰਵਾਏ ਗਏ ਸਨ। ਨਗਰ ਕੀਰਤਨ ਵਿੱਚ ਇਲਾਕੇ ਦੀ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਫੌਜੀ ਬੈਂਡ, ਗੱਤਕਾ ਪਾਰਟੀਆਂ ਅਤੇ ਹੋਰ ਕਈ ਬੈਂਡਾਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਨਗਰ ਕੀਰਤਨ ਦਾ ਥਾਂ-ਥਾਂ ਸਵਾਗਤ ਕੀਤਾ ਗਿਆ ਅਤੇ ਚਾਹ, ਬ੍ਰੈੱਡ ਪਕੌੜੇ, ਮਿਠਾਈਆਂ, ਸੁੱਕੇ ਮੇਵਿਆਂ ਦਾ ਪ੍ਰਸ਼ਾਦ ਅਤੁੱਟ ਵਰਤਿਆ।
ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਦੱਸਿਆ ਕਿ ਭਲਕੇ 27 ਫਰਵਰੀ ਨੂੰ ਗੁਰੂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਅਤੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਨ੍ਹਾਂ ਦੋਵਾਂ ਅਸਥਾਨਾ ’ਤੇ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ, ਰਾਗੀ ਅਤੇ ਢਾਡੀ ਜਥਿਆਂ ਵੱਲੋਂ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…