ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜਨਵਰੀ:
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸੰਗਤ ਦੇ ਸਹਿਯੋਗ ਨਾਲ ਇੱਥੋਂ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1 ਦੀ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਇਸ ਨਗਰ ਕੀਰਤਨ ਵਿੱਚ ਤਿੰਨ ਸਿਆਸੀ ਕੱਟੜ ਵਿਰੋਧੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪੇ੍ਰਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਵੀ ਆਪੋ-ਆਪਣੇ ਸਮਰਥਕਾਂ ਸਮੇਤ ਹਾਜ਼ਰੀ ਭਰੀ। ਇਸ ਉਪਰੰਤ ਇਨ੍ਹਾਂ ਆਗੂਆਂ ਨੇ ਨਗਰ ਨਿਗਮ ਚੋਣਾਂ ਸਬੰਧੀ ਸ਼ਹਿਰ ਵਾਸੀਆਂ ਅਤੇ ਸੰਗਤ ਨਾਲ ਸੰਪਰਕ ਸਾਧਿਆਂ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੀਤਮ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1 ਤੋਂ ਸ਼ੁਰੂ ਹੋਇਆ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਅਤੇ ਮਾਰਕੀਟਾਂ ’ਚੋਂ ਹੁੰਦੇ ਹੋਏ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਜਿੱਥੇ ਇਲਾਕੇ ਦੀ ਸੰਗਤ ਨੇ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਰਸਤੇ ਵਿੱਚ ਵੀ ਥਾਂ ਥਾਂ ’ਤੇ ਸੰਗਤ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਚਾਹ ਬਰੈੱਡ ਪਕੌੜੇ ਅਤੇ ਸੁੱਕੇ ਮੇਵਿਆਂ ਦਾ ਲੰਗਰ ਵਰਤਾਇਆ ਗਿਆ। ਵੱਖ ਵੱਖ ਗੱਤਕਾਂ ਪਾਰਟੀਆਂ ਨੇ ਗੱਤਕੇ ਦੇ ਜੌਹਰ ਦਿਖਾਏ। ਸਕੂਲਾਂ ਦੇ ਵਿਦਿਆਰਥੀਆਂ ਅਤੇ ਹੋਰ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸੋਭਾ ਵਧਾਈ।
ਇਸ ਮੌਕੇ ਬਾਬਾ ਸੁਰਿੰਦਰ ਸਿੰਘ ਧੰਨਾ ਭਗਤ ਵਾਲੇ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਰੂਬੀ ਸਿੱਧੂ, ਅਕਾਲੀ ਦਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਸਾਬਕਾ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਸਿਮਰਨਜੀਤ ਸਿੰਘ ਚੰਦੂਮਾਜਰਾ, ਗੁਰਦੁਆਰਾ ਤਾਲਮੇਲ ਕਮੇਟੀ ਦੀ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਹਰਦਿਆਲ ਸਿੰਘ ਮਾਨ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਹਰਬਿੰਦਰ ਸਿੰਘ ਸੈਣੀ, ਬਲਬੀਰ ਸਿੰਘ ਖਾਲਸਾ ਫੇਜ਼-11, ਤਰਲੋਚਨ ਸਿੰਘ, ਐਸਐਸ ਵਿਰਦੀ, ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਮਾਜ ਸੇਵੀ, ਰਾਜਸੀ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…